PM ਮੋਦੀ ਅਪਣੇ 3 ਦੇਸ਼ਾਂ ਦੇ ਦੌਰੇ ਦੇ ਪਹਿਲੇ ਪੜਾਅ ਵਿਚ ਜਾਪਾਨ ਪਹੁੰਚੇ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਪਣੇ 3 ਦੇਸ਼ਾਂ ਦੇ ਦੌਰੇ ਦੇ ਪਹਿਲੇ ਪੜਾਅ ਵਿਚ ਜਾਪਾਨ ਪਹੁੰਚ ਗਏ ਹਨ। ਇਸ ਦੌਰਾਨ ਪੀਐਮ ਮੋਦੀ ਕਈ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਮੁੱਖ ਮੰਤਰੀਆਂ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀਰੋਸ਼ੀਮਾ ਵਿਚ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨਾਲ ਵੀ ਮੁਲਾਕਾਤ ਕੀਤੀ।
ਇਸ ਦੌਰਾਨ ਦੋਵਾਂ ਨੇ ਹੱਥ ਮਿਲਾਇਆ ਅਤੇ ਇਕ ਦੂਜੇ ਨੂੰ ਜੱਫੀ ਵੀ ਪਾਈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਹੈ ਕਿ ਗਲੋਬਲ ਚੁਣੌਤੀਆਂ ਨਾਲ ਨਜਿੱਠਣ ਵਿਚ ਜੀ-7 ਅਤੇ ਜੀ-20 ਦੇਸ਼ਾਂ ਵਿਚ ਸਹਿਯੋਗ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਭੂ-ਰਾਜਨੀਤਿਕ ਤਣਾਅ ਕਾਰਨ ਭੋਜਨ ਅਤੇ ਊਰਜਾ ਸਪਲਾਈ ਲੜੀ ਪ੍ਰਭਾਵਿਤ ਹੋਈ ਹੈ। ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਯੁੱਧ ਬਾਰੇ ਪੀਐਮ ਮੋਦੀ ਨੇ ਕਿਹਾ ਕਿ ਅਸੀਂ ਅੰਤਰਰਾਸ਼ਟਰੀ ਵਿਵਸਥਾ 'ਤੇ ਆਧਾਰਿਤ ਰਾਸ਼ਟਰੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਸਨਮਾਨ ਦਾ ਜ਼ੋਰਦਾਰ ਸਮਰਥਨ ਕਰਦੇ ਹਾਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਹੀਰੋਸ਼ੀਮਾ ਵਿਚ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨਾਲ ਵੀ ਮੁਲਾਕਾਤ ਕੀਤੀ। ਮੀਟਿੰਗ ਦੌਰਾਨ, ਦੋਵਾਂ ਨੇਤਾਵਾਂ ਨੇ ਵਪਾਰ, ਆਰਥਿਕਤਾ ਅਤੇ ਸੱਭਿਆਚਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਭਾਰਤ-ਜਾਪਾਨ ਦੋਸਤੀ ਨੂੰ ਵਧਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ।