ਜਦੋਂ ਕੇਂਦਰੀ ਮੰਤਰੀ ਨੂੰ ਪੱਤਰਕਾਰਾਂ ਵਲੋਂ ਉਹਨਾਂ ਦੇ ਪੁੱਤਰ ਆਸ਼ੀਸ਼ ਮਿਸ਼ਰਾ ਬਾਰੇ ਸਵਾਲ ਕੀਤਾ ਗਿਆ ਤਾਂ ਉਹ ਭੜਕ ਗਏ।
ਲਖੀਮਪੁਰ: ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਇਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਏ ਹਨ। ਦਰਅਸਲ ਜਦੋਂ ਕੇਂਦਰੀ ਮੰਤਰੀ ਨੂੰ ਪੱਤਰਕਾਰਾਂ ਵਲੋਂ ਉਹਨਾਂ ਦੇ ਪੁੱਤਰ ਆਸ਼ੀਸ਼ ਮਿਸ਼ਰਾ ਬਾਰੇ ਸਵਾਲ ਕੀਤਾ ਗਿਆ ਤਾਂ ਉਹ ਭੜਕ ਗਏ। ਮੰਤਰੀ ਨੇ ਉੱਥੇ ਮੌਜੂਦ ਪੱਤਰਕਾਰਾਂ ਦਾ ਮਾਈਕ ਫੜ੍ਹ ਲਿਆ ਅਤੇ ਉਹਨਾਂ ਨੇ ਗਾਲ੍ਹਾਂ ਕੱਢਦੇ ਹੋਏ ਉਹਨਾਂ ਨੂੰ ਚੋਰ ਵੀ ਕਿਹਾ।
ਕੇਂਦਰੀ ਗ੍ਰਹਿ ਰਾਜ ਮੰਤਰੀ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਖੇ ਆਕਸੀਜਨ ਪਲਾਂਟ ਦਾ ਉਦਘਾਟਨ ਕਰ ਰਹੇ ਸਨ। ਜਦੋਂ ਇਕ ਪੱਤਰਕਾਰ ਵੱਲੋਂ ਉਹਨਾਂ ਦੇ ਬੇਟੇ ਆਸ਼ੀਸ਼ ਮਿਸ਼ਰਾ 'ਤੇ ਲੱਗੇ ਨਵੇਂ ਦੋਸ਼ਾਂ ਬਾਰੇ ਪੁੱਛਿਆ ਗਿਆ ਤਾਂ ਮੰਤਰੀ ਨੇ ਕਿਹਾ, "ਇਹ ਮੂਰਖਤਾ ਭਰੇ ਸਵਾਲ ਨਾ ਪੁੱਛੋ, ਕੀ ਦਿਮਾਗ ਖ਼ਰਾਬ ਹੈ?" ਅਜੇ ਮਿਸ਼ਰਾ ਇਕ ਹੋਰ ਪੱਤਰਕਾਰ ਦਾ ਮਾਈਕ ਖੋਹਦੇ ਹੋਏ ਵੀ ਨਜ਼ਰ ਆ ਰਹੇ ਹਨ।
ਇਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਅਜੇ ਮਿਸ਼ਰਾ ਨੂੰ ਦਿੱਲੀ ਤਲਬ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸ਼ਾਮ 5.35 ਵਜੇ ਫਲਾਈਟ ਰਾਹੀਂ ਦਿੱਲੀ ਲਈ ਰਵਾਨਾ ਹੋਣਗੇ। ਵਾਇਰਲ ਵੀਡੀਓ ਵਿਚ ਸਾਹਮਣੇ ਆਇਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੇ ਵੀ ਪੱਤਰਕਾਰ 'ਤੇ ਹੱਥ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਕੋਲ ਖੜ੍ਹੇ ਲੋਕਾਂ ਨੇ ਉਹਨਾਂ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਫਿਰ ਅਜੈ ਮਿਸ਼ਰਾ ਟੈਨੀ ਨੇ ਪੱਤਰਕਾਰਾਂ ਨਾਲ ਬਦਸਲੂਕੀ ਕੀਤੀ।
ਜ਼ਿਕਰਯੋਗ ਹੈ ਕਿ ਲਖੀਮਪੁਰ ਘਟਨਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਸਮੇਤ ਸਾਰੇ 13 ਦੋਸ਼ੀਆਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਜਾਂਚ ਅਧਿਕਾਰੀ ਦੀ ਅਰਜ਼ੀ 'ਤੇ ਅਦਾਲਤ ਨੇ ਸਾਰੇ ਆਰੋਪੀਆਂ ’ਤੇ ਦੁਰਘਟਨਾ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦੀਆਂ ਧਾਰਾਵਾਂ ਨੂੰ ਹਟਾ ਦਿੱਤਾ ਅਤੇ ਹੱਤਿਆ ਦੀ ਕੋਸ਼ਿਸ਼ ਅਤੇ ਲਾਇਸੈਂਸੀ ਹਥਿਆਰਾਂ ਦੀ ਦੁਰਵਰਤੋਂ ਦੀਆਂ ਧਾਰਾਵਾਂ ਨੂੰ ਮਨਜ਼ੂਰੀ ਦੇ ਦਿੱਤੀ।