
ਮਨੀਸ਼ ਸਿਸੋਦੀਆ ਨੇ ਖ਼ੁਦ ਟਵੀਟ ਕਰ ਕੇ ਦਿੱਤੀ ਜਾਣਕਾਰੀ
ਨਵੀਂ ਦਿੱਲੀ - ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸੋਮਵਾਰ ਨੂੰ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਦਿੱਲੀ ਸਰਕਾਰ ਨੇ ਹੁਣ ਇਹ ਨੀਤੀ ਵਾਪਸ ਲੈ ਲਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੰਘੀ ਜਾਂਚ ਏਜੰਸੀ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਨੂੰ ਸੋਮਵਾਰ ਨੂੰ ਸਵੇਰੇ 11 ਵਜੇ ਆਪਣੇ ਹੈੱਡਕੁਆਰਟਰ 'ਤੇ ਪੇਸ਼ ਹੋਣ ਲਈ ਕਿਹਾ ਹੈ।
ਇਸ ਬਾਰੇ ਮਨੀਸ਼ ਸਿਸੋਦੀਆ ਨੇ ਖੁਦ ਵੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਸਿਸੋਦੀਆ ਨੇ ਟਵੀਟ ਕਰ ਕੇ ਲਿਖਿਆ - ''ਮੇਰੇ ਘਰ 14 ਘੰਟੇ CBI ਨੇ ਛਾਪੇਮਾਰੀ ਕੀਤੀ, ਕੁਝ ਵੀ ਸਾਹਮਣੇ ਨਹੀਂ ਆਇਆ। ਮੇਰੇ ਬੈਂਕ ਲਾਕਰ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ ਵੀ ਕੁਝ ਨਹੀਂ ਨਿਕਲਿਆ। ਉਨ੍ਹਾਂ ਨੂੰ ਮੇਰੇ ਪਿੰਡ ਵਿਚ ਕੁਝ ਨਹੀਂ ਮਿਲਿਆ। ਹੁਣ ਉਨ੍ਹਾਂ ਨੇ ਮੈਨੂੰ ਕੱਲ੍ਹ ਸਵੇਰੇ 11 ਵਜੇ ਸੀਬੀਆਈ ਹੈੱਡਕੁਆਰਟਰ ਬੁਲਾਇਆ ਹੈ। ਮੈਂ ਜਾ ਕੇ ਆਪਣਾ ਪੂਰਾ ਸਹਿਯੋਗ ਦੇਵਾਂਗਾ। ਸਤਯਮੇਵ ਜਯਤੇ।''
ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਇਸ ਮਾਮਲੇ ਵਿਚ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ, ਜਿਸ ਵਿਚ ਇੰਡੋ ਸਪਿਰਿਟਸ ਦੇ ਮਾਲਕ ਸਮੀਰ ਮਹਿੰਦਰੂ, ਗੁਰੂਗ੍ਰਾਮ ਸਥਿਤ ਬੱਡੀ ਰਿਟੇਲ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਅਮਿਤ ਅਰੋੜਾ ਅਤੇ ਇੰਡੀਆ ਅਹੇਡ ਨਿਊਜ਼ ਦੇ ਮੈਨੇਜਿੰਗ ਡਾਇਰੈਕਟਰ ਮੁਥਾ ਗੌਤਮ ਸ਼ਾਮਲ ਹਨ।
ਸੀਬੀਆਈ ਨੇ ਇਸ ਮਾਮਲੇ ਵਿਚ ਦਿੱਲੀ ਦੇ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਵਿਜੇ ਨਾਇਰ ਅਤੇ ਹੈਦਰਾਬਾਦ ਦੇ ਇੱਕ ਕਾਰੋਬਾਰੀ ਅਭਿਸ਼ੇਕ ਬੋਇਨਪੱਲੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਨੇ ਅਗਸਤ ਵਿਚ ਮਨੀਸ਼ ਸਿਸੋਦੀਆ ਅਤੇ 14 ਹੋਰਾਂ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਦਿੱਲੀ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੀ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ।