
ਪੰਜਾਬ ’ਚ ਸਾਉਣੀ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ : ਕੇਂਦਰ
ਨਵੀਂ ਦਿੱਲੀ : ਕਾਂਗਰਸ ਨੇ ਝੋਨੇ ਦੀ ਫਸਲ ਦੇ ਭੰਡਾਰਨ ਦੇ ਵੱਧ ਰਹੇ ਸੰਕਟ ਨੂੰ ਲੈ ਕੇ ਸੋਮਵਾਰ ਨੂੰ ਕੇਂਦਰ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਦੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਇਹ ਸੂਬੇ ਦੀ ਆਰਥਕਤਾ ਨੂੰ ਤਬਾਹ ਕਰਨ ਦੀ ਯੋਜਨਾਬੱਧ ਸਾਜ਼ਸ਼ ਹੈ।
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨ ਵਾਲੇ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ। ਬਾਜਵਾ ਨੇ ਕਿਹਾ ਕਿ ਹਰ ਸਾਲ 1 ਅਕਤੂਬਰ ਤੋਂ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਭਗਵੰਤ ਮਾਨ ਅਪਣੀ ਨੀਂਦ ਤੋਂ ਦੇਰ ਨਾਲ ਜਾਗੇ ਹਨ।
ਇੱਥੇ ਕਾਂਗਰਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਮੁੱਖ ਨਕਦੀ ਫਸਲ ਝੋਨੇ ਦੀ ਹੈ। ਪੰਜਾਬ ’ਚ ਝੋਨੇ ਦਾ ਉਤਪਾਦਨ 180-185 ਲੱਖ ਮੀਟ੍ਰਿਕ ਟਨ ਹੈ, ਜਿਸ ’ਚੋਂ 99 ਫ਼ੀ ਸਦੀ ਕੇਂਦਰੀ ਪੂਲ ਅਤੇ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਨੂੰ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਹੀ ਸਮੱਸਿਆ ਪਿਛਲੇ ਸਾਲ ਵੀ ਪੈਦਾ ਹੋਈ ਸੀ ਜਦੋਂ ਪੰਜਾਬ ਦਾ ਚੌਲ ਇੱਥੇ ਗੋਦਾਮਾਂ ’ਚ ਪਿਆ ਸੀ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਖਰੀਦ ਹਰ ਸਾਲ 1 ਅਕਤੂਬਰ ਤੋਂ ਸ਼ੁਰੂ ਹੁੰਦੀ ਹੈ ਪਰ 14 ਦਿਨ ਬਾਅਦ ਵੀ ਸਿਰਫ 5 ਲੱਖ ਮੀਟ੍ਰਿਕ ਟਨ ਚੌਲ ਹੀ ਆਇਆ ਹੈ।
ਉਨ੍ਹਾਂ ਕਿਹਾ, ‘‘ਮੈਨੂੰ ਇਹ ਕਹਿੰਦੇ ਹੋਏ ਅਫਸੋਸ ਹੋ ਰਿਹਾ ਹੈ ਕਿ ਭਗਵੰਤ ਮਾਨ ਨੂੰ ਛੇ ਮਹੀਨੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜੋਸ਼ੀ ਨਾਲ ਮੁਲਾਕਾਤ ਕਰਨੀ ਚਾਹੀਦੀ ਸੀ ਕਿਉਂਕਿ ਸਾਡੇ ਗੋਦਾਮ ਭਰੇ ਹੋਏ ਹਨ ਅਤੇ ਉਨ੍ਹਾਂ ਦੀ ਸਮਰੱਥਾ ਪੰਜ ਫੀ ਸਦੀ ਵੀ ਨਹੀਂ ਹੈ।’’
ਕਾਂਗਰਸ ਨੇਤਾ ਨੇ ਕਿਹਾ, ‘‘... ਜੋਸ਼ੀ ਨੇ ਭਰੋਸਾ ਦਿਤਾ ਕਿ ਅਜਿਹੇ ਗੋਦਾਮਾਂ ’ਚ ਚੌਲਾਂ ਦਾ ਭੰਡਾਰ ਇਕ ਲੱਖ ਮੀਟ੍ਰਿਕ ਟਨ ਤਕ ਪਹੁੰਚਣ ’ਤੇ ਪੁਰਾਣੇ ਗੋਦਾਮਾਂ ਨੂੰ ਖਾਲੀ ਕਰ ਦਿਤਾ ਜਾਵੇਗਾ। ਗੋਦਾਮਾਂ ਨੂੰ ਚਾਰ ਮਹੀਨਿਆਂ ’ਚ ਖਾਲੀ ਨਹੀਂ ਕੀਤਾ ਜਾ ਸਕਦਾ, ਭਾਵੇਂ ਪੂਰਾ ਰੇਲਵੇ ਸਥਾਪਤ ਕੀਤਾ ਗਿਆ ਹੋਵੇ।’’ ਬਾਜਵਾ ਨੇ ਦਾਅਵਾ ਕੀਤਾ, ‘‘ਇਸ ਲਈ ਹੁਣ ਭਾਰੀ ਪ੍ਰਵਾਹ ਹੋਵੇਗਾ ਅਤੇ ਭੰਡਾਰਨ ਲਈ ਕੋਈ ਜਗ੍ਹਾ ਨਹੀਂ ਬਚੇਗੀ।’’
ਬਾਜਵਾ ਨੇ ਦੋਸ਼ ਲਾਇਆ ਕਿ ਇਹ ਸੱਭ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਭਗਵੰਤ ਮਾਨ ਦੀ ਪੰਜਾਬ ਦੀ ਆਰਥਕ ਤਾ ਨੂੰ ਤਬਾਹ ਕਰਨ ਦੀ ਯੋਜਨਾਬੱਧ ਸਾਜ਼ਸ਼ ਤਹਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦਕਿ ਸਾਨ ਸੜਕਾਂ ’ਤੇ ਉਤਰਨਗੇ ਤਾਂ ਇਸ ਨਾਲ ਕਾਨੂੰਨ ਵਿਵਸਥਾ ਦੀ ਸਥਿਤੀ ਵੀ ਪੈਦਾ ਹੋਵੇਗੀ।
ਉਨ੍ਹਾਂ ਕਿਹਾ, ‘‘ਪਿਛਲੇ ਸਮੇਂ ’ਚ ਜਦੋਂ ਖੇਤੀ ਸੰਕਟ ਸੀ ਤਾਂ ਕਾਨੂੰਨ ਵਿਵਸਥਾ ਵਿਗੜ ਗਈ ਸੀ। ਅਸੀਂ ਮੰਗ ਕਰਦੇ ਹਾਂ ਕਿ ਕੇਂਦਰ ਸਰਕਾਰ ਨੂੰ ਦਖਲ ਦੇਣਾ ਚਾਹੀਦਾ ਹੈ।’’
ਬਾਜਵਾ ਨੇ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਤੋਂ ਕੋਈ ਉਮੀਦ ਰੱਖਣ ਦਾ ਕੋਈ ਮਤਲਬ ਨਹੀਂ ਹੈ। ਉਹ ਇਕ ਤਜਰਬਾਹੀਣ, ਸਟੈਂਡ-ਅੱਪ ਕਾਮੇਡੀਅਨ ਹਨ, ਪੰਜਾਬ ਇਸ ਦੀ ਕੀਮਤ ਅਦਾ ਕਰ ਰਿਹਾ ਹੈ। ਉਨ੍ਹਾਂ ਦਾ ਇਕ ਹੱਥ ਕੇਜਰੀਵਾਲ ਨਾਲ ਹੈ ਅਤੇ ਦੂਜਾ ਗ੍ਰਹਿ ਮੰਤਰਾਲੇ ਨਾਲ।’’
ਪੰਜਾਬ ਦੇ ਕਿਸਾਨਾਂ ਨੇ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਕਥਿਤ ਤੌਰ ’ਤੇ ਢਿੱਲੀ ਖਰੀਦ ਦੇ ਵਿਰੋਧ ’ਚ ਐਤਵਾਰ ਨੂੰ ਰਾਜ ’ਚ ਕਈ ਥਾਵਾਂ ’ਤੇ ਸੜਕਾਂ ਜਾਮ ਕੀਤੀਆਂ ਅਤੇ ਧਰਨੇ ਦਿਤੇ।
ਝੋਨੇ ਦੀ ਹੌਲੀ ਖਰੀਦ ਨੂੰ ਲੈ ਕੇ ਕਿਸਾਨ 18 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ’ਚ ਝੋਨੇ ਦੀ ਹੌਲੀ ਖਰੀਦ ਦੇ ਵਿਰੋਧ ’ਚ ਕਿਸਾਨ ਆੜ੍ਹਤੀਆਂ ਅਤੇ ਰਾਈਸ ਮਿੱਲ ਮਾਲਕਾਂ ਨਾਲ ਮਿਲ ਕੇ 18 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣਗੇ।
ਇਹ ਫੈਸਲਾ ਇੱਥੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.), ਚੌਲ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀ ਮੀਟਿੰਗ ’ਚ ਲਿਆ ਗਿਆ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੱਤਰਕਾਰਾਂ ਨੂੰ ਦਸਿਆ ਕਿ ਪੰਜਾਬ ’ਚ ਝੋਨੇ ਦੀ ਫਸਲ ਭਰਪੂਰ ਮਾਤਰਾ ’ਚ ਹੈ। ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।
ਉਨ੍ਹਾਂ ਕਿਹਾ, ‘‘ਝੋਨੇ ਦੀ ਖਰੀਦ, ਜੋ 1 ਅਕਤੂਬਰ ਤਕ ਸ਼ੁਰੂ ਹੋਣੀ ਚਾਹੀਦੀ ਸੀ, ਅਜੇ ਤਕ ਸ਼ੁਰੂ ਨਹੀਂ ਹੋਈ ਹੈ। ਕਿਸਾਨਾਂ ਨੂੰ ਮੰਡੀਆਂ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।’’ ਉਨ੍ਹਾਂ ਨੇ ਇਸ ਦੇਰੀ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਉਨ੍ਹਾਂ ਕਿਹਾ ਕਿ 18 ਅਕਤੂਬਰ ਨੂੰ ਪੰਜਾਬ ਦੇ ਕਰੀਬ 1000 ਕਿਸਾਨ, ਆੜ੍ਹਤੀਏ, ਮਜ਼ਦੂਰ ਅਤੇ ਰਾਈਸ ਮਿੱਲ ਮਾਲਕ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਅਨਾਜ ਮੰਡੀਆਂ ਦਾ ਦੌਰਾ ਕਰਨਗੇ ਤਾਂ ਕਿਸਾਨ ਉਨ੍ਹਾਂ ਦਾ ਘਿਰਾਓ ਕਰਨਗੇ ਅਤੇ ਉਨ੍ਹਾਂ ਨੂੰ ਕਾਲੇ ਝੰਡੇ ਵਿਖਾ ਏਗਾ।
ਸੰਯੁਕਤ ਕਿਸਾਨ ਮੋਰਚਾ ਨੇ ਝੋਨੇ ਦੀ ਕਥਿਤ ਹੌਲੀ ਖਰੀਦ ਦੇ ਵਿਰੋਧ ’ਚ ਐਤਵਾਰ ਨੂੰ ਪੰਜਾਬ ’ਚ ਤਿੰਨ ਘੰਟਿਆਂ ਲਈ ਸੜਕ ਜਾਮ ਕਰ ਦਿਤੀ। ਰਾਈਸ ਮਿੱਲ ਮਾਲਕ ਅਤੇ ਆੜ੍ਹਤੀਏ ਵੀ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰ ਰਹੇ ਹਨ।
ਕੇਂਦਰ ਨੇ ਪੰਜਾਬ ਤੋਂ 185 ਲੱਖ ਟਨ ਝੋਨੇ ਦੀ ਖਰੀਦ ਕਰਨ ਦਾ ਭਰੋਸਾ ਦਿਤਾ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਉਹ ਸਾਉਣੀ ਮੰਡੀਕਰਨ ਸੀਜ਼ਨ 2024-25 ’ਚ ਪੰਜਾਬ ਤੋਂ 185 ਲੱਖ ਟਨ ਝੋਨੇ ਦੀ ਖਰੀਦ ਕਰੇਗੀ ਅਤੇ ਖਰੀਦ ਟੀਚੇ ਨੂੰ ਪੂਰਾ ਕਰਨ ਲਈ ਭੰਡਾਰਨ ਸਮਰੱਥਾ ਸਮੇਤ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਕੇਂਦਰੀ ਖੁਰਾਕ ਮੰਤਰਾਲੇ ਨੇ ਕਿਹਾ ਕਿ ਖਰੀਦ 1 ਅਕਤੂਬਰ ਨੂੰ ਸ਼ੁਰੂ ਹੋਈ ਸੀ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ, ਹਾਲਾਂਕਿ ਪੰਜਾਬ ਸਰਕਾਰ ਨੇ ਸੂਬੇ ’ਚ ਭੰਡਾਰਨ ਸਮਰੱਥਾ ਦੀ ਘਾਟ ਅਤੇ ਮਿੱਲ ਮਾਲਕਾਂ ਅਤੇ ਕਮਿਸ਼ਨ ਏਜੰਟਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ।
ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਸੂਬੇ ’ਚ ਸਾਉਣੀ ਮੰਡੀਕਰਨ ਸੀਜ਼ਨ 2024-25 ’ਚ ਚੱਲ ਰਹੀ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ।
ਇਕ ਸਰਕਾਰੀ ਬਿਆਨ ’ਚ ਕਿਹਾ ਗਿਆ, ‘‘ਪੰਜਾਬ ’ਚ ਝੋਨੇ ਦੀ ਖਰੀਦ 1 ਅਕਤੂਬਰ, 2024 ਤੋਂ ਸ਼ੁਰੂ ਹੋ ਗਈ ਹੈ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ’ਚ ਕਿਸੇ ਵੀ ਮੁਸ਼ਕਲ ਤੋਂ ਬਚਣ ਲਈ ਭੰਡਾਰਨ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।’’
ਬਿਆਨ ’ਚ ਕਿਹਾ ਗਿਆ ਹੈ, ‘‘ਇਸ ਸਾਲ 2024-25 ਲਈ ਭਾਰਤ ਸਰਕਾਰ ਨੇ ਪੰਜਾਬ ਤੋਂ 124 ਲੱਖ ਟਨ ਚੌਲਾਂ ਦੀ ਅਨੁਮਾਨਤ ਖਰੀਦ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿਤੀ ਹੈ, ਜੋ ਕਿ 185 ਲੱਖ ਟਨ ਝੋਨੇ ਦੇ ਬਰਾਬਰ ਹੈ ਅਤੇ ਭਾਰਤ ਸਰਕਾਰ ਬਿਨਾਂ ਕਿਸੇ ਪਾਬੰਦੀ ਦੇ ਸੂਬੇ ਤੋਂ ਝੋਨੇ ਦੀ ਖਰੀਦ ਕਰ ਰਹੀ ਹੈ।’’
ਇਸ ਸਾਲ ਝੋਨੇ ਦੀ ਖਰੀਦ ਲਈ ਪੰਜਾਬ ’ਚ ਇਸ ਸਮੇਂ 2200 ਤੋਂ ਵੱਧ ਮੰਡੀਆਂ ਕੰਮ ਕਰ ਰਹੀਆਂ ਹਨ ਅਤੇ 13 ਅਕਤੂਬਰ ਤਕ ਲਗਭਗ ਸੱਤ ਲੱਖ ਟਨ ਝੋਨੇ ਦੀ ਕੁਲ ਆਮਦ ’ਚੋਂ ਕੇਂਦਰੀ ਪੂਲ ਲਈ ਲਗਭਗ 6 ਲੱਖ ਟਨ ਝੋਨੇ ਦੀ ਖਰੀਦ ਕੀਤੀ ਜਾ ਚੁਕੀ ਹੈ। ਝੋਨੇ ਦੀ ਖਰੀਦ ਆਮ ਤੌਰ ’ਤੇ 30 ਨਵੰਬਰ, 2024 ਤਕ ਜਾਰੀ ਰਹੇਗੀ।
ਬਿਆਨ ਕਿਹਾ ਗਿਆ ਹੈ, ‘‘ਕਮਿਸ਼ਨ ਫੀਸ ਦੀਆਂ ਦਰਾਂ ’ਚ ਸੋਧ ਸਰਕਾਰ ਦੇ ਸਰਗਰਮ ਵਿਚਾਰ ਅਧੀਨ ਹੈ ਅਤੇ ਇਸ ਮਾਮਲੇ ’ਚ ਛੇਤੀ ਹੀ ਫੈਸਲਾ ਲਿਆ ਜਾਵੇਗਾ।’’