
ਪ੍ਰਧਾਨ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਮੀਟਿੰਗ ਵਿਚ ਲਿਆ ਗਿਆ ਫੈਸਲਾ
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸੀਬੀਐਸਈ ਬੋਰਡ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਸਾਂਝੀ ਕੀਤੀ ਗਈ ਹੈ।
CBSE Exam
ਸਿੱਖਿਆ ਮੰਤਰਾਲੇ ਨੇ ਦੱਸਿਆ ਕਿ 10ਵੀਂ ਜਮਾਤ ਦੇ ਨਤੀਜੇ ਬੋਰਡ ਵੱਲੋਂ ਤਿਆਰ ਕੀਤੇ ਗਏ ਮਾਪਦੰਡਾਂ ਦੇ ਅਧਾਰ ’ਤੇ ਤਿਆਰ ਕੀਤੇ ਜਾਣਗੇ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਬਾਅਦ ਵਿਚ ਹੋਣਗੀਆਂ। ਇਸ ਤੋਂ ਬਾਅਦ ਬੋਰਡ 1 ਜੂਨ ਨੂੰ ਸਥਿਤੀ ਦੀ ਸਮੀਖਿਆ ਕਰੇਗਾ।
Ramesh Pokhriyal
ਜਾਣਕਾਰੀ ਦਿੰਦਿਆਂ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ ਦੱਸਿਆ ਕਿ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅੰਦਰੂਨੀ ਮੁਲਾਂਕਣ ਦੇ ਅਧਾਰ ’ਤੇ ਅਗਲੀ ਕਲਾਸ ਵਿਚ ਭੇਜਿਆ ਜਾਵੇਗਾ। ਜੇਕਰ ਕੋਈ ਵਿਦਿਆਰਥੀ ਮੁਲਾਂਕਣ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਹ ਹਾਲਾਤ ਆਮ ਹੋਣ ਤੋਂ ਬਾਅਦ ਪ੍ਰੀਖਿਆ ਦੇ ਸਕਦਾ ਹੈ।ਦਰਅਸਲ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਕਾਫੀ ਸਮੇਂ ਤੋਂ ਬਹਿਸ ਚੱਲ ਰਹੀ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਸਿੱਖਿਆ ਮੰਤਰੀ ਅਤੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ, ਜਿਸ ਵਿਚ ਇਹ ਫੈਸਲਾ ਲਿਆ ਗਿਆ।
Board Exams for Class 10th cancelled & 12th postponed
ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਦੱਸਿਆ ਕਿ ਮੀਟਿੰਗ ਵਿਚ ਪੀਐਮ ਮੋਦੀ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਤਰਜੀਹ ਹੈ, ਇਸ ਲਈ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿਚ 4 ਮਈ 2021 ਨੂੰ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਸਨ ਪਰ ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪ੍ਰੀਖਿਆਵਾਂ ਨੂੰ ਰੱਦ ਕਰਨ ਜਾਂ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ।