
Supreme Court: ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਤੇ ਪਿੰਡ ਦੇ ਸਰਪੰਚ ਨੇ ਦਰਜ ਕਰਵਾਈ ਐਫ਼ਆਈਆਰ
Supreme Court news: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਸ਼ੋਕਾ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਅਲੀ ਖ਼ਾਨ ਮਹਿਮੂਦਾਬਾਦ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਜਿਸ ਵਿੱਚ ਆਪ੍ਰੇਸ਼ਨ ਸਿੰਦੂਰ ਨਾਲ ਸਬੰਧਤ ਸੋਸ਼ਲ ਮੀਡੀਆ ਪੋਸਟਾਂ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਗਈ ਸੀ। ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਐਸੋਸੀਏਟ ਪ੍ਰੋਫ਼ੈਸਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ਸੁਣੀਆਂ ਅਤੇ ਕਿਹਾ ਕਿ ਪਟੀਸ਼ਨਾਂ ਨੂੰ ਮੰਗਲਵਾਰ ਜਾਂ ਬੁੱਧਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ।
ਸਿੱਬਲ ਨੇ ਕਿਹਾ, ‘‘ਉਸਨੂੰ ਦੇਸ਼ ਭਗਤੀ ਵਾਲੇ ਬਿਆਨ ਦੇਣ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਰਪਾ ਕਰ ਕੇ ਇਸ ਨੂੰ ਅੱਜ ਹੀ ਸੂਚੀਬੱਧ ਕਰੋ।’’ ਚੀਫ਼ ਜਸਟਿਸ ਨੇ ਕਿਹਾ, ‘‘ਕਿਰਪਾ ਕਰਕੇ ਇਸਨੂੰ ਕੱਲ੍ਹ ਜਾਂ ਪਰਸੋਂ ਸੂਚੀਬੱਧ ਕਰੋ।’’ ਆਪ੍ਰੇਸ਼ਨ ਸਿੰਦੂਰ ਨਾਲ ਸਬੰਧਤ ਸੋਸ਼ਲ ਮੀਡੀਆ ਪੋਸਟਾਂ ਦੇ ਸਬੰਧ ਵਿੱਚ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਖਤਰੇ ਵਿੱਚ ਪਾਉਣ ਸਮੇਤ ਸਖ਼ਤ ਦੋਸ਼ਾਂ ਵਿੱਚ ਦੋ ਐਫ਼ਆਈਆਰ ਦਰਜ ਕਰਨ ਤੋਂ ਬਾਅਦ ਪ੍ਰੋਫ਼ੈਸਰ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਹਾਲ ਹੀ ਵਿੱਚ ਐਸੋਸੀਏਟ ਪ੍ਰੋਫ਼ੈਸਰ ਨੂੰ ਉਨ੍ਹਾਂ ਦੀਆਂ ਟਿੱਪਣੀਆਂ ’ਤੇ ਸਵਾਲ ਚੁੱਕੇਦ ਹੋਏ ਨੋਟਿਸ ਭੇਜਿਆ ਸੀ। ਹਾਲਾਂਕਿ, ਮਹਿਮੂਦਾਬਾਦ ਨੇ ਕਿਹਾ ਸੀ ਕਿ ਉਨ੍ਹਾਂ ਦਾ ‘ਗ਼ਲਤ ਅਰਥ ਕੱਢਿਆ ਗਿਆ।’ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਗਟਾਵੇ ਦੀ ਆਜ਼ਾਦੀ ਦੇ ਆਪਣੇ ਮੌਲਿਕ ਅਧਿਕਾਰ ਦੀ ਵਰਤੋਂ ਕੀਤੀ ਹੈ। ਹਰਿਆਣਾ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਨਰਿੰਦਰ ਕਾਦਿਆਨ ਨੇ ਕਿਹਾ ਕਿ ਸੋਨੀਪਤ ਦੇ ਰਾਏ ਪੁਲਿਸ ਸਟੇਸ਼ਨ ਵਿੱਚ ਦੋ ਐਫ਼ਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਐਫ਼ਆਈਆਰ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਦੀ ਸ਼ਿਕਾਇਤ ’ਤੇ ਅਤੇ ਦੂਜੀ ਪਿੰਡ ਦੇ ਸਰਪੰਚ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ।
(For more news apart from Supreme Court Latest News, stay tuned to Rozana Spokesman)