ਅੱਜ ਕੇਂਦਰੀ ਮੰਤਰੀ ਮੰਡਲ (ਮੋਦੀ ਕੈਬਨਿਟ ਮੀਟਿੰਗ) ਦੀ ਮੀਟਿੰਗ ਹੋਈ, ਜਿਸ ਵਿਚ ਵੱਡਾ ਫ਼ੈਸਲਾ ਲਿਆ ਗਿਆ ਹੈ।
ਨਵੀਂ ਦਿੱਲੀ: ਸੰਸਦ ਦਾ ਵਿਸ਼ੇਸ਼ ਸੈਸ਼ਨ ਸੋਮਵਾਰ (18 ਸਤੰਬਰ) ਤੋਂ ਸ਼ੁਰੂ ਹੋ ਗਿਆ ਹੈ ਤੇ ਇਹ ਵਿਸ਼ੇਸ਼ ਸੈਸ਼ਨ 22 ਸਤੰਬਰ ਤੱਕ ਚੱਲੇਗਾ। ਇਸੇ ਦੌਰਾਨ ਅੱਜ ਕੇਂਦਰੀ ਮੰਤਰੀ ਮੰਡਲ (ਮੋਦੀ ਕੈਬਨਿਟ ਮੀਟਿੰਗ) ਦੀ ਮੀਟਿੰਗ ਹੋਈ, ਜਿਸ ਵਿਚ ਵੱਡਾ ਫ਼ੈਸਲਾ ਲਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਅੱਜ ਸ਼ਾਮ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫ਼ੀਸਦੀ ਸੀਟਾਂ ਦੇ ਰਾਖਵੇਂਕਰਨ ਨੂੰ ਯਕੀਨੀ ਬਣਾਉਣ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਸਰਕਾਰ ਨੇ ਅਜੇ ਤੱਕ ਇਸ ਦਾ ਐਲਾਨ ਨਹੀਂ ਕੀਤਾ ਹੈ ਅਤੇ ਨਾ ਹੀ ਮੰਤਰੀ ਮੰਡਲ ਦੀ ਮੀਟਿੰਗ ਦੀ ਕੋਈ ਪ੍ਰੈਸ ਕਾਨਫਰੰਸ ਹੋਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਦੀ ਇਸ ਟਿੱਪਣੀ ਤੋਂ ਬਾਅਦ ਦਿਲਚਸਪੀ ਵਧ ਗਈ ਸੀ ਕਿ ਇਸ ਵਿਸ਼ੇਸ਼ ਸੈਸ਼ਨ ਵਿਚ ‘ਇਤਿਹਾਸਕ ਫੈਸਲੇ’ ਲਏ ਜਾਣਗੇ। ਇਸ ਤੋਂ ਪਹਿਲਾਂ ਕਈ ਅਹਿਮ ਮੀਟਿੰਗਾਂ ਵੀ ਹੋਈਆਂ। ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿਚ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਸਰਕਾਰ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਦੌਰਾਨ ਵਿਰੋਧੀ ਗਠਜੋੜ ਇੰਡੀਆ ਸਮੇਤ ਰਾਸ਼ਟਰੀ ਜਮਹੂਰੀ ਗਠਜੋੜ (ਐਨ.ਡੀ.ਏ.) ਦੀਆਂ ਕਈ ਪਾਰਟੀਆਂ ਨੇ ਸੈਸ਼ਨ 'ਚ ਮਹਿਲਾ ਰਾਖਵੇਂਕਰਨ ਦੇ ਬਿੱਲ ਨੂੰ ਪਾਸ ਕਰਨ ਦਾ ਸਮਰਥਨ ਕੀਤਾ।ਜਿਸ 'ਤੇ ਸਰਕਾਰ ਨੇ ਕਿਹਾ ਕਿ ਇਸ 'ਤੇ ਢੁਕਵੇਂ ਸਮੇਂ 'ਤੇ ਫੈਸਲਾ ਲਿਆ ਜਾਵੇਗਾ।