
ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਅਪਣੇ 50 ਪ੍ਰਤੀਸ਼ਤ ਕਰਮਚਾਰੀਆਂ ਨੂੰ ਕਿਹਾ ਹੈ ਕਿ ਉਹ ਘਰ ਤੋਂ ਕੰਮ ਕਰਨ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਅਪਣੇ 50 ਪ੍ਰਤੀਸ਼ਤ ਕਰਮਚਾਰੀਆਂ ਨੂੰ ਕਿਹਾ ਹੈ ਕਿ ਉਹ ਘਰ ਤੋਂ ਕੰਮ ਕਰਨ ਅਤੇ ਬਾਕੀ ਬਚੇ ਹੋਏ 50 ਪ੍ਰਤੀਸ਼ਤ ਲੋਕ ਹੀ ਦਫ਼ਤਰ ਆਉਣਗੇ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਦਿੱਲੀ ਅਤੇ ਪੰਜਾਬ ਸਮੇਤ ਹੋਰ ਕਈ ਸੂਬਿਆਂ ਵੱਲੋਂ ਵਿਦਿਅਕ ਅਦਾਰੇ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।
ਇਸ ਦੇ ਲਈ ਸਿੱਖਿਆ ਵਿਭਾਗ ਨੇ ਸਰਕੂਲਰ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਸੂਬਿਆਂ ਦੀਆਂ ਸਰਕਾਰ ਨੇ ਐਲਾਨ ਕੀਤਾ ਸੀ ਕਿ ਸਿਰਫ਼ ਉਹੀ ਸਕੂਲ ਕਾਲਜ ਖੁੱਲ੍ਹੇ ਰਹਿਣਗੇ, ਜਿਨ੍ਹਾਂ ਵਿਚ ਪ੍ਰੀਖਿਆਵਾਂ ਜਾਰੀ ਹਨ। ਹੁਣ ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਨੂੰ 31 ਮਾਰਚ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ।
ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤਾ ਕਿ ਸੀਬੀਐਸਈ ਅਤੇ ਹੋਰ ਸਾਰੀਆਂ ਸੰਸਥਾਵਾਂ ਦੀਆਂ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ ਕੀਤੀਆਂ ਜਾਣਗੀਆਂ। ਇਹਨਾਂ ਵਿਚ ਕਾਲਜ ਅਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵੀ ਸ਼ਾਮਲ ਹਨ। ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ ਅਤੇ ਇਹ ਅੰਕੜਾ 166 ਦੇ ਕਰੀਬ ਪਹੁੰਚ ਗਿਆ ਹੈ।
ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਇਹਨਾਂ ਵਿਤ 25 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆਇਆ ਹੈ। ਭਾਰਤ ਨੇ ਕੋਰੋਨਾ ਵਾਇਰਸ ਫੈਲਣ ਦੇ ਮੱਦੇਨਜ਼ਰ 36 ਦੇਸ਼ਾਂ ਦੇ ਯਾਤਰੀਆਂ ਦੇ ਅਸਥਾਈ ਤੌਰ 'ਤੇ ਦਾਖਲ ਹੋਣ 'ਤੇ ਪਾਬੰਦੀ ਲਗਾਈ ਹੈ। ਇਸ ਦੇ ਨਾਲ ਹੀ 11 ਦੇਸ਼ਾਂ ਦੇ ਯਾਤਰੀਆਂ ਨੂੰ ਲਾਜ਼ਮੀ ਤੌਰ 'ਤੇ ਅੱਲਗ ਰੱਖਿਆ ਜਾਵੇਗਾ।