
ਮੁਲਜ਼ਮਾਂ ਨੂੰ ਲਿਜਾ ਰਹੀਆਂ ਗੱਡੀਆਂ ’ਤੇ ਪੱਥਰਬਾਜ਼ੀ
ਗੁਹਾਟੀ: ਜ਼ੁਬੀਨ ਗਰਗ ਦੀ ਮੌਤ ਦੇ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ ਪੰਜ ਮੁਲਜ਼ਮਾਂ ਨੂੰ ਲਿਜਾ ਰਹੀਆਂ ਗੱਡੀਆਂ ਉਤੇ ਬੁਧਵਾਰ ਜੇਲ੍ਹ ਦੇ ਬਾਹਰ ਇਕੱਠੇ ਕੁੱਝ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ ਕੀਤੀ, ਜਿਸ ਕਾਰਨ ਅਸਾਮ ਪੁਲਿਸ ਨੂੰ ਭੀੜ ਨੂੰ ਕਾਬੂ ਕਰਨ ਲਈ ਲਾਠੀਚਾਰਜ ਕਰਨਾ ਪਿਆ।
ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਪੱਥਰਬਾਜ਼ੀ ਵਿਚ ਇਕ ਮਹਿਲਾ ਪੁਲਿਸ ਮੁਲਾਜ਼ਮ ਸਮੇਤ ਕੁੱਝ ਲੋਕ ਜ਼ਖਮੀ ਹੋ ਗਏ ਅਤੇ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ, ਜਦਕਿ ਪ੍ਰਦਰਸ਼ਨਾਂ ਨੂੰ ਕਵਰ ਕਰਨ ਗਏ ਕੁੱਝ ਪੱਤਰਕਾਰਾਂ ਨੂੰ ਵੀ ਪੱਥਰਾਂ ਨਾਲ ਮਾਰਿਆ ਗਿਆ।
ਪੁਲਿਸ ਅਧਿਕਾਰੀ ਨੇ ਦਸਿਆ ਕਿ ਮੁਸਲਪੁਰ ਇਲਾਕੇ ਦੀ ਜੇਲ ਦੇ ਬਾਹਰ ਵੱਡੀ ਗਿਣਤੀ ’ਚ ਪ੍ਰਦਰਸ਼ਨਕਾਰੀ ਇਕੱਠੇ ਹੋਏ ਅਤੇ ਜੇਲ ’ਚ ਬੰਦ ਮੁਲਜ਼ਮਾਂ ਨੂੰ ਲੈ ਕੇ ਜਾ ਰਹੇ ਗੱਡੀਆਂ ਦਾ ਕਾਫਲਾ ਪਹੁੰਚਦਿਆਂ ਹੀ ਉਨ੍ਹਾਂ ਨੇ ਗੱਡੀਆਂ ਉਤੇ ਪੱਥਰਬਾਜ਼ੀ ਸ਼ੁਰੂ ਕਰ ਦਿਤੀ। ਕਈਆਂ ਨੇ ਇਹ ਵੀ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਲੋਕਾਂ ਦੇ ਹਵਾਲੇ ਕੀਤਾ ਜਾਵੇ ਤਾਂ ਜੋ ‘ਜ਼ੁਬੀਨ ਲਈ ਇਨਸਾਫ’ ਯਕੀਨੀ ਬਣਾਇਆ ਜਾ ਸਕੇ।