
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ।
ਪੂਰਨੀਆ (ਬਿਹਾਰ), 26 ਅਗੱਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਸਮੀਖਿਆ ਮਗਰੋਂ ਉਨ੍ਹਾਂ ਬਿਹਾਰ ਨੂੰ ਮਦਦ ਵਜੋਂ 500 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਹਾਲਾਤ ਦਾ ਜਾਇਜ਼ਾ ਲੈਣ ਸਮੇਂ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਉਨ੍ਹਾਂ ਦੇ ਨਾਲ ਸਨ। ਪ੍ਰਧਾਨ ਮੰਤਰੀ ਨੇ ਨੁਕਸਾਨ ਦਾ ਪਤਾ ਲਾਉਣ ਲਈ ਤੁਰਤ ਕੇਂਦਰੀ ਟੀਮ ਭੇਜਣ ਦਾ ਭਰੋਸਾ ਦਿਤਾ। ਸੜਕਾਂ ਦੀ ਮੁਰੰਮਤ ਕਰਨ ਲਈ ਵੀ ਕਿਹਾ ਗਿਆ ਹੈ। ਹੜ੍ਹ ਤੋਂ ਪ੍ਰਭਾਵਤ ਬਿਜਲੀ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਬਹਾਲੀ ਲਈ ਕੇਂਦਰ, ਰਾਜ ਸਰਕਾਰ ਦੀ ਹਰ ਸੰਭਵ ਮਦਦ ਕਰੇਗਾ। ਪ੍ਰਧਾਨ ਮੰਤਰੀ ਰਾਹਤ ਫ਼ੰਡ ਵਿਚੋਂ ਹਰ ਮ੍ਰਿਤਕ ਦੇ ਪਰਵਾਰ ਨੂੰ 2 ਲੱਖ ਰੁਪਏ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਵਿਅਕਤੀ ਨੂੰ 50 ਹਜ਼ਾਰ ਰੁਪਏ ਦੀ ਦਰ ਨਾਲ ਸਹਾਇਤਾ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਦੇ ਪੂਰਨੀਆ ਪਹੁੰਚਣ 'ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਕੀਤੀ। ਮੋਦੀ ਨੇ ਹੈਲੀਕਾਪਟਰ ਰਾਹੀਂ ਹੜ੍ਹ ਪ੍ਰਭਾਵਤ ਅਰਰੀਆ, ਕਟਿਹਾਰ ਅਤੇ ਕਿਸ਼ਨਗੰਜ ਇਲਾਕਿਆਂ ਦਾ ਸਰਵੇਖਣ ਕੀਤਾ ਅਤੇ ਤਬਾਹੀ ਵੇਖੀ। (ਏਜੰਸੀ)