
20 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
ਨਵੀਂ ਦਿੱਲੀ: ਰਾਊਜ਼ ਐਵੇਨਿਊ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਅਤੇ ਸਕੱਤਰ ਵਿਨੋਦ ਤੋਮਰ ਨੂੰ ਅੰਤਰਿਮ ਜ਼ਮਾਨਤ ਦੇ ਦਿਤੀ ਹੈ। ਬ੍ਰਿਜ ਭੂਸ਼ਣ ਨੂੰ ਇਹ ਜ਼ਮਾਨਤ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ’ਤੇ ਮਿਲੀ ਹੈ। 6 ਪਹਿਲਵਾਨਾਂ ਵਲੋਂ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਮੰਗਲਵਾਰ ਨੂੰ ਅਦਾਲਤ ਵਿਚ ਸੁਣਵਾਈ ਹੋਈ। ਰੇਗੂਲਰ ਜ਼ਮਾਨਤ ’ਤੇ ਸੁਣਵਾਈ 20 ਜੁਲਾਈ ਨੂੰ ਹੋਵੇਗੀ।
ਇਹ ਵੀ ਪੜ੍ਹੋ: ਬੇਂਗਲੁਰੂ ਵਿਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਦੂਜੇ ਦਿਨ ਵੀ ਜਾਰੀ; 26 ਪਾਰਟੀਆਂ ਦੇ ਆਗੂ ਹੋਏ ਸ਼ਾਮਲ
ਇਸ ਤੋਂ ਪਹਿਲਾਂ ਅਦਾਲਤ ਨੇ 7 ਜੁਲਾਈ ਨੂੰ ਸੰਮਨ ਜਾਰੀ ਕਰਕੇ ਦੋਵਾਂ ਨੂੰ 18 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿਤਾ ਸੀ। ਇਸ 'ਤੇ ਬ੍ਰਿਜ ਭੂਸ਼ਣ ਨੇ ਕਿਹਾ ਸੀ ਕਿ ਉਹ ਅਦਾਲਤ 'ਚ ਜ਼ਰੂਰ ਪੇਸ਼ ਹੋਣਗੇ। ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਸੇ ਛੋਟ ਦੀ ਲੋੜ ਨਹੀਂ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 1 ਜੁਲਾਈ ਨੂੰ ਹੋਈ ਸੀ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਜਿਨਸੀ ਸ਼ੋਸ਼ਣ ਮਾਮਲੇ 'ਚ ਦਾਇਰ ਚਾਰਜਸ਼ੀਟ 'ਤੇ ਵਿਚਾਰ ਕਰਨ ਲਈ 7 ਜੁਲਾਈ ਦੀ ਤਰੀਕ ਤੈਅ ਕੀਤੀ ਸੀ।