
ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਨਿਤਿਨ ਗਡਕਰੀ ਨੂੰ ਦਿਖਾਈਆਂ ਤਖ਼ਤੀਆਂ
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਪ੍ਰਦਰਸ਼ ਕੀਤਾ। ਇਸ ਦੌਰਾਨ ਉਹਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਤਖ਼ਤੀਆਂ ਦਿਖਾਈਆਂ।
Sukhbir Badal and Harsimrat Badal protest for release of bandi Singhs
ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਦੀ ਸਿੱਖਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ। ਅਜੇ ਤੱਕ ਉਹਨਾਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਕਿਹਾ ਸੀ ਕਿ ਤੁਸੀਂ ਬੰਦੀ ਸਿੱਖਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ। ਜਵਾਬ ਵਿਚ ਗ੍ਰਹਿ ਮੰਤਰੀ ਸ਼ਾਹ ਨੇ ਹਾਂ ਵਿਚ ਸਿਰ ਹਿਲਾ ਦਿੱਤਾ।
Sukhbir Badal and Harsimrat Badal protest for release of bandi Singhs
ਸੁਖਬੀਰ ਬਾਦਲ ਨੇ ਕਿਹਾ. “2019 ਵਿਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ, ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਅਤੇ ਉਸੇ ਸਾਲ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ 8 ਬੰਦੀ ਸਿੰਘਾਂ ਦੀ ਰਿਹਾਈ ਦਾ ਕੀਤਾ ਵਾਅਦਾ ਭਾਰਤ ਸਰਕਾਰ ਨੂੰ ਯਾਦ ਕਰਵਾਉਣ ਲਈ ਪਾਰਲੀਮੈਂਟ ਵਿਖੇ ਧਰਨਾ ਦਿੱਤਾ। ਉਹਨਾਂ ਕਿਹਾ ਕਿ ਸਿੱਖ ਭਾਈਚਾਰਾ ਅਤੇ ਸਮੂਹ ਪੰਜਾਬੀ ਬੜੀ ਬੇਸਬਰੀ ਨਾਲ ਭਾਰਤ ਸਰਕਾਰ ਵੱਲੋਂ ਆਪਣਾ ਵਾਅਦਾ ਪੁਗਾਏ ਜਾਣ ਦੀ ਉਡੀਕ ਕਰ ਰਹੇ ਹਨ”।
Sukhbir Badal and Harsimrat Badal protest for release of bandi Singhs
ਇਸ ਦੇ ਨਾਲ ਹੀ ਅਕਾਲੀ ਦਲ ਨੇ ਦਿੱਲੀ ਦੇ ਜੰਤਰ-ਮੰਤਰ 'ਤੇ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਕਈ ਬੰਦੀ ਸਿੱਖ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸ ਦੇ ਬਾਵਜੂਦ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਹਨਾਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਰਿਹਾਅ ਕਰਨ ਦਾ ਕਾਨੂੰਨੀ ਹੱਕ ਹੈ।