
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਈਡੀ ਨੇ ਉਹਨਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ ਵਿਚ ਲਿਆ ਹੈ।
ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ। ਅੰਸਾਰੀ ਅਜੇ ਵੀ ਜੇਲ੍ਹ ਵਿਚ ਹਨ। ਉਸ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੀ ਇਕ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪੰਜ ਵਾਰ ਵਿਧਾਇਕ ਰਹਿ ਚੁੱਕੇ ਅੰਸਾਰੀ ਉੱਤਰ ਪ੍ਰਦੇਸ਼ ਦੇ ਬਾਂਦਾ ਦੀ ਜੇਲ੍ਹ ਵਿਚ ਬੰਦ ਹਨ। ਈਡੀ ਨੇ ਪਿਛਲੇ ਸਾਲ ਇਸ ਮਾਮਲੇ ਵਿਚ 59 ਸਾਲਾ ਆਗੂ ਤੋਂ ਪੁੱਛਗਿੱਛ ਕੀਤੀ ਸੀ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਈਡੀ ਨੇ ਉਹਨਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ ਵਿਚ ਲਿਆ ਹੈ। ਉਸ ਨੂੰ ਏਜੰਸੀ ਵੱਲੋਂ ਜਾਰੀ ਪ੍ਰੋਡਕਸ਼ਨ ਵਾਰੰਟ ਦੇ ਆਧਾਰ 'ਤੇ ਪ੍ਰਯਾਗਰਾਜ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਸੰਘੀ ਜਾਂਚ ਏਜੰਸੀ ਨੇ ਉਹਨਾਂ ਦੇ ਵਿਧਾਇਕ ਪੁੱਤਰ ਅੱਬਾਸ ਅੰਸਾਰੀ ਨੂੰ ਵੀ ਪ੍ਰਯਾਗਰਾਜ ਸਥਿਤ ਉਹਨਾਂ ਦੇ ਦਫ਼ਤਰ 'ਚ ਪੁੱਛਗਿੱਛ ਤੋਂ ਬਾਅਦ ਨਵੰਬਰ 'ਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਮੁਖਤਾਰ ਅੰਸਾਰੀ ਦੇ ਰਿਸ਼ਤੇਦਾਰ ਆਤਿਫ ਰਜ਼ਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਈਡੀ ਨੇ ਮੁਖਤਾਰ ਅੰਸਾਰੀ ਦੀ ਪਤਨੀ ਅਫਸਾਨ ਅੰਸਾਰੀ ਨੂੰ ਪੁੱਛਗਿੱਛ ਲਈ ਬੁਲਾਏ ਜਾਣ ਦੇ ਬਾਵਜੂਦ ਪੇਸ਼ ਨਾ ਹੋਣ 'ਤੇ ਉਸ ਵਿਰੁੱਧ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਸੀ।
ਮੁਖਤਾਰ ਅੰਸਾਰੀ ਦੇ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਉੱਤਰ ਪ੍ਰਦੇਸ਼ ਪੁਲਿਸ ਦੁਆਰਾ ਦਰਜ ਕੀਤੀਆਂ ਗਈਆਂ ਕਈ ਐਫਆਈਆਰਜ਼ ਤੋਂ ਨਿਕਲਦਾ ਹੈ। ਇਸ ਤੋਂ ਇਲਾਵਾ ਵਿਕਾਸ ਕੰਸਟਰਕਸ਼ਨ ਨਾਮ ਦੀ ਕੰਪਨੀ, ਜਿਸ ਨੂੰ ਅੰਸਾਰੀ ਦੀ ਪਤਨੀ, ਆਤਿਫ ਰਜ਼ਾ ਸਮੇਤ ਦੋ ਰਿਸ਼ਤੇਦਾਰਾਂ ਦੁਆਰਾ ਚਲਾਇਆ ਜਾਂਦਾ ਸੀ, ਦੇ ਖਿਲਾਫ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਮੁਖਤਾਰ ਅੰਸਾਰੀ ਜ਼ਮੀਨ ਹੜੱਪਣ, ਕਤਲ ਅਤੇ ਜਬਰੀ ਵਸੂਲੀ ਸਮੇਤ ਉਸ ਦੇ ਖਿਲਾਫ ਦਰਜ ਕੀਤੇ ਗਏ ਘੱਟੋ-ਘੱਟ 49 ਅਪਰਾਧਿਕ ਮਾਮਲਿਆਂ ਦੇ ਸਬੰਧ ਵਿਚ ਈਡੀ ਦੀ ਜਾਂਚ ਦੇ ਘੇਰੇ ਵਿਚ ਹੈ। ਉਹ ਉੱਤਰ ਪ੍ਰਦੇਸ਼ ਵਿਚ ਕਤਲ ਦੀ ਕੋਸ਼ਿਸ਼ ਅਤੇ ਕਤਲ ਸਮੇਤ ਕਈ ਮਾਮਲਿਆਂ ਵਿਚ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ।
ਈਡੀ ਨੇ ਇਸ ਸਾਲ ਮੁਖਤਾਰ ਅੰਸਾਰੀ ਦੀਆਂ 1.48 ਕਰੋੜ ਰੁਪਏ ਦੀਆਂ ਸੱਤ ਅਚੱਲ ਜਾਇਦਾਦਾਂ ਕੁਰਕ ਕੀਤੀਆਂ ਸਨ। ਅਗਸਤ 'ਚ ਏਜੰਸੀ ਨੇ ਮੁਖਤਾਰ ਅੰਸਾਰੀ ਦੇ ਵੱਡੇ ਭਰਾ ਅਤੇ ਬਹੁਜਨ ਸਮਾਜ ਪਾਰਟੀ ਦੇ ਸੰਸਦ ਮੈਂਬਰ ਅਫਜ਼ਲ ਅੰਸਾਰੀ ਦੇ ਦਿੱਲੀ ਸਥਿਤ ਸਰਕਾਰੀ ਰਿਹਾਇਸ਼ ਅਤੇ ਗਾਜ਼ੀਪੁਰ, ਮਊ ਜ਼ਿਲਿਆਂ ਅਤੇ ਲਖਨਊ 'ਚ ਕੁਝ ਥਾਵਾਂ 'ਤੇ ਵੀ ਛਾਪੇਮਾਰੀ ਕੀਤੀ ਸੀ। ਪੁਲਿਸ ਅਨੁਸਾਰ ਗਾਜ਼ੀਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਖਤਾਰ ਅੰਸਾਰੀ ਦੀ ਕਥਿਤ ਗੈਰ-ਕਾਨੂੰਨੀ ਕਮਾਈ ਨਾਲ ਖਰੀਦੇ ਗਏ 6 ਕਰੋੜ ਰੁਪਏ ਤੋਂ ਵੱਧ ਦੇ ਦੋ ਪਲਾਟ ਵੀ ਕੁਰਕ ਕੀਤੇ ਸਨ। ਜੁਲਾਈ ਵਿੱਚ, ਉੱਤਰ ਪ੍ਰਦੇਸ਼ ਪੁਲਿਸ ਨੇ ਗੈਂਗਸਟਰ ਐਕਟ ਦੇ ਤਹਿਤ ਅਫਜ਼ਲ ਅੰਸਾਰੀ ਦੀ 14.90 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ।