
ਉਹਨਾਂ ਕਿਹਾ ਕਿ ਦੇਸ਼ ਦੀ ਆਮ ਜਨਤਾ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।
ਲਖਨਊ: ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੇਸ਼ ਵਿਚ ਲਗਾਤਾਰ ਵੱਧ ਰਹੀ ਗਰੀਬੀ, ਬੇਰੁਜ਼ਗਾਰੀ ਅਤੇ ਮਹਿੰਗਾਈ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਧਾਰਮਿਕ ਸਥਾਨਾਂ ਨਾਲ ਸਬੰਧਤ ਮੁੱਦੇ ਉਠਾ ਰਹੀਆਂ ਹਨ। ਮਾਇਆਵਤੀ ਨੇ ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ ਹੈ।
ਉਹਨਾਂ ਕਿਹਾ, “ਭਾਰਤੀ ਜਨਤਾ ਪਾਰਟੀ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੇਸ਼ ਵਿਚ ਗਰੀਬੀ, ਬੇਰੁਜ਼ਗਾਰੀ ਅਤੇ ਅਸਮਾਨ ਨੂੰ ਛੂਹ ਰਹੀ ਮਹਿੰਗਾਈ ਵਰਗੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਧਾਰਮਿਕ ਸਥਾਨਾਂ ਨਾਲ ਸਬੰਧਤ ਮੁੱਦੇ ਉਠਾ ਰਹੀਆਂ ਹਨ। ਇਸ ਨਾਲ ਇੱਥੇ ਕਿਸੇ ਵੇਲੇ ਵੀ ਹਾਲਾਤ ਵਿਗੜ ਸਕਦੇ ਹਨ”। ਮਾਇਆਵਤੀ ਨੇ ਕਿਹਾ, ‘ਜਿਸ ਤਰ੍ਹਾਂ ਗਿਆਨਵਾਪੀ, ਮਥੁਰਾ, ਤਾਜ ਮਹਿਲ ਆਦਿ ਦੀ ਆੜ ਵਿਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਇਆ ਜਾ ਰਿਹਾ ਹੈ, ਇਸ ਨਾਲ ਦੇਸ਼ ਮਜ਼ਬੂਤ ਨਹੀਂ ਸਗੋਂ ਕਮਜ਼ੋਰ ਹੋਵੇਗਾ’।
ਬਸਪਾ ਆਗੂ ਨੇ ਕਿਹਾ ਕਿ ਇਸ ਦੇ ਨਾਲ ਹੀ ਇਕ-ਇਕ ਕਰਕੇ ਕਿਸੇ ਵਿਸ਼ੇਸ਼ ਭਾਈਚਾਰੇ ਨਾਲ ਸਬੰਧਤ ਸਥਾਨਾਂ ਦੇ ਨਾਂਅ ਵੀ ਬਦਲੇ ਜਾ ਰਹੇ ਹਨ, ਜਿਸ ਨਾਲ ਦੇਸ਼ ਵਿਚ ਨਫ਼ਰਤ ਅਤੇ ਬੇਚੈਨੀ ਦੀ ਭਾਵਨਾ ਪੈਦਾ ਹੋਵੇਗੀ। ਇਹ ਬੇਹੱਦ ਚਿੰਤਾਜਨਕ ਹੈ। ਦੇਸ਼ ਦੀ ਆਮ ਜਨਤਾ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।