
ਸੁਪਰੀਮ ਕੋਰਟ ਕੋਲ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਅਤੇ ਜ਼ਮਾਨਤ ਦੇਣ ਦੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ਵਿਚ ਮੁੱਖ ਆਰੋਪੀ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਕੋਲ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਅਤੇ ਜ਼ਮਾਨਤ ਦੇਣ ਦੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਕਰੀਬ 4 ਮਹੀਨਿਆਂ ਤੋਂ ਜੇਲ 'ਚ ਬੰਦ ਆਸ਼ੀਸ਼ ਮਿਸ਼ਰਾ ਨੂੰ ਹਾਲ ਹੀ 'ਚ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਹੈ।
ਪਟੀਸ਼ਨਕਰਤਾ ਦੇ ਵਕੀਲ ਸ਼ਿਵ ਕੁਮਾਰ ਤ੍ਰਿਪਾਠੀ ਅਤੇ ਸੀਐਸ ਪਾਂਡਾ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਅਰਜ਼ੀ ਵਿਚ ਕਿਹਾ ਗਿਆ ਹੈ ਕਿ ਮੁਲਜ਼ਮ ਦੇ ਬਾਹਰ ਆਉਣ ਨਾਲ ਸਬੂਤਾਂ ਨਾਲ ਛੇੜਛਾੜ ਕੀਤੇ ਜਾਣ ਦੀ ਸੰਭਾਵਨਾ ਹੈ। ਗਵਾਹਾਂ, ਕਿਸਾਨਾਂ ਅਤੇ ਪੀੜਤ ਪਰਿਵਾਰਾਂ ਨੂੰ ਖਤਰਾ ਹੈ। ਇਲਾਹਾਬਾਦ ਹਾਈ ਕੋਰਟ ਦਾ ਹੁਕਮ ਅੰਦਾਜ਼ੇ 'ਤੇ ਆਧਾਰਿਤ ਹੈ। ਐਸਆਈਟੀ ਨੂੰ ਤੁਰੰਤ ਸੁਪਰੀਮ ਕੋਰਟ ਵਿਚ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ। ਯੂਪੀ ਸਰਕਾਰ/ਕੇਂਦਰ ਨੂੰ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ।
ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦਾ ਬੇਟੇ ਆਸ਼ੀਸ਼ ਮਿਸ਼ਰਾ ਜ਼ਮਾਨਤ 'ਤੇ ਰਿਹਾਅ ਹੋ ਕੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਕਿਸਾਨਾਂ ਨੂੰ ਆਪਣੀ ਜੀਪ ਨਾਲ ਕੁਚਲਣ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ 5 ਦਿਨ ਪਹਿਲਾਂ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਤੋਂ ਜ਼ਮਾਨਤ ਮਿਲ ਗਈ ਸੀ। ਇਸ ਮਾਮਲੇ ਵਿਚ ਉੱਤਰ ਪ੍ਰਦੇਸ਼ ਦੀ ਐਸਆਈਟੀ ਨੇ 5000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਸੀ।