
ਕਿਹਾ : ਸਿੱਖ ਸਮਾਜ ਨੇ ਦੇਸ਼-ਵਿਦੇਸ਼ ’ਚ ਬਣਾਈ ਆਪਣੀ ਵੱਖਰੀ ਪਹਿਚਾਣ
ਲਖਨਊ : ਸਮਾਜਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ, ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਰਾਹਤ ਦੇਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਨਕੀਰਤ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਕਰੋੜ ਰੁਪਏ ਖਰਚ ਕੀਤੇ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੇ ਸਖ਼ਤ ਮਿਹਨਤ ਕਰਕੇ ਭਾਰਤ ਅਤੇ ਵਿਦੇਸ਼ਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਉਮੀਦ ਅਨੁਸਾਰ ਸਹਾਇਤਾ ਨਹੀਂ ਦਿੱਤੀ।
ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਡਬਲ-ਇੰਜਣ ਵਾਲੀ ਸਰਕਾਰ ਕਿਸਾਨ ਵਿਰੋਧੀ, ਨੌਜਵਾਨ ਵਿਰੋਧੀ ਅਤੇ ਔਰਤਾਂ ਵਿਰੋਧੀ ਹੈ। ਸੂਬੇ ਵਿੱਚ ਹਿਰਾਸਤੀ ਮੌਤਾਂ ਅਤੇ ਫਰਜ਼ੀ ਮੁਕਾਬਲੇ ਹੋ ਰਹੇ ਹਨ, ਔਰਤਾਂ ਅਤੇ ਕੁੜੀਆਂ ਅਸੁਰੱਖਿਅਤ ਹਨ, ਅਤੇ ਸੂਬੇ ਅੰਦਰ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ।
ਲੋਕਤੰਤਰ ਵਿੱਚ ਵੋਟਾਂ ਲੁੱਟੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਪਸ਼ੂਆਂ ਲਈ ਚਾਰੇ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਦਾ ਹੜ੍ਹਾਂ ਦੌਰਾਨ ਨੁਕਸਾਨ ਹੋਇਆ ਉਨ੍ਹਾਂ ਨੂੰ ਕੇਂਦਰ ਸਰਕਾਰ ਬਣਦਾ ਮੁਆਵਜ਼ਾ ਦੇਵੇ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਫੈਲਣ ਵਾਲੀਆਂ ਨੂੰ ਰੋਕਣ ਲਈ ਡਾਕਟਰੀ ਅਤੇ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ।