
''ਕਾਨੂੰਨ ਦੇ ਤਹਿਤ ਮੁਕੱਦਮਿਆਂ ਨੂੰ ਪੂਰਾ ਕਰਨ ਲਈ ਨਿਰਧਾਰਤ ਸਮਾਂ-ਸੀਮਾਵਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ''
POCSO courts Supreme Court News: ਸੁਪਰੀਮ ਕੋਰਟ ਨੇ ਕੇਂਦਰ ਨੂੰ ਨਿਰਦੇਸ਼ ਦਿਤਾ ਕਿ ਉਹ ਬੱਚਿਆਂ ਵਿਰੁਧ ਜਿਨਸੀ ਅਪਰਾਧਾਂ ਦੇ ਮਾਮਲਿਆਂ ਨਾਲ ਨਜਿੱਠਣ ਲਈ ‘ਪਹਿਲੀ ਤਰਜੀਹ ਦੇ ਆਧਾਰ ’ਤੇ’ ਸਮਰਪਿਤ ਪੋਕਸੋ ਅਦਾਲਤਾਂ ਸਥਾਪਤ ਕਰੇ। ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਪੀ ਬੀ ਵਰਾਲੇ ਦੇ ਬੈਂਚ ਨੇ ਵੀਰਵਾਰ ਨੂੰ ਕਿਹਾ ਕਿ ਬੱਚਿਆਂ ਦੇ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਮਾਮਲਿਆਂ ਲਈ ਵਿਸ਼ੇਸ਼ ਅਦਾਲਤਾਂ ਦੀ ਨਾਕਾਫ਼ੀ ਗਿਣਤੀ ਕਾਰਨ, ਕਾਨੂੰਨ ਦੇ ਤਹਿਤ ਮੁਕੱਦਮਿਆਂ ਨੂੰ ਪੂਰਾ ਕਰਨ ਲਈ ਨਿਰਧਾਰਤ ਸਮਾਂ-ਸੀਮਾਵਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ।
ਬੈਂਚ ਨੇ ਕਿਹਾ, ‘‘ਇਸ ਲਈ, ਇਹ ਉਮੀਦ ਕੀਤੀ ਜਾਂਦੀ ਹੈ ਕਿ ਭਾਰਤ ਸੰਘ ਅਤੇ ਰਾਜ ਸਰਕਾਰਾਂ ਪੋਕਸੋ ਮਾਮਲਿਆਂ ਦੀ ਜਾਂਚ ਵਿਚ ਲੱਗੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਢੁਕਵੇਂ ਕਦਮ ਚੁੱਕਣਗੀਆਂ। ਅਤੇ ਤਰਜੀਹ ਦੇ ਆਧਾਰ ’ਤੇ ਪੋਕਸੋ ਮਾਮਲਿਆਂ ਦੀ ਸੁਣਵਾਈ ਲਈ ਸਮਰਪਿਤ ਅਦਾਲਤਾਂ ਵੀ ਸਥਾਪਤ ਕੀਤੀਆਂ ਜਾਣਗੀਆਂ।’’
ਸੁਪਰੀਮ ਕੋਰਟ ਨੇ ਕਾਨੂੰਨ ਵਿਚ ਨਿਰਧਾਰਤ ਲਾਜ਼ਮੀ ਸਮੇਂ ਦੇ ਅੰਦਰ ਚਾਰਜਸ਼ੀਟ ਦਾਇਰ ਕਰਨ ਦੇ ਨਾਲ-ਨਾਲ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਮੁਕੱਦਮਾ ਪੂਰਾ ਕਰਨ ਦੇ ਵੀ ਨਿਰਦੇਸ਼ ਦਿਤੇ। ਸੁਪਰੀਮ ਕੋਰਟ ਨੇ ਕਿਹਾ ਕਿ ਜ਼ਿਆਦਾਤਰ ਰਾਜਾਂ ਨੇ ਕੇਂਦਰ ਤੋਂ ਫ਼ੰਡਿੰਗ ਨਾਲ ਪੋਕਸੋ ਮਾਮਲਿਆਂ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ, ਜਦੋਂ ਕਿ ਤਾਮਿਲਨਾਡੂ, ਬਿਹਾਰ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਓਡੀਸ਼ਾ, ਮਹਾਰਾਸ਼ਟਰ ਅਤੇ ਕੁਝ ਹੋਰ ਰਾਜਾਂ ਨੇ ਅਜਿਹਾ ਨਹੀਂ ਕੀਤਾ ਹੈ।
ਅਜਿਹੇ ਮਾਮਲਿਆਂ ਦੀ ਵੱਡੀ ਗਿਣਤੀ ਨੂੰ ਦੇਖਦੇ ਹੋਏ, ਹੋਰ ਪੋਕਸੋ ਅਦਾਲਤਾਂ ਦੀ ਲੋੜ ਹੈ। ਸੁਪਰੀਮ ਕੋਰਟ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਵਿਚ ਚਿੰਤਾਜਨਕ ਵਾਧੇ ਨੂੰ ਉਜਾਗਰ ਕਰਨ ਵਾਲੀ ਇਕ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ। (ਏਜੰਸੀ)