
ਸੰਗਠਨ ਵੱਲੋਂ ਕਈ ਸ਼ਹਿਰੀ ਖੇਤਰਾਂ ਵਿਚ ਨਕਸਲੀ ਗਤੀਵਿਧੀਆਂ ਅਤੇ ਉਹਨਾਂ ਦੇ ਪ੍ਰਭਾਵ ਨੂੰ ਵਧਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ।
ਮੁੰਬਈ: ਦੇਸ਼ ਦੇ ਕਈ ਸੂਬਿਆਂ ਦੇ ਸ਼ਹਿਰੀ ਖੇਤਰਾਂ ਵਿਚ ਪਾਬੰਦੀਸ਼ੁਦਾ ਸੰਗਠਨ ਭਾਰਤੀ ਕਮਿਊਨਿਸਟ ਪਾਰਟੀ (ਮਾਓਵਾਦੀ) ਦੀ ਸਰਗਰਮੀ ਵਧਣ ਲੱਗੀ ਹੈ। ਇਸ ਸੰਗਠਨ ਵੱਲੋਂ ਕਈ ਸ਼ਹਿਰੀ ਖੇਤਰਾਂ ਵਿਚ ਨਕਸਲੀ ਗਤੀਵਿਧੀਆਂ ਅਤੇ ਉਹਨਾਂ ਦੇ ਪ੍ਰਭਾਵ ਨੂੰ ਵਧਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਜਥੇਬੰਦੀ ਨੇ ਸ਼ਹਿਰੀ ਖੇਤਰਾਂ ਵਿਚ ਗੁਰੀਲਾ ਜੰਗ ਵਧਾਉਣ ਦੇ ਵੀ ਹੁਕਮ ਦਿੱਤੇ ਹਨ। ਜਥੇਬੰਦੀ ਨੇ ਇਹ ਵੀ ਮੰਨਿਆ ਹੈ ਕਿ ਉਸ ਨੇ ਦਿੱਲੀ ਦੇ ਕਿਸਾਨ ਅੰਦੋਲਨ ਵਿਚ ਗੁਪਤ ਰੂਪ ਵਿਚ ਘੁਸਪੈਠ ਕੀਤੀ ਸੀ।
ਸੂਤਰਾਂ ਅਨੁਸਾਰ ਪਾਬੰਦੀਸ਼ੁਦਾ ਸੰਗਠਨ ਸੀਪੀਆਈ (ਮਾਓਵਾਦੀ) ਵੱਲੋਂ ਮਹਾਰਾਸ਼ਟਰ, ਬਿਹਾਰ, ਛੱਤੀਸਗੜ੍ਹ, ਉੜੀਸਾ ਅਤੇ ਝਾਰਖੰਡ ਸੂਬਿਆਂ ਦੇ ਸ਼ਹਿਰੀ ਖੇਤਰਾਂ ਵਿਚ ਇਹਨਾਂ ਗਤੀਵਿਧੀਆਂ ਨੂੰ ਵਧਾਉਣ ਲਈ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ। ਸੀਪੀਆਈ (ਮਾਓਵਾਦੀ) ਨੇ ਇਹਨਾਂ ਸੂਬਿਆਂ ਦੇ ਸ਼ਹਿਰੀ ਖੇਤਰਾਂ ਵਿਚ ਗੁਰੀਲਾ ਯੁੱਧ ਵਿਚ ਵਾਧਾ ਕਰਨ ਦਾ ਹੁਕਮ ਦਿੱਤਾ ਹੈ। ਖਾਸ ਤੌਰ 'ਤੇ ਮਹਾਰਾਸ਼ਟਰ ਦੇ ਗੜ੍ਹਚਿਰੌਲੀ, ਗੋਂਡੀਆ ਸ਼ਹਿਰੀ ਖੇਤਰ ਸੰਗਠਨ ਦੇ ਨਿਸ਼ਾਨੇ 'ਤੇ ਹਨ। ਇਸ ਦੇ ਨਾਲ ਹੀ ਇਸ ਪਾਬੰਦੀਸ਼ੁਦਾ ਸੰਗਠਨ ਵੱਲੋਂ ਬਿਹਾਰ, ਛੱਤੀਸਗੜ੍ਹ, ਉੜੀਸਾ ਅਤੇ ਝਾਰਖੰਡ ਦੇ ਕਈ ਸ਼ਹਿਰੀ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਸੰਗਠਨ ਨੇ ਨਕਸਲੀ ਸਰਗਰਮੀਆਂ ਅਤੇ ਪ੍ਰਭਾਵ ਵਧਾਉਣ ਲਈ ਵੱਡੀ ਯੋਜਨਾ ਬਣਾਈ ਹੈ।
ਸੂਤਰਾਂ ਦੀ ਮੰਨੀਏ ਤਾਂ ਇਸ ਮਾਓਵਾਦੀ ਸੰਗਠਨ ਨੇ ਸਰਕਾਰ ਦੇ ਹੁਕਮਾਂ ਖਿਲਾਫ਼ ਗਤੀਵਿਧੀਆਂ ਨੂੰ ਵਧਾਉਣ ਲਈ ਵਿਸ਼ੇਸ਼ ਆਦੇਸ਼ ਦਿੱਤੇ ਹਨ। ਦੇਸ਼ ਭਰ ਦੀਆਂ ਜੇਲ੍ਹਾਂ ਵਿਚ ਬੰਦ ਜਥੇਬੰਦੀ ਦੇ ਮੈਂਬਰਾਂ ਨੂੰ ਰਿਹਾਅ ਕਰਵਾਉਣ ਲਈ ਵੱਡੇ ਪੱਧਰ ’ਤੇ ਗੁਰੀਲਾ ਯੁੱਧ ਛੇੜਨ ਦੇ ਹੁਕਮ ਦਿੱਤੇ ਗਏ ਹਨ। ਆਪਣੇ ਹੁਕਮਾਂ ਵਿਚ ਇਸ ਜਥੇਬੰਦੀ ਨੇ ਕਬੂਲ ਕੀਤਾ ਹੈ ਕਿ ਉਸ ਨੇ ਦਿੱਲੀ ਵਿਚ ਕਿਸਾਨ ਅੰਦੋਲਨ ਵਿਚ ਵੀ ਗੁਪਤ ਘੁਸਪੈਠ ਕੀਤੀ ਸੀ।