
ਸ਼ਾਹਪੁਰਾ, ਗੁਰੂਗ੍ਰਾਮ ਅਤੇ ਨੋਇਡਾ ਵਿੱਚ ਕਰਦੇ ਸਨ ਹਾਊਸਕੀਪਿੰਗ
Delhi Police news : ਦੱਖਣ-ਪੱਛਮੀ ਜ਼ਿਲ੍ਹਾ ਪੁਲਿਸ ਆਪ੍ਰੇਸ਼ਨ ਸੈੱਲ ਨੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਗੈਰ-ਕਾਨੂੰਨੀ ਅਫਰੀਕੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਈਜੀਰੀਅਨ ਹਾਈ ਕਮਿਸ਼ਨ ਅਤੇ ਇਮੀਗ੍ਰੇਸ਼ਨ ਵਿਭਾਗ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਪਤਾ ਲੱਗਾ ਕਿ ਇਹ ਤਿੰਨੋਂ ਵਿਅਕਤੀ ਭਾਰਤ ਆਏ ਸਨ, ਪਰ ਫਿਰ ਕਦੇ ਆਪਣੇ ਦੇਸ਼ ਨਹੀਂ ਪਰਤੇ। ਤਿੰਨਾਂ ਕੋਲ ਵੀਜ਼ਾ ਦਸਤਾਵੇਜ਼ ਨਹੀਂ ਸਨ ਅਤੇ ਉਨ੍ਹਾਂ ਨੇ ਖੁਦ ਗੈਰ-ਕਾਨੂੰਨੀ ਪ੍ਰਵਾਸੀ ਹੋਣ ਦੀ ਗੱਲ ਵੀ ਸਵੀਕਾਰ ਕੀਤੀ। ਦਿੱਲੀ ਪੁਲਿਸ ਨੇ ਪੂਰੀ ਜਾਂਚ ਕਰਨ ਤੋਂ ਬਾਅਦ ਇਨ੍ਹਾਂ ਖਿਲਾਫ਼ ਇਹ ਕਾਰਵਾਈ ਕੀਤੀ।
ਹਿਰਾਸਤ ’ਚ ਲਏ ਗਏ ਵਿਅਕਤੀਆਂ ਦੀ ਪਛਾਣ ਏਲਾਮੁਨੋ ਗੈਬਰੀਅਲ, ਚਿਨੇਡੂ ਪੌਲਿਨਸ ਅਤੇ ਸੁਨੁਸੀ ਸਾਨੀ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਹ ਵਿਅਕਤੀ ਸ਼ਾਹਪੁਰਾ (ਦਿੱਲੀ), ਗੁਰੂਗ੍ਰਾਮ ਅਤੇ ਨੋਇਡਾ ਵਿੱਚ ਆਪਣੇ ਅਫਰੀਕੀ ਦੋਸਤਾਂ ਦੇ ਨਾਲ ਮਿਲ ਕੇ ਹਾਊਸਕੀਪਿੰਗ ਦਾ ਕੰਮ ਕਰਦੇ ਸਨ। ਇਹ ਸਾਰੇ ਦਵਾਰਕਾ ਦੇ ਸੈਕਟਰ 01,ਪਾਲਮ ਪਿੰਡ ਦੇ ਕੋਲ ਰਹਿ ਰਹੇ ਸਨ ਅਤੇ ਹਿਰਾਸਤ ਦੇ ਸਮੇਂ ਇਹ ਕੰਮ ਦੀ ਭਾਲ ਵਿਚ ਸਨ।
ਦਿੱਲੀ ਪੁਲਿਸ ਨੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫਤਰ, ਨਵੀਂ ਦਿੱਲੀ ਦੇ ਸਹਿਯੋਗ ਨਾਲ ਇਨ੍ਹਾਂ ਦੇ ਦੇਸ਼ ਨਿਕਾਲੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਗੈਰਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿੱਲੀ ਪੁਲਿਸ ਦੀ ਚੌਕਸੀ ਨੂੰ ਦਰਸਾਉਂਦੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਗਤੀਵਿਧੀਆਂ ’ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਕਾਰਵਾਈ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਦਿੱਲੀ ਪੁਲਿਸ ਗੈਰਕਾਨੂੰਨੀ ਪ੍ਰਵਾਸ ਦੇ ਖਿਲਾਫ਼ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਅ ਰਹੀ ਹੈ।