ਇਕ ਨਾਮੀ ਸਕੂਲ ਚਲਾ ਰਹੇ ਕਾਰੋਬਾਰੀ ਗਰੁੱਪ ਦੇ ਕਈ ਪ੍ਰਮੋਟਰਾਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਅਤੇ ਉਹਨਾਂ ਦੇ ਸਾਥੀਆਂ ਖ਼ਿਲਾਫ਼ ਰਾਸ਼ਟਰੀ ਰਾਜਧਾਨੀ ਖੇਤਰ 'ਚ ਕਈ ਥਾਵਾਂ 'ਤੇ ਛਾਪੇਮਾਰੀ ਕਰ ਰਹੇ ਹਨ। ਅਧਿਕਾਰੀਆਂ ਨੇ ਸ਼ੁੱਕਰਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸੰਘੀ ਜਾਂਚ ਏਜੰਸੀ ਦੇ ਅਧਿਕਾਰੀ ਘੱਟੋ-ਘੱਟ 10 ਰਿਹਾਇਸ਼ੀ ਅਤੇ ਵਪਾਰਕ ਸਥਾਨਾਂ 'ਤੇ ਛਾਪੇਮਾਰੀ ਕਰ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਕ ਨਾਮੀ ਸਕੂਲ ਚਲਾ ਰਹੇ ਕਾਰੋਬਾਰੀ ਗਰੁੱਪ ਦੇ ਕਈ ਪ੍ਰਮੋਟਰਾਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਈਡੀ ਨੇ ਜੈਨ ਨੂੰ 30 ਮਈ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਨਿਆਂਇਕ ਹਿਰਾਸਤ ਵਿਚ ਹਨ। ਦਿੱਲੀ ਦੀ ਇਕ ਅਦਾਲਤ ਨੇ ਉਹਨਾਂ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਏਜੰਸੀ ਨੇ ਦਾਅਵਾ ਕੀਤਾ ਹੈ ਕਿ ਜੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹਨਾਂ ਦੇ ਪਰਿਵਾਰ ਅਤੇ ਹੋਰਾਂ ਦੇ ਖ਼ਿਲਾਫ਼ ਇਸੇ ਤਰ੍ਹਾਂ ਦੀ ਛਾਪੇਮਾਰੀ ਦੌਰਾਨ 2.85 ਕਰੋੜ ਰੁਪਏ ਦੀ "ਬੇਹਿਸਾਬ" ਨਕਦੀ ਅਤੇ 133 ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ। ਏਜੰਸੀ ਪੀਐੱਮਐੱਲਏ ਤਹਿਤ ਜੈਨ ਤੋਂ ਕਥਿਤ ਹਵਾਲਾ ਸੌਦਿਆਂ ਦੀ ਜਾਂਚ ਕਰ ਰਹੀ ਹੈ। ਦਿੱਲੀ ਸਰਕਾਰ ਵਿਚ ਮੰਤਰੀ ਰਹੇ ਜੈਨ ਕੋਲ ਫਿਲਹਾਲ ਦਿੱਲੀ ਵਿਚ ਕੋਈ ਵਿਭਾਗ ਨਹੀਂ ਹੈ। ਅਪ੍ਰੈਲ ਵਿਚ ਈਡੀ ਨੇ ਜਾਂਚ ਦੇ ਹਿੱਸੇ ਵਜੋਂ ਜੈਨ ਦੇ ਪਰਿਵਾਰ ਅਤੇ ਉਹਨਾਂ ਦੀ ਮਾਲਕੀ ਅਤੇ ਕੰਟਰੋਲ ਵਾਲੀਆਂ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਜੈਨ ਨੂੰ "ਬਹੁਤ ਈਮਾਨਦਾਰ ਦੇਸ਼ਭਗਤ" ਕਿਹਾ ਹੈ ਅਤੇ ਕਿਹਾ ਹੈ ਕਿ ਉਹਨਾਂ ਨੂੰ "ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ"। ਕੇਜਰੀਵਾਲ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਈਡੀ ਦੀ ਜਾਂਚ 'ਚ ਜੈਨ ਸਾਫ ਸਾਬਿਤ ਹੋਣਗੇ।