
ਜ਼ਮਾਨਤ ਲਈ ਆਪਣੀ ਧੀ ਦੇ ਵਿਆਹ ਦਾ ਦਿੱਤਾ ਹਵਾਲਾ
ਨਵੀਂ ਦਿੱਲੀ - ਉੱਤਰ ਪ੍ਰਦੇਸ਼ ਦੇ ਉਨਾਓ ਵਿੱਚ 2017 ਵਿੱਚ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੇ ਸੋਮਵਾਰ ਨੂੰ ਅੰਤਰਿਮ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ।
ਭਾਰਤੀ ਜਨਤਾ ਪਾਰਟੀ ਨੇ ਸੇਂਗਰ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ।
ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਤਲਵੰਤ ਸਿੰਘ ਦੇ ਡਿਵੀਜ਼ਨ ਬੈਂਚ ਨੇ ਇਹ ਮਾਮਲਾ 22 ਦਸੰਬਰ ਨੂੰ ਸੁਣਵਾਈ ਲਈ ਕਿਸੇ ਹੋਰ ਬੈਂਚ ਅੱਗੇ ਸੂਚੀਬੱਧ ਕਰਨ ਦਾ ਨਿਰਦੇਸ਼ ਦਿੱਤਾ ਹੈ।
ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ, “ਇਸ ਅਰਜ਼ੀ ਨੂੰ ਉਸ ਬੈਂਚ ਦੇ ਸਾਹਮਣੇ ਸੂਚੀਬੱਧ ਕਰੋ ਜਿਸ ਵਿੱਚ ਸਾਡੇ ਵਿੱਚੋਂ ਇੱਕ ਮੈਂਬਰ (ਜਸਟਿਸ ਤਲਵੰਤ ਸਿੰਘ) ਸ਼ਾਮਲ ਨਾ ਹੋਣ। ਇਹ ਹੁਕਮ ਚੀਫ਼ ਜਸਟਿਸ ਦੀ ਸਹਿਮਤੀ 'ਤੇ ਨਿਰਭਰ ਕਰੇਗਾ।
ਅਦਾਲਤ ਨੂੰ ਦੱਸਿਆ ਗਿਆ ਕਿ ਸੇਂਗਰ 8 ਫਰਵਰੀ ਨੂੰ ਆਪਣੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦੋ ਮਹੀਨਿਆਂ ਲਈ ਅੰਤਰਿਮ ਜ਼ਮਾਨਤ ਦੀ ਮੰਗ ਕਰ ਰਿਹਾ ਹੈ।
ਸੇਂਗਰ ਦੇ ਵਕੀਲ ਨੇ ਕਿਹਾ ਕਿ ਵਿਆਹ ਦੀਆਂ ਰਸਮਾਂ 18 ਜਨਵਰੀ ਤੋਂ ਸ਼ੁਰੂ ਹੋਣਗੀਆਂ।
ਉਨਾਓ ਬਲਾਤਕਾਰ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਸੇਂਗਰ ਦੀ ਅਪੀਲ ਪਹਿਲਾਂ ਹੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ।
ਭਾਜਪਾ 'ਚੋਂ ਕੱਢੇ ਗਏ ਸੇਂਗਰ ਨੇ ਆਪਣੀ ਅਪੀਲ ਵਿੱਚ ਹੇਠਲੀ ਅਦਾਲਤ ਦੇ 16 ਦਸੰਬਰ, 2019 ਦੇ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ 'ਚ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਸੇਂਗਰ ਨੇ 20 ਦਸੰਬਰ, 2019 ਦੇ ਹੁਕਮ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਹੈ, ਜਿਸ 'ਚ ਉਸ ਨੂੰ ਆਪਣੀ ਜ਼ਿੰਦਗੀ ਦੇ ਆਖਰੀ ਪਲਾਂ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਸੇਂਗਰ ਨੂੰ 2017 ਵਿੱਚ ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਅਤੇ ਉਸ ਨਾਲ ਬਲਾਤਕਾਰ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਸੀ।
ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਕੇਸ ਨੂੰ ਉਨਾਵ ਤੋਂ ਦਿੱਲੀ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਇਸ ਤੋਂ ਬਾਅਦ 5 ਅਗਸਤ, 2019 ਨੂੰ ਰੋਜ਼ਾਨਾ ਆਧਾਰ 'ਤੇ ਸੁਣਵਾਈ ਸ਼ੁਰੂ ਹੋਈ ਸੀ।