
ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿਤਾ ਸੱਦਾ
ਨੋਇਡਾ: ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਨੇਤਾ ਰਾਕੇਸ਼ ਟਿਕੈਤ ਨੇ ਬੁਧਵਾਰ ਨੂੰ ਕਿਹਾ ਕਿ ਦੇਸ਼ ’ਚ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਹੋ ਰਹੇ ਅੱਤਿਆਚਾਰਾਂ ’ਤੇ ਚਰਚਾ ਕਰਨ ਲਈ ਸਨਿਚਰਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ’ਚ ਇਕ ਮਹਾਪੰਚਾਇਤ ਕੀਤੀ ਜਾਵੇਗੀ। ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ ਅਤੇ ਹਰਿਆਣਾ ਦੇ ਕਿਸਾਨਾਂ ਅਤੇ ਬੀ.ਕੇ.ਯੂ. ਦੇ ਕਾਰਕੁਨਾਂ ਨੂੰ ਸਿਸੌਲੀ ਦੇ ‘ਕਿਸਾਨ ਭਵਨ’ ’ਚ ਹੋਣ ਵਾਲੀ ਮਹਾਪੰਚਾਇਤ ’ਚ ਸ਼ਾਮਲ ਹੋਣ ਦਾ ਸੱਦਾ ਦਿਤਾ ਗਿਆ ਹੈ।
ਟਿਕੈਤ ਨੇ ਫੇਸਬੁੱਕ ’ਤੇ ਇਕ ਪੋਸਟ ’ਚ ਕਿਹਾ, ‘‘ਤੁਸੀਂ ਸਾਰੇ ਕਿਸਾਨਾਂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਦੇਸ਼ ਦਿਤਾ ਜਾਂਦਾ ਹੈ ਕਿ ਕੌਮੀ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ 17 ਫ਼ਰਵਰੀ 2024 ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਕਿਸਾਨ ਭਵਨ ਸਿਸੌਲੀ ’ਚ ਮਹੀਨਾਵਾਰ ਪੰਚਾਇਤ ਕੀਤੀ ਜਾਵੇਗੀ, ਜਿਸ ’ਚ ਦੇਸ਼ ਦੀ ਮੌਜੂਦਾ ਸਥਿਤੀ ਅਤੇ ਅੰਦੋਲਨਕਾਰੀ ਕਿਸਾਨਾਂ ’ਤੇ ਹੋ ਰਹੇ ਅੱਤਿਆਚਾਰਾਂ ’ਤੇ ਚਰਚਾ ਕੀਤੀ ਜਾਵੇਗੀ।’’
ਉਨ੍ਹਾਂ ਕਿਹਾ ਕਿ ਇਸ ਮਹੀਨਾਵਾਰ ਪੰਚਾਇਤ ’ਚ ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ ਅਤੇ ਹਰਿਆਣਾ ਦੀਆਂ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਅਹੁਦੇਦਾਰ ਮੌਜੂਦ ਰਹਿਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਅਤੇ ਕਰਜ਼ਾ ਮੁਆਫੀ ਸਮੇਤ ਅਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ’ਤੇ ਦਬਾਅ ਬਣਾਉਣ ਲਈ ‘ਦਿੱਲੀ ਚਲੋ’ ਅੰਦੋਲਨ ਦੀ ਅਗਵਾਈ ਕਰ ਰਹੇ ਹਨ।