
ਮਾਨਸੂਨ ਇਜਲਾਸ ਦੇ ਦੂਜੇ ਦਿਨ ਸੰਸਦ ਵਿਚ ਲੌਕਡਾਊਨ ਦੌਰਾਨ ਬੇਰੁਜ਼ਗਾਰ ਹੋਏ ਲੋਕਾਂ ਦਾ ਮੁੱਦਾ ਚੁੱਕਿਆ ਗਿਆ।
ਨਵੀਂ ਦਿੱਲੀ: ਮਾਨਸੂਨ ਇਜਲਾਸ ਦੇ ਦੂਜੇ ਦਿਨ ਸੰਸਦ ਵਿਚ ਲੌਕਡਾਊਨ ਦੌਰਾਨ ਬੇਰੁਜ਼ਗਾਰ ਹੋਏ ਲੋਕਾਂ ਦਾ ਮੁੱਦਾ ਚੁੱਕਿਆ ਗਿਆ। ਰਾਜ ਸਭਾ ਵਿਚ ਸਪਾ ਦੇ ਮੈਂਬਰ ਰਾਮ ਗੋਪਾਲ ਯਾਦਵ ਨੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਵੱਡੇ ਪੱਧਰ 'ਤੇ ਲੋਕਾਂ ਦੇ ਬੇਰੁਜ਼ਗਾਰ ਹੋਣ ਅਤੇ ਉਹਨਾਂ ਵਿਚ ਵਧ ਰਹੀਆਂ ਖੁਦਕੁਸ਼ੀਆਂ ਦਾ ਮਾਮਲਾ ਚੁੱਕਿਆ।
Unemployment
ਗੋਪਾਲ ਯਾਦਵ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਕੀਤੇ ਗਏ ਲੌਕਡਾਊਨ ਕਾਰਨ ਅਪਣੀਆਂ ਨੌਕਰੀਆਂ ਗਵਾਉਣ ਵਾਲੇ ਲੋਕਾਂ ਨੂੰ ਹਰ ਮਹੀਨੇ 15 ਹਜ਼ਾਰ ਦੇਣ ਲਈ ਸਰਕਾਰ ਨੂੰ ਬੇਨਤੀ ਕੀਤੀ। ਸਪਾ ਸੰਸਦ ਮੈਂਬਰ ਨੇ ਕਿਹਾ ਕਿ ਲੌਕਡਾਊਨ ਕਾਰਨ ਕਰੋੜਾਂ ਲੋਕਾਂ ਦੀਆਂ ਜ਼ਿੰਦਗੀਆਂ ਪ੍ਰਭਾਵਿਤ ਹੋਈਆਂ ਹਨ ਅਤੇ ਉਹਨਾਂ ਨੂੰ ਰੋਜ਼ੀ ਰੋਟੀ ਲਈ ਵੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Ram Gopal Yadav
ਅਜਿਹੇ ਵਿਚ ਕਈ ਬੱਚੇ ਪੜ੍ਹਾਈ ਲਿਖਾਈ ਤੋਂ ਦੂਰ ਹੋ ਗਏ ਹਨ। ਉਹਨਾਂ ਕਿਹਾ ਕਿ ਮਹਾਂਮਾਰੀ ਦੇ ਕਾਰਨ ਲੋਕਾਂ ਵਿਚ ਮਾਨਸਿਕ ਤਣਾਅ ਅਤੇ ਨਿਰਾਸ਼ਾ ਵਧਦੀ ਜਾ ਰਹੀ ਹੈ। ਅਜਿਹੇ ਵਿਚ ਲੋਕ ਆਤਮ ਹੱਤਿਆ ਵੱਲ ਵਧ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜੇਕਰ ਇਹਨਾਂ ਲੋਕਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣ ਤਾਂ ਇਹਨਾਂ ਨੂੰ ਸਹਾਰਾ ਮਿਲ ਸਕੇਗਾ।
Parliament
ਇਸ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਨੇਤਾ ਆਨੰਦ ਸ਼ਰਮਾ ਨੇ ਵੀ ਮਾਨਸਿਕ ਸਿਹਤ ਅਤੇ ਆਤਮ-ਹੱਤਿਆ ਨਾਲ ਸਬੰਧਤ ਮੁੱਦਾ ਚੁੱਕਦੇ ਹੋਏ ਕਿਹਾ ਕਿ ਭਾਰਤ ਵਿਚ ਕੋਵਿਡ-19 ਕਾਰਨ ਸਥਿਤੀ ਹੋਰ ਗੰਭੀਰ ਹੋ ਗਈ ਹੈ। ਉਹਨਾਂ ਨੇ ਕਿਹਾ ਕਿ ਇਕ ਅਨੁਮਾਨ ਮੁਤਾਬਕ ਹਰ ਸਾਲ ਦੁਨੀਆਂ ਭਰ ਵਿਚ 8 ਲੱਖ ਲੋਕ ਆਤਮ ਹੱਤਿਆਕਰ ਲੈਂਦੇ ਹਨ ਅਤੇ ਭਾਰਤ ਵਿਚ ਇਹ ਗਿਣਤੀ ਕਰੀਬ 1.39 ਲੱਖ ਹੈ।
Congress leader Anand Sharma
ਉਹਨਾਂ ਨੇ ਕਿਹਾ ਕਿ ਇਸ ਦਾ ਅਰਥ ਹੈ ਕਿ ਆਤਮ ਹੱਤਿਆ ਦੀਆਂ ਕੁੱਲ ਘਟਨਾਵਾਂ ਵਿਚੋਂ 15 ਫੀਸਦੀ ਭਾਰਤ ਵਿਚ ਹੁੰਦੀਆਂ ਹਨ। ਉਹਨਾਂ ਕਿਹਾ ਕਿ ਰਿਪੋਰਟ ਅਨੁਸਾਰ 2019 ਵਿਚ ਭਾਰਤ ਅਜਿਹੇ ਮਾਮਲਿਆਂ ਦੀ ਗਿਣਤੀ ਚਾਰ ਫੀਸਦੀ ਵਧ ਗਈ ਹੈ। ਉਹਨਾਂ ਕਿਹਾ ਕਿ ਭਾਰਤ ਵਿਚ ਸਾਢੇ ਤਿੰਨ ਮਿੰਟ ਵਿਚ ਆਤਮ ਹੱਤਿਆ ਦੀ ਇਕ ਘਟਨਾ ਹੁੰਦੀ ਹੈ, ਜੋ ਕਿ ਕਾਫ਼ੀ ਦੁਖਦਾਈ ਹੈ।
Lockdown
ਆਨੰਦ ਸ਼ਰਮਾ ਨੇ ਕਿਹਾ ਕਿ ਇਕ ਰਿਪੋਰਟ ਅਨੁਸਾਰ ਭਾਰਤ ਵਿਚ ਹਰ ਸੱਤ ਵਿਚੋਂ ਇਕ ਵਿਅਕਤੀ ਤਣਾਅ ਦਾ ਸ਼ਿਕਾਰ ਹੋਣ ਦਾ ਅਨੁਮਾਨ ਹੈ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਸਕੂਲੀ ਬੱਚਿਆਂ ਅਤੇ ਵਿਦਿਆਰਥੀਆਂ ਵਿਚ ਤਣਾਅ ਦੀ ਸਮੱਸਿਆ ਤੇਜ਼ੀ ਨਾਲ ਵਧੀ ਹੈ। ਉਹਨਾਂ ਨੇ ਸਰਕਾਰ ਨੂੰ ਇਸ ਸਬੰਧੀ ਠੋਸ ਨੀਤੀ ਬਣਾਉਣ ਅਤੇ ਲੋੜੀਦੇ ਕਦਮ ਚੁੱਕਣ ਦੀ ਅਪੀਲ ਕੀਤੀ।