
ਫਲਾਈਟ 'ਚ 175 ਯਾਤਰੀ ਸਨ ਸਵਾਰ
Air India Flight Fire : ਦਿੱਲੀ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਏਅਰ ਇੰਡੀਆ ਦੀ ਫਲਾਈਟ ਏਆਈ-807 ਵਿੱਚ ਅੱਗ ਲੱਗਣ ਦੀ ਖ਼ਬਰ ਮਿਲਣ ਤੋਂ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਹਵਾਈ ਅੱਡੇ (Indira Gandhi International Airport) 'ਤੇ ਉਤਾਰਿਆ ਗਿਆ। ਜਹਾਜ਼ 'ਚ 175 ਯਾਤਰੀ ਸਵਾਰ ਸਨ, ਜਿਨ੍ਹਾਂ 'ਚੋਂ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।
ਫਲਾਈਟ ਸ਼ਾਮ 6:38 ਵਜੇ ਦਿੱਲੀ ਹਵਾਈ ਅੱਡੇ 'ਤੇ ਸੁਰੱਖਿਅਤ ਉਤਰ ਗਈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦੇ ਏਅਰ ਕੰਡੀਸ਼ਨਿੰਗ ਯੂਨਿਟ 'ਚ ਅੱਗ ਲੱਗਣ ਕਾਰਨ ਪਾਇਲਟ ਨੇ ਐਮਰਜੈਂਸੀ ਲੈਂਡਿੰਗ ਕਰਵਾਉਣ ਦਾ ਫੈਸਲਾ ਕੀਤਾ। ਇੱਕ ਏਅਰਲਾਈਨ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਯਾਤਰੀਆਂ ਲਈ ਬੈਂਗਲੁਰੂ ਜਾਣ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ।
ਏਅਰ ਇੰਡੀਆ ਦੇ ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਤੁਰੰਤ ਐਮਰਜੈਂਸੀ ਲੈਂਡਿੰਗ ਦਾ ਫੈਸਲਾ ਲਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਸੁਰੱਖਿਅਤ ਉਤਾਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਏਅਰ ਇੰਡੀਆ ਨੇ ਇਸ ਘਟਨਾ ਦੀ ਜਾਂਚ ਲਈ ਇੱਕ ਟੀਮ ਦਾ ਗਠਨ ਕੀਤਾ ਹੈ, ਜੋ ਜਹਾਜ਼ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਏਗੀ। ਇਸ ਘਟਨਾ ਨਾਲ ਯਾਤਰੀਆਂ 'ਚ ਹੜਕੰਪ ਮਚ ਗਿਆ ਸੀ ਪਰ ਸੁਰੱਖਿਅਤ ਲੈਂਡਿੰਗ ਤੋਂ ਬਾਅਦ ਸਾਰਿਆਂ ਨੇ ਸੁੱਖ ਦਾ ਸਾਹ ਲਿਆ।