
9 ਜੂਨ ਨੂੰ ਅਤਿਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਉਸ ਸਮੇਂ ਗੋਲੀਬਾਰੀ ਕੀਤੀ ਸੀ ਜਦੋਂ ਉਹ ਸ਼ਿਵ ਖੋਰੀ ਮੰਦਰ ਤੋਂ ਕਟੜਾ ਜਾ ਰਹੀ ਸੀ।
Amit Shah News: ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਜੰਮੂ-ਕਸ਼ਮੀਰ 'ਚ ਅਤਿਵਾਦੀ ਹਮਲਿਆਂ ਦੇ ਮੱਦੇਨਜ਼ਰ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸ਼ਾਹ ਨੇ 29 ਜੂਨ ਤੋਂ ਸ਼ੁਰੂ ਹੋਣ ਵਾਲੀ ਸਾਲਾਨਾ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ।
ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੂੰ ਜੰਮੂ-ਕਸ਼ਮੀਰ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸੁਰੱਖਿਆ ਬਲ ਆਉਣ ਵਾਲੇ ਦਿਨਾਂ ਵਿਚ ਉਥੇ ਅਤਿਵਾਦ ਵਿਰੋਧੀ ਮੁਹਿੰਮ ਤੇਜ਼ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਅਤਿਵਾਦੀਆਂ ਵਿਰੁੱਧ ਮੁਹਿੰਮ ਚਲਾਈ ਜਾਵੇਗੀ।
ਸ਼ਾਹ ਨੇ ਇੱਥੇ ਨਾਰਥ ਬਲਾਕ 'ਚ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਤਿੰਨ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸੇ ਮੁੱਦੇ 'ਤੇ ਇਕ ਬੈਠਕ ਕੀਤੀ ਸੀ, ਜਿਸ 'ਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਨਿਰਦੇਸ਼ ਦਿੱਤੇ ਸਨ। ਬੈਠਕ 'ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ
ਫੌਜ ਮੁਖੀ ਜਨਰਲ ਮਨੋਜ ਪਾਂਡੇ, ਨਵੇਂ ਫੌਜ ਮੁਖੀ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ, ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ, ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀਆਰਪੀਐੱਫ) ਦੇ ਡਾਇਰੈਕਟਰ ਜਨਰਲ ਅਨੀਸ਼ ਦਿਆਲ ਸਿੰਘ, ਬੀਐਸਐਫ ਦੇ ਡਾਇਰੈਕਟਰ ਜਨਰਲ ਨਿਤਿਨ ਅਗਰਵਾਲ, ਜੰਮੂ-ਕਸ਼ਮੀਰ ਪੁਲਸ ਦੇ ਡਾਇਰੈਕਟਰ ਜਨਰਲ ਆਰਆਰ ਸਵੈਨ ਅਤੇ ਹੋਰ ਉੱਚ ਸੁਰੱਖਿਆ ਅਧਿਕਾਰੀ ਸ਼ਾਮਲ ਹੋਏ।
ਸੂਤਰਾਂ ਨੇ ਦੱਸਿਆ ਕਿ ਪਿਛਲੇ ਸ਼ੁੱਕਰਵਾਰ ਨੂੰ ਹੋਈ ਬੈਠਕ 'ਚ ਸ਼ਾਹ ਨੂੰ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ, ਅੰਤਰਰਾਸ਼ਟਰੀ ਸਰਹੱਦ ਅਤੇ ਕੰਟਰੋਲ ਰੇਖਾ 'ਤੇ ਸੁਰੱਖਿਆ ਬਲਾਂ ਦੀ ਤਾਇਨਾਤੀ, ਘੁਸਪੈਠ ਦੀਆਂ ਕੋਸ਼ਿਸ਼ਾਂ, ਅਤਿਵਾਦ ਵਿਰੋਧੀ ਮੁਹਿੰਮਾਂ ਦੀ ਸਥਿਤੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸਰਗਰਮ ਅਤਿਵਾਦੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਅਤਿਵਾਦੀਆਂ ਨੇ ਪਿਛਲੇ ਚਾਰ ਦਿਨਾਂ 'ਚ ਜੰਮੂ-ਕਸ਼ਮੀਰ ਦੇ ਰਿਆਸੀ, ਕਠੂਆ ਅਤੇ ਡੋਡਾ ਜ਼ਿਲ੍ਹਿਆਂ 'ਚ ਚਾਰ ਥਾਵਾਂ 'ਤੇ ਹਮਲਾ ਕੀਤਾ, ਜਿਸ 'ਚ 9 ਸ਼ਰਧਾਲੂ, ਸੀਆਰਪੀਐਫ ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ 7 ਸੁਰੱਖਿਆ ਕਰਮਚਾਰੀ ਅਤੇ ਕਈ ਹੋਰ ਜ਼ਖਮੀ ਹੋ ਗਏ। ਕਠੂਆ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਸ਼ੱਕੀ ਪਾਕਿਸਤਾਨੀ ਅੱਤਵਾਦੀ ਵੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।
9 ਜੂਨ ਨੂੰ ਅਤਿਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਉਸ ਸਮੇਂ ਗੋਲੀਬਾਰੀ ਕੀਤੀ ਸੀ ਜਦੋਂ ਉਹ ਸ਼ਿਵ ਖੋਰੀ ਮੰਦਰ ਤੋਂ ਕਟੜਾ ਜਾ ਰਹੀ ਸੀ।
ਬੱਸ 'ਚ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਦੇ ਸ਼ਰਧਾਲੂ ਸਵਾਰ ਸਨ। ਗੋਲੀਬਾਰੀ ਤੋਂ ਬਾਅਦ ਬੱਸ ਡੂੰਘੀ ਖੱਡ 'ਚ ਡਿੱਗ ਗਈ, ਜਿਸ 'ਚ 9 ਲੋਕਾਂ ਦੀ ਮੌਤ ਹੋ ਗਈ ਅਤੇ 41 ਹੋਰ ਜ਼ਖਮੀ ਹੋ ਗਏ।
ਅਤਿਵਾਦੀਆਂ ਨੇ 11 ਜੂਨ ਨੂੰ ਭਦਰਵਾਹ ਵਿਚ ਰਾਸ਼ਟਰੀ ਰਾਈਫਲਜ਼ ਅਤੇ ਪੁਲਿਸ ਚੌਕੀ 'ਤੇ ਗੋਲੀਬਾਰੀ ਕੀਤੀ ਸੀ। ਅੱਤਵਾਦੀਆਂ ਨੇ 12 ਜੂਨ ਨੂੰ ਡੋਡਾ ਜ਼ਿਲ੍ਹੇ ਦੇ ਗੰਡੋਹ ਇਲਾਕੇ 'ਚ ਤਲਾਸ਼ੀ ਦਲ 'ਤੇ ਹਮਲਾ ਕੀਤਾ ਸੀ, ਜਿਸ 'ਚ ਇਕ ਪੁਲਸ ਮੁਲਾਜ਼ਮ ਸਮੇਤ 7 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਸਨ।
ਇਨ੍ਹਾਂ ਹਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਨੇ 13 ਜੂਨ ਨੂੰ ਗ੍ਰਹਿ ਮੰਤਰੀ ਨਾਲ ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਅਤਿਵਾਦ ਵਿਰੋਧੀ ਮੁਹਿੰਮਾਂ 'ਤੇ ਚਰਚਾ ਕੀਤੀ ਸੀ।
ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨਾਲ ਵੀ ਗੱਲਬਾਤ ਕੀਤੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸਥਿਤੀ ਬਾਰੇ ਪੁੱਛਿਆ। ਇਹ ਘਟਨਾਵਾਂ ਦੱਖਣੀ ਕਸ਼ਮੀਰ ਹਿਮਾਲਿਆ ਵਿੱਚ ਅਮਰਨਾਥ ਗੁਫਾ ਦੀ ਸਾਲਾਨਾ ਤੀਰਥ ਯਾਤਰਾ ਤੋਂ ਪਹਿਲਾਂ ਵਾਪਰੀਆਂ ਹਨ। ਇਹ ਯਾਤਰਾ 29 ਜੂਨ ਤੋਂ ਸ਼ੁਰੂ ਹੋਣ ਵਾਲੀ ਹੈ ਅਤੇ 19 ਅਗਸਤ ਤੱਕ ਜਾਰੀ ਰਹੇਗੀ। ਅਮਰਨਾਥ ਲਈ ਸ਼ਰਧਾਲੂ ਜੰਮੂ-ਕਸ਼ਮੀਰ ਦੇ ਦੋ ਰਸਤਿਆਂ ਬਾਲਟਾਲ ਅਤੇ ਪਹਿਲਗਾਮ ਰਾਹੀਂ ਯਾਤਰਾ ਕਰਦੇ ਹਨ।
ਸੂਤਰਾਂ ਨੇ ਦੱਸਿਆ ਕਿ ਪਿਛਲੇ ਸਾਲ 4.28 ਲੱਖ ਤੋਂ ਵੱਧ ਲੋਕਾਂ ਨੇ ਗੁਫਾ ਦੇ ਦਰਸ਼ਨ ਕੀਤੇ ਸਨ ਪਰ ਇਸ ਵਾਰ ਇਹ ਗਿਣਤੀ ਪੰਜ ਲੱਖ ਤੱਕ ਪਹੁੰਚ ਸਕਦੀ ਹੈ।
ਸਾਰੇ ਸ਼ਰਧਾਲੂਆਂ ਨੂੰ ਆਰਐਫਆਈਡੀ ਕਾਰਡ ਦਿੱਤੇ ਜਾਣ ਦੀ ਉਮੀਦ ਹੈ ਤਾਂ ਜੋ ਉਨ੍ਹਾਂ ਦੀ ਅਸਲ ਸਥਿਤੀ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ 5 ਲੱਖ ਰੁਪਏ ਦਾ ਬੀਮਾ ਕਵਰ ਪ੍ਰਦਾਨ ਕੀਤਾ ਜਾਵੇਗਾ। ਸ਼ਰਧਾਲੂਆਂ ਨੂੰ ਲਿਜਾਣ ਵਾਲੇ ਹਰੇਕ ਜਾਨਵਰ ਲਈ 50,000 ਰੁਪਏ ਦਾ ਬੀਮਾ ਕਵਰ ਵੀ ਹੋਵੇਗਾ।