
1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਕਈ ਨੇਤਾਵਾਂ ਦੇ ਬਿਆਨ ਆਉਣੇ ਸ਼ੁਰੂ ਹੋ ਗਏ ਹਨ...
ਨਵੀਂ ਦਿੱਲੀ (ਭਾਸ਼ਾ) : 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਕਈ ਨੇਤਾਵਾਂ ਦੇ ਬਿਆਨ ਆਉਣੇ ਸ਼ੁਰੂ ਹੋ ਗਏ ਹਨ, ਤਾਂ ਜੋ ਅਪਣੇ ਆਪ ਨੂੰ ਸਿੱਖਾਂ ਦੇ ਵੱਡੇ ਹਮਾਇਤੀ ਵਜੋਂ ਪੇਸ਼ ਕੀਤਾ ਜਾ ਸਕੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਇਸ ਫ਼ੈਸਲੇ 'ਤੇ ਖ਼ੁਸ਼ੀ ਜ਼ਾਹਰ ਕੀਤੀ ਹੈ ਅਤੇ ਸੱਜਣ ਕੁਮਾਰ ਲਈ ਫਾਂਸੀ ਦੀ ਮੰਗ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੇਸ਼ੱਕ ਸਿੱਖਾਂ ਦੀ ਸਰਵਉਚ ਸੰਸਥਾ ਹੈ, ਪਰ ਇਸ ਨੇ ਵੀ 84 ਸਿੱਖ ਕਤਲੇਆਮ ਦੇ ਬਹੁਤ ਸਾਰੇ ਪੀੜਤਾਂ ਦੀ ਬਾਂਹ ਨਹੀਂ ਫੜੀ।
ਸਪੋਕਸਮੈਨ ਨਾਲ ਇੰਟਰਵਿਊ ਦੌਰਾਨ ਕੁੱਝ 84 ਪੀੜਤਾਂ ਨੇ ਸ਼ਰ੍ਹੇਆਮ ਇਸ ਗੱਲ ਦਾ ਖ਼ੁਲਾਸਾ ਕੀਤਾ ਸੀ। ਬਹੁਤ ਸਾਰੇ ਪੀੜਤਾਂ ਦਾ ਕਹਿਣਾ ਹੈ ਕਿ ਨਾ ਤਾਂ ਬਾਦਲ ਪਰਿਵਾਰ ਨੇ ਉਨ੍ਹਾਂ ਦੀ ਕੋਈ ਮਦਦ ਕੀਤੀ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਨੇ। ਭਾਵੇਂ ਕਿ ਅਪਣੀਆਂ ਸਮੱਸਿਆਵਾਂ ਸਬੰਧੀ ਉਨ੍ਹਾਂ ਚਿੱਠੀਆਂ ਵੀ ਲਿਖੀਆਂ ਅਤੇ ਖ਼ੁਦ ਵੀ ਜਾ ਕੇ ਮਿਲੇ। ਪਰ ਕੋਈ ਹੱਲ ਨਹੀਂ ਕੀਤਾ ਗਿਆ। ਇਨ੍ਹਾਂ 84 ਪੀੜਤਾਂ ਦੇ ਖ਼ੁਲਾਸੇ ਤੋਂ ਸਾਫ਼ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਨ੍ਹਾਂ ਆਗੂਆਂ ਵਲੋਂ ਮਹਿਜ਼ ਬਿਆਨਬਾਜ਼ੀਆਂ ਰਾਹੀਂ ਅਪਣੇ ਆਪ ਨੂੰ ਚਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਇਨ੍ਹਾਂ ਵਲੋਂ ਕੀਤੇ ਜਾਂਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ।