
ਸੀਬੀਆਈ ਨੇ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਦੇ ਸਾਹਮਣੇ ਪਟੀਸ਼ਨ ਦਾਇਰ ਕੀਤੀ ਸੀ
Lalu Prasad Yadav News : ਸੀਬੀਆਈ ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੂੰ ਦੱਸਿਆ ਕਿ ਉਸ ਨੇ ਕਥਿਤ ਤੌਰ 'ਤੇ ਜ਼ਮੀਨ ਲਈ ਨੌਕਰੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਵਿਰੁੱਧ ਮੁਕੱਦਮਾ ਚਲਾਉਣ ਲਈ ਸਬੰਧਤ ਅਧਿਕਾਰੀਆਂ ਤੋਂ ਲੋੜੀਂਦੀ ਮਨਜ਼ੂਰੀ ਹਾਸਲ ਕਰ ਲਈ ਹੈ। ਸੀਬੀਆਈ ਨੇ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਦੇ ਸਾਹਮਣੇ ਪਟੀਸ਼ਨ ਦਾਇਰ ਕੀਤੀ ਸੀ।
ਕੇਂਦਰੀ ਜਾਂਚ ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਇਸ ਕੇਸ ਵਿੱਚ ਕਰੀਬ 30 ਹੋਰ ਆਰੋਪੀ ਹਨ ,ਜਿਨ੍ਹਾਂ ਲਈ ਮੁਕੱਦਮੇ ਦੀ ਮਨਜ਼ੂਰੀ ਦੀ ਉਡੀਕ ਹੈ ਅਤੇ ਅਦਾਲਤ ਨੂੰ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਲਈ 15 ਹੋਰ ਦਿਨ ਦੇਣ ਦੀ ਬੇਨਤੀ ਕੀਤੀ ਹੈ।
ਅਦਾਲਤ ਨੇ ਸੀਬੀਆਈ ਨੂੰ ਹੋਰ ਮੁਲਜ਼ਮਾਂ ਲਈ ਕਲੀਅਰੈਂਸ ਹਾਸਲ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਮਾਮਲੇ ਦੀ ਅਗਲੀ ਸੁਣਵਾਈ 15 ਅਕਤੂਬਰ ਨੂੰ ਤੈਅ ਕੀਤੀ ਹੈ।
ਅਧਿਕਾਰੀਆਂ ਮੁਤਾਬਕ ਇਹ ਮਾਮਲਾ ਮੱਧ ਪ੍ਰਦੇਸ਼ ਦੇ ਜਬਲਪੁਰ ਸਥਿਤ ਰੇਲਵੇ ਦੇ ਪੱਛਮੀ ਮੱਧ ਜ਼ੋਨ 'ਚ ਗਰੁੱਪ-ਡੀ ਦੀਆਂ ਨਿਯੁਕਤੀਆਂ ਨਾਲ ਸਬੰਧਤ ਹੈ। ਇਹ ਨਿਯੁਕਤੀਆਂ ਲਾਲੂ ਪ੍ਰਸਾਦ ਦੇ 2004 ਤੋਂ 2009 ਦਰਮਿਆਨ ਰੇਲ ਮੰਤਰੀ ਦੌਰਾਨ ਕੀਤੀਆਂ ਗਈਆਂ ਸਨ। ਇਨ੍ਹਾਂ ਨਿਯੁਕਤੀਆਂ ਦੇ ਬਦਲੇ 'ਚ ਸ਼ਾਮਲ ਲੋਕਾਂ ਦੁਆਰਾ ਆਰਜੇਡੀ ਸੁਪਰੀਮੋ ਦੇ ਪਰਿਵਾਰ ਜਾਂ ਸਹਿਯੋਗੀਆਂ ਦੇ ਨਾਮ ਜ਼ਮੀਨ ਦੇ ਟੁਕੜੇ ਤੋਹਫ਼ੇ ਵਿੱਚ ਦਿੱਤੇ ਗਏ ਜਾਂ ਟ੍ਰਾਂਸਫਰ ਕੀਤੇ ਗਏ।
ਏਜੰਸੀ ਨੇ 18 ਮਈ, 2022 ਨੂੰ ਪ੍ਰਸਾਦ ਅਤੇ ਉਸ ਦੀ ਪਤਨੀ, ਦੋ ਧੀਆਂ, ਅਣਪਛਾਤੇ ਸਰਕਾਰੀ ਕਰਮਚਾਰੀਆਂ ਅਤੇ ਨਿੱਜੀ ਵਿਅਕਤੀਆਂ ਸਮੇਤ 15 ਹੋਰਾਂ ਵਿਰੁੱਧ ਕੇਸ ਦਰਜ ਕੀਤਾ ਸੀ।