
ਬੱਸਾਂ ਚੱਲੀਆਂ, ਬਾਜ਼ਾਰ ਖੁੱਲ੍ਹੇ, ਸਕੂਲਾਂ ਵਿਚ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਜਾਰੀ
ਹਰਿਆਣਾ - ਹਰਿਆਣਾ ਦੇ ਨੂਹ ਜ਼ਿਲ੍ਹੇ ਵਿਚ 31 ਜੁਲਾਈ ਨੂੰ ਹੋਈ ਹਿੰਸਾ ਦੇ 13 ਦਿਨ ਬਾਅਦ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ 14 ਅਤੇ 15 ਅਗਸਤ ਨੂੰ ਕਰਫਿਊ ਵਿਚ ਢਿੱਲ ਦਿੱਤੀ ਹੈ। ਅੱਜ ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ ਲੋਕਾਂ ਨੂੰ ਆਵਾਜਾਈ 'ਤੇ ਛੋਟ ਹੋਵੇਗੀ। ਦੱਸ ਦਈਏ ਕਿ ਹਿੰਸਾ ਵਾਲੇ ਦਿਨ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ 8 ਅਗਸਤ ਤੱਕ ਇੰਟਰਨੈੱਟ ਸੇਵਾ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤੀ ਸੀ। ਸਰਕਾਰ ਵੱਲੋਂ ਇਸ ਦਾ ਸਮਾਂ 13 ਅਗਸਤ ਤੱਕ ਵਧਾ ਦਿੱਤਾ ਗਿਆ ਸੀ ਪਰ 13 ਅਗਸਤ ਦੀ ਅੱਧੀ ਰਾਤ 12 ਵਜੇ ਤੋਂ ਬਾਅਦ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਸੀ।
ਇਸ ਦੇ ਨਾਲ ਹੀ ਹਿੰਸਾ ਦੇ 10 ਦਿਨਾਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਸਾਰੇ ਵਿਦਿਅਕ ਅਦਾਰੇ ਖੋਲ੍ਹਣ ਦੇ ਹੁਕਮ ਦਿੱਤੇ, ਜਿਸ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਗਈ ਹੈ। ਵਿਦਿਆਰਥੀ ਸਕੂਲਾਂ, ਕਾਲਜਾਂ ਅਤੇ ਕੋਚਿੰਗ ਸੈਂਟਰਾਂ ਵਿਚ ਜਾਂਦੇ ਦੇਖੇ ਗਏ। ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਵਿਚ ਅਧਿਆਪਕਾਂ ਦੀ ਹਾਜ਼ਰੀ ਵੀ ਯਕੀਨੀ ਬਣਾਈ ਜਾ ਰਹੀ ਹੈ। ਪਹਿਲਾਂ ਵਾਂਗ ਹੀ ਸਕੂਲਾਂ-ਕਾਲਜਾਂ ਵਿਚ ਪੜ੍ਹਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸਾਰੇ ਅਧਿਆਪਕ ਅਤੇ ਵਿਦਿਆਰਥੀ ਹੁਣ ਪਹਿਲਾਂ ਵਾਂਗ ਆਪਣੇ ਰੁਟੀਨ ਵਿਚ ਰੁੱਝੇ ਹੋਏ ਹਨ।
ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 15 ਅਗਸਤ ਨੂੰ ਹੋਣ ਵਾਲੇ ਇਸ ਪ੍ਰੋਗਰਾਮ ਲਈ ਵਿਦਿਆਰਥੀ ਸੱਭਿਆਚਾਰਕ ਪ੍ਰੋਗਰਾਮ ਅਤੇ ਡੰਬਲ ਅਤੇ ਪੀ.ਟੀ.ਸ਼ੋਅ ਵਰਗੇ ਪ੍ਰੋਗਰਾਮਾਂ ਦੀ ਤਿਆਰੀ ਵਿਚ ਜੁਟੇ ਹੋਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੇ ਪ੍ਰੋਗਰਾਮ ਲਈ ਪੁਲਿਸ ਪਰੇਡ ਯੂਨਿਟ ਵੀ ਤਿਆਰੀਆਂ ਕਰ ਰਹੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਤੋਂ ਬਾਅਦ ਹੁਣ ਬਾਜ਼ਾਰਾਂ ਵਿਚ ਪਹਿਲਾਂ ਵਾਂਗ ਚਮਕ ਪਰਤਣੀ ਸ਼ੁਰੂ ਹੋ ਗਈ ਹੈ। ਲੋਕ ਆਪਣਾ ਜ਼ਰੂਰੀ ਸਮਾਨ ਖਰੀਦਣ ਲਈ ਬਾਜ਼ਾਰਾਂ 'ਚ ਇਕੱਠੇ ਹੋਣ ਲੱਗੇ ਹਨ। ਖਰੀਦਦਾਰਾਂ ਦੀ ਗਿਣਤੀ ਵਧਣ ਕਾਰਨ ਬਾਜ਼ਾਰਾਂ ਵਿਚ ਰੌਣਕ ਹੈ। ਗਾਹਕਾਂ ਦੀ ਗਿਣਤੀ ਨੂੰ ਦੇਖਦਿਆਂ ਦੁਕਾਨਦਾਰਾਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਸ਼ਹਿਰੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੇ ਯਤਨਾਂ ਸਦਕਾ ਜ਼ਿਲ੍ਹੇ ਵਿਚ ਆਮ ਦਿਨਾਂ ਵਾਂਗ ਲੋਕ ਘਰਾਂ ਤੋਂ ਬਾਹਰ ਆ ਰਹੇ ਹਨ।
ਡਿਪਟੀ ਕਮਿਸ਼ਨਰ ਧੀਰੇਂਦਰ ਖਰਗਟਾ ਵੱਲੋਂ ਹਰਿਆਣਾ ਸਟੇਟ ਟਰਾਂਸਪੋਰਟ ਦੀਆਂ ਬੱਸਾਂ ਦੀ ਸੇਵਾ ਬਹਾਲ ਕੀਤੇ ਜਾਣ ਤੋਂ ਬਾਅਦ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਲੋਕਾਂ ਨੂੰ ਆਪਣੀ ਮੰਜ਼ਿਲ 'ਤੇ ਆਉਣ-ਜਾਣ 'ਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਬੱਸਾਂ ਦੇ ਬਹਾਲ ਹੋਣ ਨਾਲ ਸਕੂਲ-ਕਾਲਜ ਦੇ ਵਿਦਿਆਰਥੀਆਂ ਨੂੰ ਵੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਰੋਜ਼ੀ-ਰੋਟੀ ਲਈ ਇਧਰ-ਉਧਰ ਜਾਣ ਵਾਲੇ ਨਾਗਰਿਕਾਂ ਨੂੰ ਆਉਣ-ਜਾਣ ਵਿਚ ਕੋਈ ਦਿੱਕਤ ਨਹੀਂ ਆ ਰਹੀ ਹੈ।