
ਕਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ
ਨਵੀਂ ਦਿੱਲੀ: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਐਸ.ਵਾਈ.ਐਲ. ਮਸਲੇ ਨੂੰ ਲੈ ਕੇ ਅਹਿਮ ਬਿਆਨ ਦਿਤਾ ਹੈ। ਲਾਲਪੁਰਾ ਨੇ ਕਿਹਾ ਕਿ ਮੈਂ ਪੰਜਾਬ ਦੇ ਨਾਲ ਡਟ ਕੇ ਖੜ੍ਹਾ ਹਾਂ ਕਿਉਂਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇਕ ਬੂੰਦ ਵੀ ਨਹੀਂ ਹੈ।
ਉਨ੍ਹਾਂ ਕਿਹਾ ਕਿ 1966 ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕ-ਦੂਜੇ ਉਤੇ ਇਲਜ਼ਾਮ ਲਗਾਉਂਦੀਆਂ ਆ ਰਹੀਆਂ ਹਨ ਪਰ ਕਿਸੇ ਨੇ ਇਸ ਮਸਲੇ ਦਾ ਹੱਲ ਨਹੀਂ ਕੱਢਿਆ। ਉਨ੍ਹਾਂ ਕਿਹਾ ਕਿ ਸਬੰਧਤ ਧਿਰਾਂ ਨੂੰ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਸਾਰਿਆਂ ਨੂੰ ਸੋਚਣਾ ਚਾਹੀਦਾ ਹੈ ਕਿ ਕਿਤੇ ਅਜਿਹਾ ਨਾ ਹੋ ਜਾਵੇ ਕਿ ਗੁਰੂਆਂ ਦੀ ਧਰਤੀ ਪਾਣੀ ਤੋਂ ਵਾਂਝੀ ਰਹਿ ਜਾਵੇ।
ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਗ੍ਰਿਫ਼ਤਾਰੀ ’ਤੇ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ। ਪਰਾਲੀ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਪਰਾਲੀ ਦਾ ਸਹੀ ਪ੍ਰਬੰਧਨ ਕੀਤਾ ਜਾਣਾ ਚਾਹੀਦਾ ਹੈ। ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਕਿਸਾਨ ਇਸ ਤੋਂ ਵੱਡੀ ਕਮਾਈ ਕਰ ਸਕਦੇ ਹਨ।