
ਕਿਹਾ, ਐਤਵਾਰ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਅਗਲੇ ਦੌਰ ਦੀ ਗੱਲਬਾਤ ਸੁਖਾਵੇਂ ਮਾਹੌਲ ’ਚ ਹੋਵੇਗੀ
ਨਵੀਂ ਦਿੱਲੀ: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸ਼ੁਕਰਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਅੰਦੋਲਨ ’ਤੇ ਕਿਸ ਤਰ੍ਹਾਂ ਪ੍ਰਤੀਕਿਰਿਆ ਦੇਣਗੇ, ਜਦਕਿ ਆਮ ਆਦਮੀ ਪਾਰਟੀ (ਆਪ) ਨੇ ਖ਼ੁਦ ਹੀ ਇਕ ਵਾਰ ਮੰਗ ਕੀਤੀ ਸੀ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੇ ਭੁਗਤਾਨ ਬਾਰੇ ਫੈਸਲਾ ਸੂਬਾ ਸਰਕਾਰਾਂ ਨੂੰ ਲੈਣ ਦਿਤਾ ਜਾਵੇ।
ਠਾਕੁਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਤਵਾਰ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਅਗਲੇ ਦੌਰ ਦੀ ਗੱਲਬਾਤ ਸੁਖਾਵੀਂ ਹੋਵੇਗੀ ਅਤੇ ਕਿਸਾਨ ਹਿੰਸਾ ਜਾਂ ਕਿਸੇ ਜਾਇਦਾਦ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ। ਉਨ੍ਹਾਂ ‘ਆਪ’ ਨੂੰ ਯਾਦ ਦਿਵਾਇਆ ਕਿ ਜਦੋਂ ਕੇਂਦਰ ’ਚ ਕਾਂਗਰਸ ਦੀ ਸਰਕਾਰ ਸੀ ਤਾਂ ਉਨ੍ਹਾਂ ਨੇ ਹੀ ਮੰਗ ਕੀਤੀ ਸੀ ਕਿ ਸੂਬਾ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੇਵੇ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਨੇ ਕਿਹਾ, ‘‘ਜਦੋਂ ਕੇਂਦਰ ’ਚ ਕਾਂਗਰਸ ਦੀ ਸਰਕਾਰ ਸੀ ਤਾਂ ਅਰਵਿੰਦ ਕੇਜਰੀਵਾਲ ਮੰਗ ਕਰਦੇ ਸਨ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਵੇ। ਭਗਵੰਤ ਮਾਨ ਵੀ ਬਹੁਤ ਸਾਰੇ ਸਵਾਲ ਉਠਾਉਂਦੇ ਸਨ। ਹੁਣ ਮਾਨ ਮੁੱਖ ਮੰਤਰੀ ਹਨ। ਕੀ ਉਹ ਕੇਜਰੀਵਾਲ ਦੀ ਮੰਗ ਦਾ ਜਵਾਬ ਦੇ ਸਕਣਗੇ?’’
ਸੂਚਨਾ ਅਤੇ ਪ੍ਰਸਾਰਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ’ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣੀ ਚਾਹੀਦੀ ਹੈ ਅਤੇ ਉਮੀਦ ਹੈ ਕਿ ਕਿਸਾਨ ਹਿੰਸਾ ਅਤੇ ਕਿਸੇ ਜਾਇਦਾਦ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ। ਠਾਕੁਰ ਨੇ ਕਿਹਾ ਕਿ ਸਰਕਾਰ ਦੀ ਕਿਸਾਨ ਨੇਤਾਵਾਂ ਨਾਲ ਚੰਗੀ ਦੌਰ ਦੀ ਗੱਲਬਾਤ ਹੋਈ ਹੈ ਅਤੇ ਅਗਲਾ ਦੌਰ ਐਤਵਾਰ ਨੂੰ ਹੋਵੇਗਾ। ਉਨ੍ਹਾਂ ਕਿਹਾ, ‘‘ਮੈਨੂੰ ਯਕੀਨ ਹੈ ਕਿ ਐਤਵਾਰ ਨੂੰ ਵੀ ਗੱਲਬਾਤ ਸੁਖਾਵੀਂ ਰਹੇਗੀ ਅਤੇ ਅਸੀਂ ਮੁੱਦਿਆਂ ਨੂੰ ਸੁਲਝਾਉਣ ਲਈ ਕੰਮ ਕਰਾਂਗੇ।’’
ਠਾਕੁਰ ਨੇ ਦਾਅਵਾ ਕੀਤਾ ਕਿ ਕੇਂਦਰ ਦੀ ਕਿਸੇ ਹੋਰ ਸਰਕਾਰ ਨੇ ਕਿਸਾਨਾਂ ਲਈ ਇੰਨਾ ਕੰਮ ਨਹੀਂ ਕੀਤਾ ਜਿੰਨਾ ਨਰਿੰਦਰ ਮੋਦੀ ਦੀ ਸਰਕਾਰ ਨੇ ਕੀਤਾ ਹੈ।
ਉਨ੍ਹਾਂ ਕਿਹਾ, ‘‘2013-14 ’ਚ ਜਦੋਂ ਸੰਯੁਕਤ ਪ੍ਰਗਤੀਸ਼ੀਲ ਗੱਠਜੋੜ (ਯੂ.ਪੀ.ਏ.) ਸਰਕਾਰ ਸੱਤਾ ’ਚ ਸੀ ਤਾਂ ਖੇਤੀਬਾੜੀ ਬਜਟ 27,662 ਕਰੋੜ ਰੁਪਏ ਸੀ। ਹੁਣ ਮੋਦੀ ਸਰਕਾਰ ਦਾ ਖੇਤੀਬਾੜੀ ਬਜਟ 1.25 ਲੱਖ ਕਰੋੜ ਰੁਪਏ ਤੋਂ ਵੱਧ ਹੈ। ਕਿਸਾਨ ਸਨਮਾਨ ਨਿਧੀ ਦੇ ਜ਼ਰੀਏ ਅਸੀਂ 11 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਸਿੱਧੇ 2.81 ਲੱਖ ਕਰੋੜ ਰੁਪਏ ਟਰਾਂਸਫਰ ਕੀਤੇ ਹਨ।’’
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੇ ਕਾਰਜਕਾਲ ਦੌਰਾਨ ਕਣਕ, ਝੋਨੇ, ਦਾਲਾਂ ਅਤੇ ਤੇਲ ਬੀਜਾਂ ਦੀ ਕੁਲ ਖਰੀਦ 5.5 ਲੱਖ ਕਰੋੜ ਰੁਪਏ ਸੀ, ਜਦਕਿ ਮੋਦੀ ਸਰਕਾਰ ਨੇ ਖਰੀਦ ’ਤੇ 18.39 ਲੱਖ ਕਰੋੜ ਰੁਪਏ ਖਰਚ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਕਿਸੇ ਹੋਰ ਖੇਤਰ ’ਚ ਸਾਡੇ ਪ੍ਰਦਰਸ਼ਨ ਦੀ ਤੁਲਨਾ ਕਰੋਗੇ ਤਾਂ ਕਾਂਗਰਸ ਪੂਰੀ ਤਰ੍ਹਾਂ ਕਮਜ਼ੋਰ ਨਜ਼ਰ ਆਵੇਗੀ।