
ਕਿਹਾ, ਅਸੀਂ ਸੰਵਿਧਾਨ ਦੀ ਪਾਲਣਾ ਕਰਦੇ ਹਾਂ ਜੋ ਧਰਮ ਦੇ ਆਧਾਰ ’ਤੇ ਰਾਖਵਾਂਕਰਨ ਅਤੇ ਨਾਗਰਿਕਤਾ ਦੇਣ ਦੀ ਇਜਾਜ਼ਤ ਨਹੀਂ ਦਿੰਦਾ
ਪਟਨਾ: ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਐਤਵਾਰ ਨੂੰ ਕਿਹਾ ਕਿ ਕਰਨਾਟਕ ਸਮੇਤ ਜਿਨ੍ਹਾਂ ਸੂਬਿਆਂ ’ਚ ਉਨ੍ਹਾਂ ਦੀ ਪਾਰਟੀ ਸੱਤਾ ’ਚ ਹੈ, ਉਨ੍ਹਾਂ ’ਚ ਘੱਟ ਗਿਣਤੀਆਂ ਲਈ ਰਾਖਵਾਂਕਰਨ ਕਦੇ ਵੀ ਧਰਮ ਦੇ ਆਧਾਰ ’ਤੇ ਨਹੀਂ ਸਗੋਂ ਸਮਾਜਕ ਅਤੇ ਆਰਥਕ ਪਿਛੜੇਪਣ ਦੇ ਆਧਾਰ ’ਤੇ ਦਿਤਾ ਗਿਆ ਹੈ।
ਜੈਰਾਮ ਰਮੇਸ਼ ਨੇ ਪਟਨਾ ’ਚ ਕਾਂਗਰਸ ਹੈੱਡਕੁਆਰਟਰ ਸਦਾਕਤ ਆਸ਼ਰਮ ’ਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਕਿਹਾ, ‘‘ਅਸੀਂ ਸੰਵਿਧਾਨ ਦੀ ਪਾਲਣਾ ਕਰਦੇ ਹਾਂ ਜੋ ਧਰਮ ਦੇ ਆਧਾਰ ’ਤੇ ਰਾਖਵਾਂਕਰਨ ਅਤੇ ਨਾਗਰਿਕਤਾ ਦੇਣ ਦੀ ਇਜਾਜ਼ਤ ਨਹੀਂ ਦਿੰਦਾ। ਇਹ ਭਾਰਤੀ ਜਨਤਾ ਪਾਰਟੀ (ਭਾਜਪਾ) ਹੈ ਜਿਸ ਨੇ ਨਾਗਰਿਕਤਾ (ਸੋਧ) ਐਕਟ ਰਾਹੀਂ ਸੰਵਿਧਾਨ ਦੀ ਉਲੰਘਣਾ ਕੀਤੀ ਹੈ ਜੋ ਧਾਰਮਕ ਆਧਾਰ ’ਤੇ ਨਾਗਰਿਕਤਾ ਦੇਣ ਤੋਂ ਇਲਾਵਾ ਕੁੱਝ ਨਹੀਂ ਹੈ। ਇਸ ਨੂੰ ਅਦਾਲਤ ’ਚ ਚੁਨੌਤੀ ਦਿਤੀ ਗਈ ਹੈ।’’
ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਨੇਤਾਵਾਂ ਦੇ ਦੋਸ਼ਾਂ ਦਾ ਜਵਾਬ ਦੇ ਰਹੇ ਸਨ ਕਿ ਕਾਂਗਰਸ ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਦਲਿਤਾਂ ਲਈ ਰੱਖੇ ਗਏ ਰਾਖਵੇਂਕਰਨ ਨੂੰ ਖੋਹ ਕੇ ਮੁਸਲਮਾਨਾਂ ਨੂੰ ਅਪਣਾ ਵੋਟ ਬੈਂਕ ਦੇਣ ਜਾ ਰਹੀ ਹੈ।
ਰਮੇਸ਼ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਇਕ ਤੋਂ ਬਾਅਦ ਇਕ ਝੂਠੇ ਬਿਆਨ ਦੇ ਰਹੇ ਹਨ ਅਤੇ ਦਾਅਵਾ ਕੀਤਾ ਕਿ ਉਹ ਇਸ ਅਹਿਸਾਸ ਤੋਂ ਨਿਰਾਸ਼ ਹਨ ਕਿ ਉਹ ਮੌਜੂਦਾ ਪ੍ਰਧਾਨ ਮੰਤਰੀ ਹਨ।