
ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਗਿਣਾਏ ਖੇਤੀ ਕਾਨੂੰਨਾਂ ਦੇ ਫਾਇਦੇ
ਨਵੀਂ ਦਿੱਲੀ: ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਸ਼ਨੀਵਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਸਾਲ 2022 ਤੱਕ ਅੰਨਦਾਤਾਵਾਂ ਦੀ ਆਮਦਨ ਦੁੱਗਣੀ ਕਰਨ ਦਾ ਸਾਧਨ ਦੱਸਿਆ। ਉਹਨਾਂ ਨੇ ਦਾਅਵਾ ਕੀਤਾ ਕਿ ਇਹਨਾਂ ਕਾਨੂੰਨਾਂ ਖਿਲਾਫ਼ ਜਾਰੀ ਅੰਦੋਲਨ ਵਿਚ ਦੇਸ਼ ਦੇ ਸਿਰਫ਼ ਇਕ-ਦੋ ਫੀਸਦੀ ਕਿਸਾਨ ਹੀ ਸ਼ਾਮਲ ਹਨ।
Anurag Thakur
ਅਨੁਰਾਗ ਠਾਕੁਰ ਨੇ ਕਿਹਾ ਕਿ ਦੇਸ਼ ਵਿਚ ਕੁਝ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧੀ ਪੂਰੇ ਦੇਸ਼ ਦੇ ਕਿਸਾਨਾਂ ਦੀ ਆਮਦਨ ਵਿਚ ਹੋਣ ਵਾਲੇ ਵਾਧੇ ‘ਤੇ ਰੋਕ ਲਗਾਉਣਾ ਚਾਹੁੰਦੇ ਹਨ, ਇਹ ਉਚਿਤ ਨਹੀਂ ਹੈ। ਉਹਨਾਂ ਕਿਹਾ ਕਿ ਮੀਡੀਆ ਦਾ ਇਕ ਵਰਗ ਦਿਖਾਉਂਦਾ ਹੈ ਕਿ ਅੰਦੋਲਨ ਵਿਚ ਕਿਸਾਨ ਸ਼ਾਮਲ ਹਨ ਪਰ ਉਹਨਾਂ 95 ਫੀਸਦੀ ਕਿਸਾਨਾਂ ਨੂੰ ਵੀ ਦਿਖਾਓ ਜੋ ਇਹਨਾਂ ਕਾਨੂੰਨਾਂ ਤੋਂ ਖੁਸ਼ ਹਨ।
Farmer Protest
ਅਨੁਰਾਗ ਠਾਕੁਰ ਨੇ ਵਿਰੋਧੀਆਂ ‘ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੀ ਆੜ ‘ਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਨਵੇਂ ਖੇਤੀ ਕਾਨੂੰਨਾਂ ਦੇ ਅਮਲ ਵਿਚ ਆਉਣ ਤੋਂ ਬਾਅਦ ਸਰਕਾਰ ਐਮਐਸਪੀ ‘ਤੇ ਫਸਲ ਖਰੀਦਣਾ ਬੰਦ ਕਰ ਦੇਵੇਗੀ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨੇ ਕਿਸਾਨਾਂ ਨੂੰ ਇਹ ਅਜ਼ਾਦੀ ਦਿੱਤੀ ਹੈ ਕਿ ਉਹ ਅਪਣੀਆਂ ਫਸਲਾਂ ਮੰਨ ਮੁਤਾਬਕ ਕੀਮਤਾਂ ‘ਤੇ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਵੇਚ ਸਕਦੇ ਹਨ।
PM Modi
ਜ਼ਿਕਰਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ-ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਸੂਬੇ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਪਰ ਸਰਕਾਰ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਹੈ। ਇਸ ਦੌਰਾਨ ਭਾਜਪਾ ਵੱਲੋਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਦੱਸਣ ਲਈ ਲਗਾਤਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।