
ਸੁਪਰੀਮ ਕੋਰਟ ਨੇ ਨੂਪੁਰ ਦੀ ਪਟੀਸ਼ਨ ’ਤੇ ਦਿੱਲੀ ਪੁਲਿਸ, ਪੱਛਮੀ ਬੰਗਾਲ, ਤੇਲੰਗਾਨਾ ਸਣੇ 8 ਸੂਬਿਆਂ ਨੂੰ ਨੋਟਿਸ ਜਾਰੀ ਕਰ 10 ਅਗਸਤ ਤੱਕ ਜਵਾਬ ਮੰਗਿਆ ਹੈ।
ਨਵੀਂ ਦਿੱਲੀ: ਭਾਜਪਾ ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਉਹਨਾਂ ਦੀ ਗ੍ਰਿਫ਼ਤਾਰੀ 'ਤੇ 10 ਅਗਸਤ ਤੱਕ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਪੈਗੰਬਰ ਮੁਹੰਮਦ ਬਾਰੇ ਉਸ ਦੀ ਟਿੱਪਣੀ ਨੂੰ ਲੈ ਕੇ ਦਰਜ ਕਰਵਾਈ ਗਈ ਐੱਫਆਈਆਰ/ਸ਼ਿਕਾਇਤ ਨੂੰ ਲੈ ਕੇ ਨੂਪੁਰ ਸ਼ਰਮਾ ਵਿਰੁੱਧ ਕੋਈ ਜ਼ਬਰਦਸਤੀ ਕਦਮ ਨਹੀਂ ਚੁੱਕੇ ਜਾਣੇ ਚਾਹੀਦੇ। ਅਦਾਲਤ ਨੇ ਇਹ ਹੁਕਮ ਭਵਿੱਖ ਵਿਚ ਦਰਜ ਹੋਣ ਵਾਲੀ ਐਫਆਈਆਰ ਦੇ ਸਬੰਧ ਵਿਚ ਵੀ ਦਿੱਤਾ ਹੈ।
ਇਸ ਤੋਂ ਪਹਿਲਾਂ ਅਦਾਲਤ ਦੇ ਸਾਹਮਣੇ ਨੂਪੁਰ ਦੇ ਵਕੀਲ ਨੇ ਇਹ ਕਹਿੰਦਿਆਂ ਅਦਾਲਤ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ ਕਿ ਪਾਕਿਸਤਾਨ ਤੋਂ ਉਸ ਦੀ ਜਾਨ ਨੂੰ ਖ਼ਤਰਾ ਹੈ। ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਹੁਕਮਾਂ ਤੋਂ ਬਾਅਦ ਕੁਝ ਅਹਿਮ ਘਟਨਾਕ੍ਰਮ ਵਾਪਰਿਆ ਹੈ। ਪਟੀਸ਼ਨਕਰਤਾ ਦੀ ਜਾਨ ਨੂੰ ਗੰਭੀਰ ਖ਼ਤਰਾ ਹੈ। ਪਾਕਿਸਤਾਨ ਤੋਂ ਇਕ ਵਿਅਕਤੀ ਆਉਣ ਦੀ ਖ਼ਬਰ ਹੈ।
ਵਿਅਕਤੀ ਨੂੰ ਪਟਨਾ ਤੋਂ ਹਿਰਾਸਤ 'ਚ ਲੈ ਲਿਆ ਗਿਆ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਨੂਪੁਰ ਦੀ ਪਟੀਸ਼ਨ ’ਤੇ ਦਿੱਲੀ ਪੁਲਿਸ, ਪੱਛਮੀ ਬੰਗਾਲ, ਤੇਲੰਗਾਨਾ ਸਣੇ 8 ਸੂਬਿਆਂ ਨੂੰ ਨੋਟਿਸ ਜਾਰੀ ਕਰ 10 ਅਗਸਤ ਤੱਕ ਜਵਾਬ ਮੰਗਿਆ ਹੈ। ਅਦਾਲਤ ਅਗਲੀ ਸੁਣਵਾਈ ਦੌਰਾਨ ਸਾਰੇ ਕੇਸ ਟ੍ਰਾਂਸਫਰ ਕਰਨ ’ਤੇ ਵੀ ਵਿਚਾਰ ਕਰ ਸਕਦੀ ਹੈ।