
DSGMC Kar Seva: ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਕਾਰ ਸੇਵਾ ਵਿਚ ਸ਼ਾਮਲ ਸੰਗਤ ਨੂੰ ਦਿਤੀ ਵਧਾਈ
ਨਵੀਂ ਦਿੱਲੀ (ਅਮਨਦੀਪ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਤਕਰੀਬਨ 10 ਸਾਲਾਂ ਬਾਅਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰੋਵਰ ਦੀ ਸਫ਼ਾਈ ਦੀ ਸੇਵਾ ਸ਼ੁਰੂ ਕਰ ਦਿਤੀ ਹੈ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਅਰਦਾਸ ਕੀਤੀ ਅਤੇ ਫਿਰ ਸੇਵਾ ਸ਼ੁਰੂ ਕੀਤੀ। ਇਹ ਸੇਵਾ ਬਾਬਾ ਬਚਨ ਸਿੰਘ, ਬਾਬਾ ਸੁਰਿੰਦਰ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਰਵੀ ਸਮੇਤ ਸਮੁੱਚੀ ਟੀਮ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨੇਪਰੇ ਚਾੜ੍ਹੀ ਜਾਵੇਗੀ।
ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਸੇਵਾ ਉਨ੍ਹਾਂ ਨੂੰ ਹੀ ਮਿਲਦੀ ਹੈ ਜਿਨ੍ਹਾਂ ਤੇ ਗੁਰੂ ਦੀ ਬਖ਼ਸ਼ਿਸ਼ ਹੋਵੇ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸੰਗਤ ਨੂੰ ਇਹ ਸੁਭਾਗ ਪ੍ਰਾਪਤ ਹੋਇਆ ਕਿ ਅੱਜ 10 ਸਾਲਾਂ ਬਾਅਦ ਗੁਰਦੁਆਰਾ ਬੰਗਲਾ ਸਾਹਿਬ ਦੀ ਕਾਰ ਸੇਵਾ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਬਹੁਤ ਖ਼ੁਸ਼ ਹਨ ਕਿ 10 ਸਾਲਾਂ ਬਾਅਦ ਇਹ ਸੇਵਾ ਕੀਤੀ ਜਾ ਰਹੀ ਹੈ ਅਤੇ ਗੁਰੂ ਸਾਹਿਬ ਦੀ ਬਾਣੀ ਦਾ ਪਾਠ ਕਰਦੇ ਹੋਏ ਸੇਵਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸੇਵਾ ਦੇ ਬਦਲੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਖ਼ੁਸ਼ੀਆਂ ਅਤੇ ਆਸ਼ੀਰਵਾਦ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਰੋਗ ਨੂੰ ਅਪਣੇ ਸਰੀਰ ’ਤੇ ਲਿਆ ਅਤੇ ਸਾਥੀਆਂ ਨੂੰ ਸ਼ਾਂਤੀ ਬਖ਼ਸ਼ੀ।
ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਸ ਅਸਥਾਨ ’ਤੇ ਆ ਕੇ ਗੁਰੂ ਦੇ ਚਰਨਾਂ ’ਚ ਮੱਥਾ ਟੇਕਦਾ ਹੈ, ਉਸ ਦੇ ਸਾਰੇ ਰੋਗ ਦੂਰ ਹੋ ਜਾਂਦੇ ਹਨ। ਉਨ੍ਹਾਂ ਇਸ ਕਾਰ ਸੇਵਾ ਵਿਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਵਧਾਈ ਦਿਤੀ। ਅੱਜ ਅਰਦਾਸ ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਸਫ਼ਾਈ ਦੀ ਸੇਵਾ ਆਰੰਭ ਕੀਤੀ ਗਈ। ਇਸ ਮੌਕੇ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਵੀ ਸੇਵਾ ਨਿਭਾਈ। ਉਸ ਨੇ ਸਫ਼ਾਈ ਸੇਵਾ ਵਿਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਅਪਣੇ ਆਪ ਨੂੰ ਭਾਗਾਂ ਵਾਲਾ ਦਸਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਇਹ ਸੇਵਾ ਬਖ਼ਸ਼ੀ ਹੈ। ਉਨ੍ਹਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਕਿ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਇਹ ਸੇਵਾ ਬਖ਼ਸ਼ੀ ਹੈ।