
ਪਟਿਆਲਾ ਹਾਊਸ ਕੋਰਟ ਨੇ ਸੁਣਾਇਆ ਫ਼ੈਸਲਾ
ਗਰਮਖਿਆਲੀ ਸਮਰਥਕ ਸੰਗਠਨਾਂ ਨਾਲ ਜੁੜੇ ਅੱਤਵਾਦੀ ਫ਼ੰਡਿੰਗ ਮਾਮਲੇ 'ਚ ਹੋਵੇਗੀ ਪੁੱਛਗਿੱਛ
ਨਵੀਂ ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਗਰਮਖਿਆਲੀ ਸਮਰਥਕ ਸੰਗਠਨਾਂ ਨਾਲ ਜੁੜੇ ਅੱਤਵਾਦੀ ਫ਼ੰਡਿੰਗ ਮਾਮਲੇ ਵਿੱਚ ਸੱਤ ਦਿਨਾਂ ਲਈ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੀ ਹਿਰਾਸਤ ਵਿੱਚ ਭੇਜ ਦਿੱਤਾ।
ਐਡਵੋਕੇਟ ਵਿਸ਼ਾਲ ਚੋਪੜਾ ਨੇ ਦੱਸਿਆ ਕਿ ਐਨ.ਆਈ.ਏ. ਦੇ ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਐਨ.ਆਈ.ਏ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸੱਤ ਦਿਨ ਦਾ ਰਿਮਾਂਡ ਮਨਜ਼ੂਰ ਕਰ ਲਿਆ। ਐਨ.ਆਈ.ਏ. ਹੁਣ ਇਸ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਸੱਤ ਦਿਨਾਂ ਤੱਕ ਪੁੱਛਗਿੱਛ ਕਰੇਗੀ।
ਇਸ ਤੋਂ ਪਹਿਲਾਂ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਕੇਸ ਨੂੰ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿੱਚ ਤਬਦੀਲ ਕਰ ਦਿੱਤਾ ਸੀ। ਐਨ.ਆਈ.ਏ. ਨੇ ਗਰਮ ਖਿਆਲੀ ਸਮਰਥਕ ਸੰਗਠਨਾਂ ਨਾਲ ਜੁੜੇ ਅੱਤਵਾਦੀ ਫ਼ੰਡਿੰਗ ਮਾਮਲੇ ਦੀ ਜਾਂਚ ਲਈ ਗ੍ਰਿਫ਼ਤਾਰ ਦੋਸ਼ੀ ਦੀਪਕ ਰੰਗਾ ਦਾ ਸਾਹਮਣਾ ਕਰਨ ਲਈ ਲਾਰੈਂਸ ਬਿਸ਼ਨੋਈ ਦੀ 7 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਆਸਟ੍ਰੇਲੀਆ ਦੀਆਂ 5 ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ ਦੇ ਦਾਖ਼ਲੇ 'ਤੇ ਲਗਾਈ ਪਾਬੰਦੀ
ਜ਼ਿਲ੍ਹਾ ਜੱਜ ਧਰਮੇਸ਼ ਸ਼ਰਮਾ ਨੇ ਬਚਾਅ ਪੱਖ ਦੇ ਵਕੀਲ ਵਿਸ਼ਾਲ ਚੋਪੜਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਸ ਨੂੰ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਤਬਦੀਲ ਕਰ ਦਿੱਤਾ। ਐਡਵੋਕੇਟ ਵਿਸ਼ਾਲ ਚੋਪੜਾ ਨੇ ਆਪਣੀਆਂ ਦਲੀਲਾਂ ਵਿੱਚ ਕਿਹਾ ਕਿ ਐਨ.ਆਈ.ਏ. ਅਦਾਲਤ ਵਿੱਚ ਵੀ ਇੱਕ ਕੇਸ ਵਿਚਾਰ ਅਧੀਨ ਹੈ। ਅਜਿਹੇ 'ਚ ਦੋਵਾਂ ਮਾਮਲਿਆਂ ਦੀ ਸੁਣਵਾਈ ਇਕ ਹੀ ਅਦਾਲਤ 'ਚ ਹੋਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਅਦਾਲਤ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।ਉਸ ਨੂੰ ਐਨ.ਆਈ.ਏ. ਦੇ ਇੱਕ ਕੇਸ ਵਿੱਚ ਅਦਾਲਤ ਵਿੱਚ ਵੀ ਪੇਸ਼ ਕੀਤਾ ਜਾਣਾ ਸੀ। ਉਸ ਨੂੰ ਪੰਜਾਬ ਦੀ ਬਠਿੰਡਾ ਜੇਲ੍ਹ ਤੋਂ ਲਿਆਂਦਾ ਗਿਆ ਹੈ। ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮੇਸ਼ ਸ਼ਰਮਾ ਦੀ ਅਦਾਲਤ ਨੂੰ ਦੱਸਿਆ ਗਿਆ ਕਿ ਪੰਜਾਬ ਪੁਲਿਸ ਅਤੇ ਹੋਰ ਏਜੰਸੀਆਂ ਦਿੱਲੀ ਜਾ ਰਹੀਆਂ ਹਨ। ਏਜੰਸੀਆਂ ਲਾਰੈਂਸ ਬਿਸ਼ਨੋਈ ਦੇ ਸਬੰਧ ਵਿਚ ਨਿਰਧਾਰਤ ਸਮੇਂ ਦੌਰਾਨ ਅਦਾਲਤ ਵਿਚ ਨਹੀਂ ਪਹੁੰਚ ਸਕਣਗੀਆਂ। ਇਸ ਤੋਂ ਬਾਅਦ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਭੇਜਣ ਅਤੇ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ।