
ਚੰਡੀਗੜ੍ਹ ਮੇਅਰ ਦੇ ਅਹੁਦੇ ਲਈ ਹੋਈਆਂ ਚੋਣਾਂ ਖ਼ਿਲਾਫ਼ ਦਰਜ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ 4 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਚੰਡੀਗੜ੍ਹ: ਨਗਰ ਨਿਗਮ ਚੰਡੀਗੜ੍ਹ ਮੇਅਰ ਦੇ ਅਹੁਦੇ ਲਈ ਹੋਈਆਂ ਚੋਣਾਂ ਖ਼ਿਲਾਫ਼ ਦਰਜ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ 4 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦਰਅਸਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ।
ਜਾਣਕਾਰੀ ਮੁਤਾਬਕ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੀਨੀਅਰ ਸਟੈਂਡਿੰਗ ਕੌਂਸਲ ਅਨਿਲ ਮਹਿਤਾ ਨੇ ਇਸ ਪਟੀਸ਼ਨ 'ਤੇ ਕੁਝ ਤਕਨੀਕੀ ਸਵਾਲ ਖੜ੍ਹੇ ਕੀਤੇ, ਜਿਸ 'ਤੇ ਹਾਈ ਕੋਰਟ ਨੇ ਪਟੀਸ਼ਨਰਾਂ ਤੋਂ ਜਵਾਬ ਮੰਗਦਿਆਂ ਕਿਹਾ ਕਿ ਜਾਂ ਤਾਂ ਪਟੀਸ਼ਨ ਬਿਹਤਰ ਤੱਥਾਂ ਦੇ ਨਾਲ ਨਵੇਂ ਸਿਰੇ ਤੋਂ ਦਾਇਰ ਕੀਤੀ ਜਾਵੇ ਜਾਂ ਇਸ ਪਟੀਸ਼ਨ ਵਿਚ ਸੋਧ ਕੀਤੀ ਜਾਵੇ। ਇਸ ਲਈ ਪਟੀਸ਼ਨਰਾਂ ਨੇ ਪਟੀਸ਼ਨ 'ਚ ਸੋਧਾਂ ਕਰਨ ਲਈ ਸਮਾਂ ਮੰਗਿਆ, ਜਿਸ 'ਤੇ ਹਾਈ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ 4 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
Chandigarh Municipal Corporation
ਦੱਸ ਦੇਈਏ ਕਿ ਮੇਅਰ ਦੇ ਅਹੁਦੇ ਲਈ ਹੋਈ ਚੋਣ ਦੌਰਾਨ ਉਸ ਸਮੇਂ ਕਾਫੀ ਵਿਵਾਦ ਖੜ੍ਹਾ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਦੀ ਇਕ ਵੋਟ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਤਰ੍ਹਾਂ ਨਿਗਮ ਦੇ ਮੇਅਰ ਦੇ ਅਹੁਦੇ ਲਈ ਭਾਜਪਾ ਉਮੀਦਵਾਰ ਦੀ ਚੋਣ ਕੀਤੀ ਗਈ। ਇਸ ਚੋਣ ਨੂੰ ਹੁਣ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ।