
45 ਮਿੰਟਾਂ ’ਚ ਗੋਬਿੰਦ ਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਪਹੁੰਚ ਸਕਣਗੇ ਸ਼ਰਧਾਲੂ
ਨਵੀਂ ਦਿੱਲੀ: ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਰੋਪਵੇ ਪ੍ਰਾਜੈਕਟ ਜਲਦ ਪੂਰਾ ਹੋਵੇਗਾ। ਇਸ ਮਗਰੋਂ ਸ਼ਰਧਾਲੂ ਮਹਿਜ਼ 45 ਮਿੰਟਾਂ ’ਚ ਗੋਬਿੰਦ ਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਪਹੁੰਚ ਸਕਣਗੇ। ਵਿਕਰਮਜੀਤ ਸਿੰਘ ਸਾਹਨੀ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਗੋਬਿੰਦ ਘਾਟ ਤੋਂ ਗੋਬਿੰਦ ਧਾਮ ਅਤੇ ਸ੍ਰੀ ਹੇਮਕੁੰਟ ਸਾਹਿਬ ਤੱਕ ਰੋਪਵੇਅ ਪ੍ਰੋਜੈਕਟ ਜਲਦੀ ਹੀ ਸ਼ੁਰੂ ਹੋਵੇਗਾ ਅਤੇ 2 ਸਾਲਾਂ ਵਿਚ ਪੂਰਾ ਹੋ ਜਾਵੇਗਾ।
ਉਹਨਾਂ ਕਿਹਾ ਕਿ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੱਲੋਂ ਪਹਿਲਾਂ ਸੜਕ ਬਣਾਉਣ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ ਸੀ ਪਰ ਲਾਗੂ ਨਹੀਂ ਕੀਤਾ ਜਾ ਸਕਿਆ। ਸ਼ਰਧਾਲੂ ਰੋਪਵੇਅ ਗੋਬਿੰਦ ਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਤੱਕ ਮਹਿਜ਼ 45 ਮਿੰਟਾਂ ਵਿਚ ਸਫਰ ਕਰ ਸਕਣਗੇ। ਐਮਪੀ ਸਾਹਨੀ ਨੇ ਕਿਹਾ ਕਿ ਸਮੇਂ-ਸਮੇਂ 'ਤੇ ਪ੍ਰਾਜੈਕਟ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਦੁਬਾਰਾ ਨਾ ਰੁਕੇ।
ਦੱਸ ਦੇਈਏ ਕਿ ਹਾਲ ਹੀ ਵਿਚ ਵਿਕਰਮਜੀਤ ਸਾਹਨੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਉੱਤਰਾਖੰਡ ਦੇ ਗੋਬਿੰਦ ਘਾਟ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨਾਲ ਜੋੜਨ ਵਾਲੇ ਰੋਪਵੇਅ ਪ੍ਰਾਜੈਕਟ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਸੀ। ਉਹਨਾਂ ਕਿਹਾ ਸੀ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਉਤਰਾਖੰਡ ਵਿਖੇ ਹਰ ਰੋਜ਼ 5000 ਦੇ ਕਰੀਬ ਸ਼ਰਧਾਲੂ ਆਉਂਦੇ ਹਨ, ਜਿਨ੍ਹਾਂ ਨੂੰ ਖਰਾਬ ਮੌਸਮ ਕਾਰਨ ਕਈ ਮੁਸ਼ਕਿਲਾਂ ਆਉਂਦੀਆਂ ਹਨ।
ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸ਼ਰਧਾਲੂਆਂ ਨੂੰ ਧਿਆਨ ਵਿਚ ਰੱਖਦਿਆਂ ਰੋਪਵੇਅ ਪ੍ਰਾਜੈਕਟ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇ। ਇਸ ਦੇ ਨਾਲ ਹੀ ਇਹ ਪ੍ਰਾਜੈਕਟ ਇਲਾਕੇ ਵਿਚ ਆਰਥਿਕ ਅਤੇ ਸੈਰ ਸਪਾਟਾ ਗਤੀਵਿਧੀਆਂ ਨੂੰ ਵੀ ਹੁਲਾਰਾ ਦੇਵੇਗਾ।