
ਚੰਡੀਗੜ੍ਹ ਕਾਂਗਰਸ ਭਵਨ ਸੈਕਟਰ 35 ਦੇ ਬਾਹਰ ਚੰਡੀਗੜ੍ਹ ਯੂਥ ਕਾਂਗਰਸ ਦੇ ਵਰਕਰਾਂ ਨੇ ਬੇਰੁਜ਼ਗਾਰੀ ਦੇ ਗੁਬਾਰੇ ਉਡਾ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਚੰਡੀਗੜ੍ਹ: ਇਕ ਪਾਸੇ ਭਾਜਪਾ ਅੱਜ ਦੇਸ਼ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ ਪ੍ਰੋਗਰਾਮ ਕਰ ਰਹੀ ਹੈ। ਦੂਜੇ ਪਾਸੇ ਚੰਡੀਗੜ੍ਹ ਕਾਂਗਰਸ ਨੇ ਅੱਜ ਮੋਦੀ ਦੇ ਜਨਮ ਦਿਨ ਨੂੰ ਕੌਮੀ ਬੇਰੁਜ਼ਗਾਰੀ ਦਿਵਸ ਵਜੋਂ ਮਨਾਇਆ। ਚੰਡੀਗੜ੍ਹ ਕਾਂਗਰਸ ਭਵਨ ਸੈਕਟਰ 35 ਦੇ ਬਾਹਰ ਚੰਡੀਗੜ੍ਹ ਯੂਥ ਕਾਂਗਰਸ ਦੇ ਵਰਕਰਾਂ ਨੇ ਬੇਰੁਜ਼ਗਾਰੀ ਦੇ ਗੁਬਾਰੇ ਉਡਾ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਇਸ ਪ੍ਰਦਰਸ਼ਨ ਸਬੰਧੀ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਅੱਜ ਕਾਂਗਰਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਕੌਮੀ ਬੇਰੁਜ਼ਗਾਰੀ ਦਿਵਸ ਵਜੋਂ ਮਨਾ ਰਹੀ ਹੈ। ਲੱਕੀ ਨੇ ਕਿਹਾ ਹੈ ਕਿ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਦੇਸ਼ 'ਚ ਬੇਰੁਜ਼ਗਾਰੀ ਦੀ ਸਮੱਸਿਆ ਵਧੀ ਹੈ। ਇਸ ਤੋਂ ਇਲਾਵਾ ਕਿਸਾਨੀ ਮੁੱਦਿਆਂ, ਵਧਦੀ ਮਹਿੰਗਾਈ ਤੋਂ ਲੋਕ ਪ੍ਰੇਸ਼ਾਨ ਹਨ। ਦੇਸ਼ ਵਿਚ ਰਾਸ਼ਟਰੀ ਸਦਭਾਵਨਾ ਭੰਗ ਹੋ ਰਹੀ ਹੈ। ਇਸ ਸਬੰਧੀ ਹੀ ਕਾਂਗਰਸ ਦਾ ਪ੍ਰਦਰਸ਼ਨ ਹੈ।
ਲੱਕੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਹਾ ਸੀ ਕਿ ਉਹ ਹਰ ਸਾਲ 2 ਕਰੋੜ ਨੌਕਰੀਆਂ ਦੇਵੇਗੀ। ਇਸ ਦੇ ਉਲਟ ਆਮ ਲੋਕਾਂ ਦੀਆਂ ਨੌਕਰੀਆਂ ਵੀ ਖੋਹੀਆਂ ਜਾ ਰਹੀਆਂ ਹਨ। ਦੇਸ਼ ਦਾ ਨੌਜਵਾਨ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹੈ। ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਕਿਹਾ ਕਿ ਅੱਜ ਉਹ ਮੋਦੀ ਸਰਕਾਰ ਨੂੰ ਯਾਦ ਕਰਾਉਣਾ ਚਾਹੁੰਦੇ ਹਨ ਕਿ ਕਾਂਗਰਸ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨਾਂ ਨੂੰ ਨੌਕਰੀਆਂ ਮਿਲਦੀਆਂ ਸਨ। ਦੂਜੇ ਪਾਸੇ ਮੋਦੀ ਰਾਜ ਵਿਚ ਪੜ੍ਹੇ-ਲਿਖੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ। ਇਸ ਦੇ ਨਾਲ ਹੀ ਆਈਆਈਟੀ ਦੇ ਵਿਦਿਆਰਥੀ ਖੁਦਕੁਸ਼ੀ ਕਰ ਰਹੇ ਹਨ।