
ਸੋਸ਼ਲ ਮੀਡੀਆ 'ਤੇ ਟਿੱਪਣੀ ਕਰਨ ਨੂੰ ਲੈ ਕੇ ਹੋਈ ਤਕਰਾਰ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਮੁੱਲਾਂਪੁਰ ਰੋਡ 'ਤੇ ਸਥਿਤ ਇਕ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ। ਇਸ ਖੂਨੀ ਝੜਪ 'ਚ 4 ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਨੌਜਵਾਨਾਂ ਦੀ ਲੜਾਈ ਦਾ ਕਾਰਨ ਇੰਸਟਾਗ੍ਰਾਮ 'ਤੇ ਕੀਤੀ ਗਈ ਟਿੱਪਣੀ ਹੈ।
ਯੂਨੀਵਰਸਿਟੀ ਵੱਲੋਂ ਕਨਵੋਕੇਸ਼ਨ ਦੀ ਪੋਸਟ ਸੋਸ਼ਲ ਮੀਡੀਆ 'ਤੇ ਪਾਈ ਗਈ ਸੀ। ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਨੇ ਉਸ ਪੋਸਟ 'ਤੇ ਟਿੱਪਣੀ ਕੀਤੀ ਸੀ ਕਿ ਇਹ ਪੋਸਟ ਸਹੀ ਢੰਗ ਨਾਲ ਪੋਸਟ ਨਹੀਂ ਕੀਤੀ ਗਈ। ਇਸ ਦਾ ਯੂਨੀਵਰਸਿਟੀ ਵਿੱਚ ਪੜ੍ਹਦੇ ਮੌਜੂਦਾ ਵਿਦਿਆਰਥੀਆਂ ਵੱਲੋਂ ਵਿਰੋਧ ਕੀਤਾ ਗਿਆ। ਯੂਨੀਵਰਸਿਟੀ ਦੀ ਕਨਵੋਕੇਸ਼ਨ ਦੌਰਾਨ ਪੁਰਾਣੇ ਵਿਦਿਆਰਥੀ ਆਪਣੀਆਂ ਡਿਗਰੀਆਂ ਲੈਣ ਪਹੁੰਚੇ ਹੋਏ ਸਨ।
ਯੂਨੀਵਰਸਿਟੀ ਵਿੱਚ ਉਹਨਾਂ ਦੀ ਜੂਨੀਅਰ ਵਿਦਿਆਰਥੀਆਂ ਨਾਲ ਬਹਿਸ ਹੋ ਗਈ। ਇਸ ਦੌਰਾਨ 5 ਪੁਰਾਣੇ ਵਿਦਿਆਰਥੀ ਯੂਨੀਵਰਸਿਟੀ ਦੇ ਬਾਹਰ ਇਕੱਠੇ ਹੋ ਗਏ ਅਤੇ ਜੂਨੀਅਰ ਵਿਦਿਆਰਥੀਆਂ ਨਾਲ ਭਿੜਕ ਗਏ। ਜੂਨੀਅਰ ਵਿਦਿਆਰਥੀਆਂ ਦੀ ਗਿਣਤੀ 30 ਤੋਂ 35 ਦੱਸੀ ਜਾਂਦੀ ਹੈ, ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਅਤੇ ਬੇਸਬਾਲ ਬੈਟ ਆਦਿ ਸਨ।
ਕੁਝ ਹੀ ਸਮੇਂ ਵਿੱਚ ਯੂਨੀਵਰਸਿਟੀ ਦੇ ਬਾਹਰ ਜੰਗ ਦਾ ਮੈਦਾਨ ਬਣ ਗਿਆ। ਦੋਵਾਂ ਧਿਰਾਂ ਵਿੱਚ ਝੜਪ ਹੋ ਗਈ। ਝੜਪ ਦੌਰਾਨ ਪੁਰਾਣੇ ਵਿਦਿਆਰਥੀਆਂ ਵਿੱਚੋਂ 4 ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਜਾਨੂ ਸ਼ਰਮਾ, ਗੌਰਵ, ਮਨਜੀਤ ਮੱਟੂ, ਗੁਰਸ਼ਰਨ ਵਜੋਂ ਹੋਈ ਹੈ। ਕਰੀਬ 3 ਵਿਦਿਆਰਥੀਆਂ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ। ਜ਼ਖ਼ਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ।