
ਈ.ਡੀ. ਨੇ ਕੇਜਰੀਵਾਲ ਨੂੰ 21 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਜਾਰੀ ਨੌਵੇਂ ਸੰਮਨ ਵਿਰੁਧ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਦੀ ਪਟੀਸ਼ਨ ਬੁਧਵਾਰ ਨੂੰ ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਦੀ ਬੈਂਚ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਹੈ। ਈ.ਡੀ. ਨੇ ਕੇਜਰੀਵਾਲ ਨੂੰ 21 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ।
ਕੇਜਰੀਵਾਲ ਨੇ ਤਾਜ਼ਾ ਸੰਮਨਾਂ ਵਿਰੁਧ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਈ.ਡੀ. ਨੇ ਨੌਵਾਂ ਸੰਮਨ ਜਾਰੀ ਕਰ ਕੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਦੀਆਂ ਧਾਰਾਵਾਂ ਤਹਿਤ ਪੁੱਛ-ਪੜਤਾਲ ਲਈ ਪੇਸ਼ ਹੋਣ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਵਾਰ-ਵਾਰ ਏਜੰਸੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿਤਾ ਹੈ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ’ਚ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਹੈ। ਇਸ ਵਿਵਾਦਪੂਰਨ ਨੀਤੀ ਨੂੰ ਬਾਅਦ ’ਚ ਰੱਦ ਕਰ ਦਿਤਾ ਗਿਆ ਸੀ।
ਲੈਫਟੀਨੈਂਟ ਗਵਰਨਰ ਵੀ.ਕੇ. ਸਕਸੈਨਾ ਦੀ ਸਿਫਾਰਸ਼ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿਚ ਐਫ.ਆਈ.ਆਰ. ਦਰਜ ਕੀਤੀ ਅਤੇ ਇਸ ਦੇ ਆਧਾਰ ’ਤੇ ਈ.ਡੀ. ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਕੀਤੀ।