
ਕਰਜ਼ੇ ਦੇ ਬੋਝ ਹੇਠ ਦੱਬੇ ਦਖਣੀ ਰਾਜ ਲਈ ਵਿੱਤੀ ਸਹਾਇਤਾ ਵਧਾਉਣ ਦੀ ਮੰਗ ਕੀਤੀ
ਨਵੀਂ ਦਿੱਲੀ: ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਦਖਣੀ ਰਾਜ ਲਈ ਵਿੱਤੀ ਸਹਾਇਤਾ ਵਧਾਉਣ ਦੀ ਮੰਗ ਕੀਤੀ।
ਸੂਤਰਾਂ ਨੇ ਦਸਿਆ ਕਿ ਕੇਂਦਰੀ ਬਜਟ ਤੋਂ ਬਾਅਦ ਮੋਦੀ ਨਾਲ ਅਪਣੀ ਪਹਿਲੀ ਮੁਲਾਕਾਤ ’ਚ ਨਾਇਡੂ ਨੇ ਆਂਧਰਾ ਪ੍ਰਦੇਸ਼ ਲਈ ਕੀਤੇ ਗਏ ਪ੍ਰਮੁੱਖ ਐਲਾਨਾਂ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ, ਜਿਸ ’ਚ ਅਮਰਾਵਤੀ ਦੇ ਵਿਕਾਸ ਲਈ ਫੰਡਿੰਗ ਵੀ ਸ਼ਾਮਲ ਹੈ। ਬਜਟ ’ਚ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਅਮਰਾਵਤੀ ਦੇ ਵਿਕਾਸ ਲਈ 15,000 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਸੂਤਰਾਂ ਨੇ ਦਸਿਆ ਕਿ ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਮੁਖੀ ਨੇ ਰਾਜ ਦੀ ਵਿੱਤੀ ਸਥਿਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਵਿੱਤੀ ਚੁਨੌਤੀ ਆਂ ਨਾਲ ਨਜਿੱਠਣ ਅਤੇ ਆਰਥਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਰਾਜ ਦੀ ਜੀ.ਡੀ.ਪੀ. ਨੂੰ ਵਧਾਉਣ ਲਈ ਹੋਰ ਕੇਂਦਰੀ ਸਹਾਇਤਾ ਦੀ ਬੇਨਤੀ ਕੀਤੀ।
ਅਧਿਕਾਰਤ ਅੰਕੜੇ ਦਰਸਾਉਂਦੇ ਹਨ ਕਿ ਆਂਧਰਾ ਪ੍ਰਦੇਸ਼ ਦਾ ਜਨਤਕ ਕਰਜ਼ਾ 2019-20 ’ਚ ਕੁਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ.) ਦੇ 31.02 ਫ਼ੀ ਸਦੀ ਤੋਂ ਵਧ ਕੇ 2023-24 ’ਚ 33.32 ਫ਼ੀ ਸਦੀ ਹੋ ਗਿਆ ਹੈ, ਜੋ ਪਿਛਲੇ ਪੰਜ ਸਾਲਾਂ ’ਚ ਵਿਗੜਦੀ ਵਿੱਤੀ ਸਥਿਤੀ ਦਾ ਸੰਕੇਤ ਦਿੰਦਾ ਹੈ।
16 ਲੋਕ ਸਭਾ ਸੰਸਦ ਮੈਂਬਰਾਂ ਦੇ ਨਾਲ, ਟੀਡੀਪੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੌਮੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਸਰਕਾਰ ਦਾ ਇਕ ਪ੍ਰਮੁੱਖ ਹਿੱਸਾ ਹੈ। ਕੌਮੀ ਰਾਜਧਾਨੀ ਦੀ ਅਪਣੀ ਯਾਤਰਾ ਦੇ ਦੂਜੇ ਦਿਨ ਨਾਇਡੂ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ।
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਸਨਿਚਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਅਪਣੇ ਰਾਜ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ। ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਮੁਖੀ ਨੇ ਸੀਤਾਰਮਨ ਨੂੰ ਆਂਧਰਾ ਪ੍ਰਦੇਸ਼ ਦੀ ਮਾੜੀ ਵਿੱਤੀ ਸਥਿਤੀ ਬਾਰੇ ਦਸਿਆ ਅਤੇ ਰਾਜ ਦੇ ਮੁੜ ਨਿਰਮਾਣ ਲਈ ਵੱਖ-ਵੱਖ ਯੋਜਨਾਵਾਂ ਤਹਿਤ ਸਹਾਇਤਾ ਵਧਾਉਣ ਦੀ ਮੰਗ ਕੀਤੀ। ਟੀ.ਡੀ.ਪੀ. ਦੇ 16 ਲੋਕ ਸਭਾ ਮੈਂਬਰ ਹਨ ਅਤੇ ਉਹ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਅਹਿਮ ਹਿੱਸਾ ਹੈ। ਉਹ ਕੌਮੀ ਰਾਜਧਾਨੀ ਦੇ ਅਪਣੇ ਦੌਰੇ ਦੇ ਦੂਜੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ।