
ਅਰਵਿੰਦ ਕੇਜਰੀਵਾਲ ਭਲਕੇ ਸ਼ਾਮ 4:30 ਵਜੇ ਦਿੱਲੀ ਦੇ LG ਨਾਲ ਮੁਲਾਕਾਤ ਕਰਨਗੇ
Arvind Kejriwal News : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅਚਾਨਕ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਕੇ ਦਿੱਲੀ ਤੋਂ ਲੈ ਕੇ ਦੇਸ਼ ਦੇ ਸਾਰੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਜਿੱਥੇ ਆਮ ਆਦਮੀ ਪਾਰਟੀ (ਆਪ) ਇਸ ਨੂੰ ਮਾਸਟਰਸਟ੍ਰੋਕ ਮੰਨ ਰਹੀ ਹੈ, ਉਥੇ ਵਿਰੋਧੀ ਪਾਰਟੀਆਂ ਉਸ ਦੇ ਇਸ ਕਦਮ ਨੂੰ ਸਿਆਸੀ ਸਟੰਟ ਦੱਸ ਰਹੀਆਂ ਹਨ।
ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਐਲਜੀ ਵੀਕੇ ਸਕਸੈਨਾ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਕੱਲ੍ਹ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੱਲ ਸ਼ਾਮ 4:30 ਵਜੇ ਮਿਲਣ ਦਾ ਸਮਾਂ ਦਿੱਤਾ ਹੈ। ਕੇਜਰੀਵਾਲ ਕੱਲ ਸ਼ਾਮ ਉਨ੍ਹਾਂ ਨੂੰ ਮਿਲ ਸਕਦੇ ਹਨ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਸੌਂਪ ਸਕਦੇ ਹਨ।
ਮੁੱਖ ਮੰਤਰੀ ਨਿਵਾਸ 'ਤੇ 'ਆਪ' ਆਗੂਆਂ ਦੀ ਮੀਟਿੰਗ ਸਮਾਪਤ
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨਿਵਾਸ 'ਤੇ 'ਆਪ' ਆਗੂਆਂ ਦੀ ਮੀਟਿੰਗ ਖਤਮ ਹੋ ਗਈ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਮੀਟਿੰਗ 'ਚ ਸ਼ਾਮਲ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੇ ਘਰ ਤੋਂ ਰਵਾਨਾ ਹੋ ਗਏ ਹਨ।
ਦੱਸ ਦੇਈਏ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਐਲਾਨ ਕੀਤਾ ਸੀ ਕਿ ਉਹ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ ਅਤੇ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ 'ਤੇ ਨਹੀਂ ਬੈਠਣਗੇ, ਜਦੋਂ ਤੱਕ ਦਿੱਲੀ ਉਨ੍ਹਾਂ ਦੀ ਇਮਾਨਦਾਰੀ 'ਤੇ ਆਪਣੀ ਵੋਟ ਦੀ ਮੋਹਰ ਨਹੀਂ ਲਗਾ ਦਿੰਦੀ।