
ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਇਹ ਵੀਡੀਓ ਸਾਡੇ ਧਿਆਨ ਵਿਚ ਆਇਆ, ਅਸੀਂ ਦੋਸ਼ੀਆਂ ਦੀ ਪਛਾਣ ਕਰਕੇ ਕਾਰਵਾਈ ਕੀਤੀ
ਮਣੀਪੁਰ - ਮਣੀਪੁਰ ਵਿਚ ਦੋ ਔਰਤਾਂ ਤੋਂ ਨਗਨ ਹਾਲਤ ਵਿਚ ਪਰੇਡ ਕਰਵਾਉਣ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਵੀਰਵਾਰ (20 ਜੁਲਾਈ) ਨੂੰ ਕਿਹਾ ਕਿ ਇਹ ਮਨੁੱਖਤਾ ਵਿਰੁੱਧ ਅਪਰਾਧ ਹੈ। ਅਸੀਂ ਵੀਡੀਓ ਦੇਖ ਕੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ। ਇੱਕ ਮੁਲਜ਼ਮ ਨੂੰ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ, ਹੁਣ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਇਹ ਵੀਡੀਓ ਸਾਡੇ ਧਿਆਨ ਵਿਚ ਆਇਆ, ਅਸੀਂ ਦੋਸ਼ੀਆਂ ਦੀ ਪਛਾਣ ਕਰਕੇ ਕਾਰਵਾਈ ਕੀਤੀ। ਅਸੀਂ ਇੱਕ ਮਿੰਟ ਵੀ ਬਰਬਾਦ ਨਹੀਂ ਕੀਤਾ। ਹੁਣ ਤੱਕ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ 'ਚ ਸ਼ਾਮਲ ਹੋਰ ਲੋਕਾਂ ਨੂੰ ਵੀ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਸਾਰੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣਗੇ ਅਤੇ ਮੌਤ ਦੀ ਸਜ਼ਾ ਦਿਵਾਉਣ ਦੀ ਵੀ ਕੋਸ਼ਿਸ਼ ਕਰਨਗੇ।
ਇਸ ਮਾਮਲੇ 'ਤੇ ਮਣੀਪੁਰ ਦੀ ਰਾਜਪਾਲ ਅਨੁਸੂਈਆ ਉਈਕੇ ਨੇ ਕਿਹਾ ਕਿ ਇਹ ਘਟਨਾ ਨਿੰਦਣਯੋਗ ਹੈ। ਮੈਂ ਡੀਜੀਪੀ ਨੂੰ ਫੋਨ ਕਰਕੇ ਸਾਰੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਮੈਂ ਉਸ ਨੂੰ ਪੁੱਛਿਆ ਕਿ ਜਿਸ ਥਾਣੇ ਵਿਚ ਐਫਆਈਆਰ ਦਰਜ ਕੀਤੀ ਗਈ ਸੀ, ਉੱਥੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਜੇਕਰ ਪੁਲਿਸ ਕਰਮਚਾਰੀ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।