
ਰਾਹੁਲ ਗਾਂਧੀ ਵੱਲੋਂ ਲਗਾਏ ਗਏ ਦੋਸ਼ਾਂ ’ਤੇ ਕੀਤਾ ਪਲਟਵਾਰ
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਨੁਰਾਗ ਠਾਕੁਰ ਨੇ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਵਰ੍ਹੇ। ਉਨ੍ਹਾਂ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਹੈੱਡਕੁਆਰਟਰ ’ਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਰਾਹੁਲ ਗਾਂਧੀ ਅਰਾਜਕਤਾ ਫੈਲਾਉਣਾ ਬੰਦ ਕਰਨ। ਇਸ ਦੌਰਾਨ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਜਪਾ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਕੰਮ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਘੁਸਪੈਠੀਆਂ ਨਾਲ ਕਿਉਂ ਖੜ੍ਹੇ ਹਨ। ਕਾਂਗਰਸ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਭਾਰਤ ਦਾ ਲੋਕਤੰਤਰ ਕਮਜ਼ੋਰ ਨਹੀਂ ਹੋਵੇਗਾ। ਭਾਜਪਾ ਆਗੂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਲੋਕਤੰਤਰ ਵਿੱਚ ਕੋਈ ਦਿਲਚਸਪੀ ਨਹੀਂ ਹੈ।
ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵੱਲੋਂ ਲਗਾਏ ਗਏ ਵੋਟ ਚੋਰੀ ਦੇ ਨਵੇਂ ਦੋਸ਼ਾਂ ’ਤੇ ਭਾਜਪਾ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਰਾਹੁਲ ਗਾਂਧੀ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਕਦੇ ਮੁਆਫੀ ਮੰਗਣੀ ਪਈ ਅਤੇ ਕਦੇ ਅਦਾਲਤ ਵੱਲੋਂ ਝਾੜ ਪਈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਕਰੀਬ 90 ਚੋਣਾਂ ਹਾਰ ਚੁੱਕੀ ਹੈ ਅਤੇ ਰਾਹੁਲ ਗਾਂਧੀ ਵੱਲੋਂ ਗਲਤ ਇਲਜ਼ਾਮ ਲਗਾਉਣਾ ਉਨ੍ਹਾਂ ਦੀ ਆਦਤ ਬਣ ਗਈ ਹੈ।