ਦਿੱਲੀ ਦੀ ਹਾਈਕੋਰਟ ਵੱਲੋਂ ਸਿੱਖ ਕਤਲੇਆਮ ਦੇ ਕੇਸ ਵਿੱਚ ਉਮਰ ਕੈਦ ਹੋਣ ਮਗਰੋਂ ਸੱਜਣ ਕੁਮਾਰ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ....
ਨਵੀਂ ਦਿੱਲੀ (ਭਾਸ਼ਾ) : ਦਿੱਲੀ ਦੀ ਹਾਈਕੋਰਟ ਵੱਲੋਂ ਸਿੱਖ ਕਤਲੇਆਮ ਦੇ ਕੇਸ ਵਿੱਚ ਉਮਰ ਕੈਦ ਹੋਣ ਮਗਰੋਂ ਸੱਜਣ ਕੁਮਾਰ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਸੱਜਣ ਕੁਮਾਰ ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਕਾਂਗਰਸ ਪਾਰਟੀ ਦੀ ਮੁਢਲੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਸੱਜਣ ਕੁਮਾਰ ਨੂੰ ਹੋਏ ਸਜਾ ਤੋਂ ਬਾਅਦ ਕਾਂਗਰਸ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ | ਕਾਂਗਰਸ ਵਿਰੋਧੀਆਂ ਵੱਲੋਂ ਜਿਥੇ ਸਿੱਖ ਕੌਮ ਨੂੰ ਵਧਾਈ ਦਿੱਤੀ ਜਾ ਰਹੀ ਹੈ ਉਥੇ ਸੱਜਣ ਕੁਮਾਰ ਤੋਂ ਬਾਅਦ ਜਗਦੀਸ਼ ਟਾਇਟਲਰ ਅਤੇ ਕਮਲਨਾਥ ਨੂੰ ਸਿੱਖ ਕਤਲੇਆਮ ਦੇ ਮਾਮਲਿਆਂ ਵਿਚ ਸਜਾ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਸਪਸ਼ਟ ਕਿਹਾ ਹੈ ਕਿ 1984 ਵਿੱਚ ਸਿਆਸੀ ਸਰਪ੍ਰਸਤੀ ਹੇਠ ਹੀ ਦਰਿੰਦਗੀ ਦਾ ਨਾਚ ਹੋਇਆ ਸੀ। ਦਿੱਲੀ ਹਾਈਕੋਰਟ ਨੇ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ 'ਚ ਪੰਜ ਸਿੱਖਾਂ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਦੇ ਨਾਲ ਹੀ ਅਦਾਲਤ ਨੇ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਦੋ ਹੋਰ ਦੋਸ਼ੀਆਂ ਕਿਸ਼ਨ ਖੋਖਰ ਤੇ ਸਾਬਕਾ ਵਕੀਲ ਮਹਿੰਦਰ ਯਾਦਵ ਦੀ ਸਜ਼ਾ 3 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ।