
ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਦੀ ਬੇਨਤੀ ਨੂੰ ਕੀਤਾ ਰੱਦ
Punjab police personnel will not be deployed to protect Arvind Kejriwal: ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਦੇ ਮੁਖੀ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿਚ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕਰਨ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਹੈ।
ਗ੍ਰਹਿ ਮੰਤਰਾਲੇ ਦੇ ਹੁਕਮ ਬਾਅਦ ਹੁਣ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿਚ ਪੰਜਾਬ ਪੁਲਿਸ ਦੇ ਜਵਾਨ ਸ਼ਾਮਲ ਨਹੀਂ ਕੀਤੇ ਜਾਣਗੇ। ਪਤਾ ਲੱਗਿਆ ਹੈ ਕਿ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਨੂੰ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿਚ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕਰਨ ਦੀ ਇਜਾਜ਼ਤ ਦੇਣ ਬਾਰੇ ਚਿੱਠੀ ਲਿਖੀ ਸੀ।
ਪੰਜਾਬ ਪੁਲਿਸ ਦੇ ਇਸ ਪੱਤਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਾ-ਮਨਜ਼ੂਰ ਕਰ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਪੰਜਾਬ ਪੁਲਿਸ ਨੇ ਕੇਜਰੀਵਾਲ ਨੂੰ ਗਰਮਖ਼ਿਆਲੀਆਂ ਤੋ ਖਤਰਾ ਹੋਣ ਦਾ ਸੰਕੇਤ ਦਿੰਦੇ ਹੋਏ ਪੰਜਾਬ ਪੁਲਿਸ ਦੀ ਸੁਰੱਖਿਆ ਦੇਣ ਦੀ ਦਲੀਲ ਦਿੱਤੀ ਸੀ ਪਰ ਦਿੱਲੀ ਪੁਲਿਸ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਪੱਤਰ ਮਿਲਿਆ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਕੇਜਰੀਵਾਲ ਦੇ ਦਿੱਲੀ ਵਿਚ ਠਹਿਰਨ ਦੌਰਾਨ ਸੁਰੱਖਿਆ ਕਾਫ਼ਲੇ ਵਿਚ ਆਪਣੇ ਕਰਮਚਾਰੀਆਂ ਨੂੰ ਤਾਇਨਾਤ ਕਰਨ ਦੇ ਪੰਜਾਬ ਪੁਲਿਸ ਦੇ ਪ੍ਰਸਤਾਵ ਨੂੰ ਸਵੀਕਾਰ ਨਹੀਂ ਕੀਤਾ ਜਾਣਾ ਚਾਹੀਦਾ। ਕੇਜਰੀਵਾਲ ਨੂੰ ਦਿੱਲੀ ਪੁਲਿਸ ਤੇ ਜ਼ੈੱਡ-ਪਲੱਸ ਸੁਰੱਖਿਆ ਪ੍ਰਾਪਤ ਹੈ।