
ਅਦਾਲਤ ਨੇ ਪਟੀਸ਼ਨਕਰਤਾਵਾਂ ਨੂੰ 10 ਦਿਨਾਂ ਦੇ ਅੰਦਰ ਚੋਣ ਕਮਿਸ਼ਨ ਦੇ ਸਾਹਮਣੇ ਇਕ ਪ੍ਰਤੀਨਿਧਤਾ ਪੇਸ਼ ਕਰਨ ਲਈ ਕਿਹਾ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੋਣ ਕਮਿਸ਼ਨ ਦੀ ਇਸ ਦਲੀਲ ਦਾ ਨੋਟਿਸ ਲਿਆ ਕਿ ਉਹ ਅਪਣੀ ਵੈੱਬਸਾਈਟ ’ਤੇ ਬੂਥ-ਵਾਰ ਵੋਟ ਫ਼ੀ ਸਦੀ ਅੰਕੜੇ ਅਪਲੋਡ ਕਰਨ ਦੀ ਮੰਗ ’ਤੇ ਚਰਚਾ ਕਰਨ ਲਈ ਤਿਆਰ ਹੈ।
ਅਦਾਲਤ ਨੇ ਪਟੀਸ਼ਨਕਰਤਾਵਾਂ ਨੂੰ 10 ਦਿਨਾਂ ਦੇ ਅੰਦਰ ਚੋਣ ਕਮਿਸ਼ਨ ਦੇ ਸਾਹਮਣੇ ਇਕ ਪ੍ਰਤੀਨਿਧਤਾ ਪੇਸ਼ ਕਰਨ ਲਈ ਕਿਹਾ। ਚੀਫ ਜਸਟਿਸ ਸੰਜੀਵ ਖੰਨਾ, ਜਸਟਿਸ ਸੰਜੇ ਕੁਮਾਰ ਅਤੇ ਜਸਟਿਸ ਕੇ.ਵੀ. ਰਾਮਚੰਦਰਨ ਵੀ ਮੌਜੂਦ ਸਨ। ਵਿਸ਼ਵਨਾਥਨ ਦੀ ਬੈਂਚ 2019 ’ਚ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਅਤੇ ਐਨ.ਜੀ.ਓ. ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਸ ਵਲੋਂ ਦਾਇਰ ਦੋ ਜਨਹਿੱਤ ਪਟੀਸ਼ਨਾਂ ਦੀ ਸੁਣਵਾਈ ਕਰ ਰਹੀ ਸੀ।
ਪਟੀਸ਼ਨਕਰਤਾਵਾਂ ਨੇ ਚੋਣ ਕਮਿਸ਼ਨ ਨੂੰ ਇਹ ਹੁਕਮ ਦੇਣ ਦੀ ਮੰਗ ਕੀਤੀ ਸੀ ਕਿ ਉਹ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ’ਚ ਵੋਟਿੰਗ ਖਤਮ ਹੋਣ ਦੇ 48 ਘੰਟਿਆਂ ਦੇ ਅੰਦਰ ਕਮਿਸ਼ਨ ਦੀ ਵੈੱਬਸਾਈਟ ’ਤੇ ਬੂਥ-ਵਾਰ ਵੋਟ ਫ਼ੀ ਸਦੀ ਅੰਕੜੇ ਅਪਲੋਡ ਕਰੇ।
ਚੋਣ ਕਮਿਸ਼ਨ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਪਟੀਸ਼ਨਕਰਤਾਵਾਂ ਨੂੰ ਮਿਲਣਾ ਚਾਹੁੰਦੇ ਹਨ ਅਤੇ ਸ਼ਿਕਾਇਤ ’ਤੇ ਚਰਚਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ, ‘‘ਹੁਣ ਸਾਡੇ ਕੋਲ ਨਵਾਂ ਮੁੱਖ ਚੋਣ ਕਮਿਸ਼ਨਰ ਹੈ। ਪਟੀਸ਼ਨਕਰਤਾ ਉਨ੍ਹਾਂ ਨੂੰ ਮਿਲ ਸਕਦੇ ਹਨ ਅਤੇ ਇਸ ’ਤੇ ਵਿਚਾਰ ਕੀਤਾ ਜਾ ਸਕਦਾ ਹੈ।’’
ਸੀ.ਜੇ.ਆਈ. ਨੇ ਕਿਹਾ ਕਿ ਚੋਣ ਕਮਿਸ਼ਨ ਦੇ ਵਕੀਲ ਨੇ ਕਿਹਾ, ‘‘ਪਟੀਸ਼ਨਕਰਤਾ (ਗੈਰ ਸਰਕਾਰੀ ਸੰਗਠਨ ਅਤੇ ਸੰਸਦ ਮੈਂਬਰ) ਕਮਿਸ਼ਨ ਦੇ ਸਾਹਮਣੇ ਅਪਣੀ ਪ੍ਰਤੀਨਿਧਤਾ ਕਰ ਸਕਦੇ ਹਨ ਅਤੇ ਕਮਿਸ਼ਨ ਉਨ੍ਹਾਂ ਦੀ ਗੱਲ ਸੁਣੇਗਾ ਅਤੇ ਉਨ੍ਹਾਂ ਨੂੰ ਪਹਿਲਾਂ ਹੀ ਸੂਚਿਤ ਕਰੇਗਾ। ਰੀਪੋਰਟ 10 ਦਿਨਾਂ ’ਚ ਪੇਸ਼ ਕੀਤੀ ਜਾਣੀ ਚਾਹੀਦੀ ਹੈ।’’ ਪਿਛਲੇ ਸਾਲ 17 ਮਈ ਨੂੰ ਸੁਪਰੀਮ ਕੋਰਟ ਨੇ ਪਟੀਸ਼ਨਾਂ ’ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਸੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਐਨਜੀਓ ਦੀ ਮੰਗ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਇਸ ਨਾਲ ਚੋਣ ਮਾਹੌਲ ਖਰਾਬ ਹੋਵੇਗਾ।