ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਖੰਨਾ ਖੁਰਦ ਦੇ ਰਹਿਣ ਵਾਲੇ ਰਾਜੇਸ਼ ਕੁਮਾਰ (30) ਵਜੋਂ ਹੋਈ ਹੈ।
ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਾਸ਼ਟਰੀ ਰਾਜਧਾਨੀ ਦੇ ਅਲੀਪੁਰ ਵਿਚ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿਚੋਂ 30 ਕਿਲੋਗ੍ਰਾਮ ਮਲਾਨਾ ਕਰੀਮ ਜਿਸ ਨੂੰ ‘ਹਸ਼ੀਸ਼’ ਵੀ ਕਿਹਾ ਜਾਂਦਾ ਹੈ, ਜ਼ਬਤ ਕੀਤਾ ਹੈ। ਬਾਜ਼ਾਰ ਵਿਚ ਇਸ ਦੀ ਕੀਮਤ 18 ਕਰੋੜ ਰੁਪਏ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਖੰਨਾ ਖੁਰਦ ਦੇ ਰਹਿਣ ਵਾਲੇ ਰਾਜੇਸ਼ ਕੁਮਾਰ (30) ਵਜੋਂ ਹੋਈ ਹੈ।
ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਵਰਤੀ ਜਾਣ ਵਾਲੀ ਬੋਲੈਰੋ ਪਿਕਅੱਪ ਵੀ ਜ਼ਬਤ ਕੀਤੀ ਹੈ। ਨਸ਼ਾ ਤਸਕਰ ਦੀ ਗ੍ਰਿਫਤਾਰੀ ਦੇ ਨਾਲ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ ਅਤੇ ਇਸ ਦੇ ਨੇੜਲੇ ਖੇਤਰਾਂ ਵਿਚ ਕੰਮ ਕਰ ਰਹੇ ਇਕ ਅੰਤਰਰਾਜੀ ਨਸ਼ਾ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਨੇ ਕਿਹਾ ਕਿ ਸਿੰਡੀਕੇਟ ਨੇ ਪਿਛਲੇ ਤਿੰਨ ਮਹੀਨਿਆਂ ਵਿਚ ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਵਿਚ 28 ਕਰੋੜ ਰੁਪਏ ਤੋਂ ਵੱਧ ਕੀਮਤ ਦੀ 45 ਕਿਲੋਗ੍ਰਾਮ 'ਮਲਾਨਾ ਕਰੀਮ' ਵੇਚੀ ਹੈ। ਪੁਲਿਸ ਦੇ ਡਿਪਟੀ ਕਮਿਸ਼ਨਰ (ਸਪੈਸ਼ਲ ਸੈੱਲ) ਪ੍ਰਮੋਦ ਸਿੰਘ ਕੁਸ਼ਵਾਹਾ ਅਨੁਸਾਰ ਨਵੰਬਰ ਦੇ ਦੂਜੇ ਹਫ਼ਤੇ ਸੂਚਨਾ ਮਿਲੀ ਸੀ ਕਿ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਤਸਕਰ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ "ਮਲਾਨਾ ਕਰੀਮ" ਦੀ ਸਪਲਾਈ ਕਰ ਰਹੇ ਹਨ। ਇਸ ਦੌਰਾਨ ਕਾਰਵਾਈ ਕਰਦਿਆਂ ਪੁਲਿਸ ਨੇ ਰਾਜੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ।