
ਜ਼ਮੀਨੀ ਪੱਧਰ ‘ਤੇ ਬਦਲਾਅ ਲਿਆਉਣ ਵਾਲੇ ਹਨ ਇਹ ਬਿੱਲ- ਨੱਡਾ
ਨਵੀਂ ਦਿੱਲੀ: ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਬੁੱਧਵਾਰ ਨੂੰ ਕਿਹਾ ਕਿ ਕਿਸਾਨਾਂ ਸਬੰਧੀ ਜਿਹੜੇ ਤਿੰਨ ਬਿੱਲ ਕੇਂਦਰ ਸਰਕਾਰ ਸੰਸਦ ਵਿਚ ਲੈ ਕੇ ਆਈ ਹੈ, ਉਹ ਬਹੁਤ ਹੀ ਕ੍ਰਾਂਤੀਕਾਰੀ ਹਨ। ਉਹਨਾਂ ਦਾ ਕਹਿਣਾ ਹੈ ਕਿ ਇਹ ਬਿੱਲ ਜ਼ਮੀਨੀ ਪੱਧਰ ‘ਤੇ ਬਦਲਾਅ ਲਿਆਉਣ ਵਾਲੇ ਹਨ ਅਤੇ ਇਹਨਾਂ ਬਿਲਾਂ ਦਾ ਵਿਰੋਧ ਕਰਨ ਨਾਲ ਕਾਂਗਰਸ ਦਾ ਦੋਹਰਾ ਚਰਿੱਤਰ ਉਜਾਗਰ ਹੋ ਗਿਆ ਹੈ।
Congress
ਖੇਤੀ ਆਰਡੀਨੈਂਸਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਵਿਚ ਇਹ ਤਿੰਨ ਬਿੱਲ ਲੈ ਕੇ ਆਈ ਹੈ। ਉਹਨਾਂ ਕਿਹਾ ਕਿ ਇਹਨਾਂ ਬਿੱਲਾਂ ਨੂੰ ਖੇਤੀਬਾੜੀ ਖੇਤਰ 'ਚ ਨਿਵੇਸ਼ ਵਧਾਉਣ ਲਈ ਲਿਆਂਦਾ ਜਾ ਰਿਹਾ ਹੈ। ਕਾਂਗਰਸ 'ਤੇ ਹਮਲਾ ਬੋਲਦਿਆਂ ਜੇਪੀ ਨੱਡਾ ਨੇ ਕਿਹਾ ਕਿ ਪਹਿਲਾਂ ਤਾਂ ਕਾਂਗਰਸ ਵਲੋਂ ਇਹਨਾਂ ਬਿੱਲਾਂ ਦਾ ਸਮਰਥਨ ਕੀਤਾ ਜਾ ਰਿਹਾ ਸੀ ਪਰ ਹੁਣ ਉਸ ਵਲੋਂ ਇਸ 'ਤੇ ਸਿਆਸਤ ਕੀਤੀ ਜਾ ਰਹੀ ਹੈ।
Jagat Prakash Nadda
ਉਹਨਾਂ ਕਿਹਾ ਕਿ ਇਹਨਾਂ ਤਿੰਨਾਂ ਬਿੱਲਾਂ ਨਾਲ ਕਿਸਾਨਾਂ ਨੂੰ ਬਹੁਤ ਫ਼ਾਇਦਾ ਹੋਵੇਗਾ। ਇਹ ਤਿੰਨ ਆਰਡੀਨੈਂਸ ਬਹੁਤ ਦੂਰ-ਦ੍ਰਿਸ਼ਟੀ ਵਾਲੇ ਹਨ। ਇਹ ਬਿੱਲ ਕਿਸਾਨਾਂ ਨੂੰ ਨਵੀਂ ਅਜ਼ਾਦ ਹਵਾ ਦੇਣ ਦਾ ਕੰਮ ਕਰਨਗੇ। ਇਸ ਤੋਂ ਬਾਅਦ ਕਿਸਾਨ ਨੂੰ ਅਪਣਾ ਉਤਪਾਦ ਵੇਚਣ ਦੀ ਅਜ਼ਾਦੀ ਹੋਵੇਗੀ।
Farmer
ਦੱਸ ਦਈਏ ਕਿ ਬੀਤੇ ਦਿਨ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਦੇ ਭਾਰੀ ਵਿਰੋਧ ਦੇ ਬਾਵਜੂਦ ਸੰਸਦ 'ਚ 'ਜ਼ਰੂਰੀ ਵਸਤਾਂ ਸੋਧ ਬਿੱਲ-2020' ਪਾਸ ਹੋ ਗਿਆ ਹੈ। ਇਸ ਬਿੱਲ ਦਾ ਕਈ ਸਿਆਸੀ ਪਾਰਟੀਆਂ ਵੱਲੋਂ ਸਖ਼ਤ ਵਿਰੋਧ ਵੀ ਕੀਤਾ ਗਿਆ।
Farmer
ਇਹ ਬਿੱਲ ਉਹਨਾਂ ਤਿੰਨ ਆਰਡੀਨੈਂਸਾਂ ਵਿਚੋਂ ਇਕ ਹੈ, ਜਿਨ੍ਹਾਂ ਨੂੰ ਪਿਛਲੇ ਦਿਨਾਂ ਦੌਰਾਨ ਕੇਂਦਰ ਸਰਕਾਰ ਨੇ ਜਾਰੀ ਕੀਤਾ ਸੀ। ਇਹਨਾਂ ਆਰਡੀਨੈਂਸਾਂ ਦੇ ਖਿਲਾਫ਼ ਪੰਜਾਬ, ਹਰਿਆਣਾ ਦੇ ਕਿਸਾਨ ਸੜਕਾਂ 'ਤੇ ਹਨ। ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਹੋਰ ਕਈ ਸਿਆਸੀ ਪਾਰਟੀਆਂ ਵੱਲੋਂ ਕਿਸਾਨਾਂ ਦੇ ਸਮਰਥਨ ਵਿਚ ਅਜ਼ਾਵ ਬੁਲੰਦ ਕੀਤੀ ਜਾ ਰਹੀ ਹੈ।