
ਸ਼੍ਰੋਮਣੀ ਕਮੇਟੀ ਮਾਮਲੇ ਦਾ ਗੰਭੀਰ ਨੋਟਿਸ ਲੈ ਕੇ ਸੈਮੀਨਾਰ ਵਾਲੀ ਥਾਂ ਤਬਦੀਲ ਕਰਾਵੇ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਦਲ ਬਾਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਵੱਲੋਂ ਦਿੱਲੀ ਹੈਬੀਟੈਟ ਸੈਂਟਰ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਤੇ ਕਿਹਾ ਹੈ ਕਿ ਜਿਸ ਥਾਂ ’ਤੇ ਸ਼ਰਾਬ ਤੇ ਮੀਟ ਦਾ ਸੇਵਨ ਹੁੰਦਾ ਹੋਵੇ, ਉਸ ਥਾਂ ’ਤੇ ਸੈਮੀਨਾਰ ਕਰਵਾਉਣਾ ਬਹੁਤ ਹੀ ਸ਼ਰਮਨਾਕ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੈਮੀਨਾਰ ਰੱਖਵਾਇਆ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਹਨਾਂ ਕਿਹਾ ਕਿ ਹੋਰ ਵੀ ਮੰਦਭਾਗਾ ਇਹ ਹੈ ਕਿ ਸੈਮੀਨਾਰ ਵਿਚ ਸਵਾਗਤੀ ਭਾਸ਼ਣ ਸੁਖਬੀਰ ਸਿੰਘ ਬਾਦਲ ਦੇਣਗੇ ਤੇ ਉਸ ਮਗਰੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗਡਗੱਜ ਦਾ ਸੰਬੋਧਨ ਰੱਖਿਆ ਗਿਆ ਹੈ। ਇਸ ਮਗਰੋਂ ਕਿਤੇ ਬਾਅਦ ਵਿਚ ਜਾ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸੰਬੋਧਨ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਪਤਾ ਲੱਗਾ ਹੈ ਕਿ ਮਨਜੀਤ ਸਿੰਘ ਜੀ.ਕੇ. ਨੇ ਪੋਸਟਰਾਂ ਵਿਚੋਂ ਆਪਣਾ ਨਾਂ ਕਟਵਾ ਦਿੱਤਾ ਹੈ ਤੇ ਪ੍ਰੋਗਰਾਮ ਇਥੇ ਕਰਨ ਦਾ ਵਿਰੋਧ ਕੀਤਾ ਹੈ।
ਉਹਨਾਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਅਤੇ ਇਸ ਸੈਮੀਨਾਰ ਦੀ ਥਾਂ ਤਬਦੀਲ ਕੀਤੀ ਜਾਵੇ। ਉਹਨਾਂ ਪੇਸ਼ਕਸ਼ ਕੀਤੀ ਕਿ ਦਿੱਲੀ ਕਮੇਟੀ ਅਧੀਨ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸਮੇਤ ਅਨੇਕਾਂ ਵਿਦਿਅਕ ਅਦਾਰਿਆਂ ਵਿਚ ਸੈਮੀਨਾਰ ਹਾਲ ਹਨ ਜਿਥੇ ਇਹ ਸੈਮੀਨਾਰ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਅਸੀਂ ਸ਼੍ਰੋਮਣੀ ਕਮੇਟੀ ਨੂੰ ਪੂਰਨ ਸਹਿਯੋਗ ਦੇਣ ਵਾਸਤੇ ਤਿਆਰ ਹਾਂ ਬਸ਼ਰਤੇ ਕਿ ਇਸ ਵਿਚ ਸਿਰਫ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਸੰਬੋਧਨ ਕਰਨ ਅਤੇ ਸੁਖਬੀਰ ਬਾਦਲ ਸਮੇਤ ਕੋਈ ਵੀ ਸਿਆਸੀ ਆਗੂ ਸਟੇਜ ਤੋਂ ਸੰਬੋਧਨ ਨਾ ਕਰੇ।
ਇਕ ਹੋਰ ਮਾਮਲੇ ਦਾ ਖੁੱਲ੍ਹਾਸਾ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ 24 ਅਤੇ 25 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਜਾਇਆ ਜਾ ਰਿਹਾ ਨਗਰ ਕੀਰਤਨ ਗੁਰਦੁਆਰਾ ਨਾਨਕ ਪਿਆਊ ਵਿਖੇ ਪਹੁੰਚ ਰਿਹਾ ਹੈ। ਇਸਦੇ ਪੋਸਟਰ ਵੀ ਪਰਮਜੀਤ ਸਿੰਘ ਸਰਨਾ ਨੇ ਤਿਆਰ ਕਰਵਾਏ ਪਰ ਇਸ ਬਾਰੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਉਹਨਾਂ ਦੱਸਿਆ ਕਿ ਜਦੋਂ ਉਹਨਾਂ ਨੇ ਇਸਦੇ ਪੋਸਟਰ ਵੇਖੇ ਤਾਂ ਉਹਨਾਂ ਖੁਦ ਐਡਵੋਕੇਟ ਧਾਮੀ ਨਾਲ ਸੰਪਰਕ ਕੀਤਾ ਜਿਹਨਾਂ ਨੇ ਅੱਜ ਹੀ ਦਿੱਲੀ ਗੁਰਦੁਆਰਾ ਕਮੇਟੀ ਨੂੰ ਪੱਤਰ ਭੇਜ ਕੇ ਸਹਿਯੋਗ ਮੰਗਿਆ ਹੈ ਜੋ ਪੂਰੀ ਤਰ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸੰਗਤ ਦਾ ਸਤਿਕਾਰ ਕਰਨਾ ਸਾਡੀ ਜ਼ਿੰਮੇਵਾਰੀ ਹੈ ਤੇ ਅਸੀਂ ਪੂਰੀ ਜ਼ਿੰਮੇਵਾਰੀ ਨਿਭਾਵਾਂਗੇ।
ਉਹਨਾਂ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਉਹਨਾਂ ਦੀ ਐਡਵੋਕੇਟ ਧਾਮੀ ਤੇ ਸ਼੍ਰੋਮਣੀ ਕਮੇਟੀ ਦੇ ਵਫਦ ਨਾਲ ਬਹੁਤ ਹੀ ਚੰਗੇ ਮਾਹੌਲ ਵਿਚ ਗੱਲਬਾਤ ਹੋਈ ਜਿਸ ਦੌਰਾਨ ਉਹਨਾਂ ਨੈ ਐਡਵੋਕੇਟ ਧਾਮੀ ਨੂੰ ਦਿੱਲੀ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਹੋ ਰਹੇ ਸਮਾਗਮਾਂ ਲਈ ਸੱਦਾ ਪੱਤਰ ਵੀ ਦਿੱਤਾ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਸਮਾਗਮਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਆਪਸ ਵਿਚ ਪੂਰਨ ਸਹਿਯੋਗ ਕਰ ਰਹੀਆਂ ਹਨ ਪਰ ਪਰਮਜੀਤ ਸਿੰਘ ਸਰਨਾ ਵਰਗੇ ਆਗੂਆਂ ਨੂੰ ਇਹ ਤਾਲਮੇਲ ਰਾਸ ਨਹੀਂ ਆ ਰਿਹਾ ਤੇ ਉਹ ਇਹਨਾਂ ਇਤਿਹਾਸਕ ਦਿਹਾੜਿਆਂ ਵਿਚ ਵੀ ਰੁਕਾਵਟਾਂ ਪਾਉਣ ਲੱਗੇ ਹੋਏ ਹਨ ਜਿਸਦੀ ਜਿੰਨੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਉਹਨਾਂ ਕਿਹਾ ਕਿ ਪਰਮਜੀਤ ਸਿੰਘ ਸਰਨਾ ਦੋ-ਦੋ ਸੰਗਰਾਂਦਾ ਤੇ ਦੋ-ਦੋ ਗੁਰਪੁਰਬ ਮਨਾਉਣ ਦੀ ਆਪਣੀ ਪੁਰਾਣੀ ਆਦਤ ਛੱਡ ਨਹੀਂ ਰਹੇ ਤੇ ਪੰਥ ਵਿਚ ਦੁਬਿਧਾ ਪੈਦਾ ਕਰਨ ਦੇ ਯਤਨ ਕਰ ਰਹੇ ਹਨ।